06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕਰਵਾਏ ਸਮਾਗਮ ਦੌਰਾਨ ਕੀਰਤਨ ਕਰਦਾ ਹੋਇਆ ਰਾਗੀ ਜਥਾ | ਤਸਵੀਰ : ਵਰਿੰਦਰਜੀਤ ਸਿੰਘ <br/> 17-06-2025
ਐੱਸ. ਏ. ਐੱਸ. ਨਗਰ, 16 ਜੂਨ (ਪ੍ਰੋ. ਅਵਤਾਰ ਸਿੰਘ)-ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ | ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਚੱਲੇ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਭਾਈ ਸਤਨਾਮ ਸਿੰਘ ਟਾਂਡਾ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੀਵਨ ਬਿ੍ਤਾਂਤ ਸੰਗਤਾਂ ਨੂੰ ਵਿਸਥਾਰ 'ਚ ਸੁਣਾਇਆ | ਇਸ ਤੋਂ ਬਾਅਦ ਭਾਈ ਜਤਿੰਦਰ ਸਿੰਘ ਦਿਲਗੀਰ ਦੇ ਰਾਗੀ ਜਥੇ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ, ਜਦ ਕਿ ਸ਼੍ਰੋਮਣੀ ਪ੍ਰਚਾਰਕ ਭਾਈ ਸਤਨਾਮ ਸਿੰਘ ਸ੍ਰੀ ਪੰਜੋਖਰਾ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਗਵਾਲੀਅਰ ਦੇ ਕਿਲ੍ਹੇ 'ਚੋਂ 52 ਰਾਜਿਆਂ ਨੂੰ ਮੁਕਤ ਕਰਵਾਉਣ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਇਸੇ ਦੌਰਾਨ ਬੀਬੀ ਇੰਦਰਪ੍ਰੀਤ ਕੌਰ ਸ਼੍ਰੋਮਣੀ ਪ੍ਰਚਾਰਕ ਭਾਈ ਬੇਅੰਤ ਸਿੰਘ, ਭਾਈ ਸਰੂਪ ਸਿੰਘ, ਸ਼ੇਰ-ਏ-ਪੰਜਾਬ ਕਵੀਸ਼ਰੀ ਜਥੇ, ਭਾਈ ਕੁਲਦੀਪ ਸਿੰਘ, ਭਾਈ ਬਲਜੀਤ ਸਿੰਘ ਤੇ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਜਥੇ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਨਿਤਿਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੁਖਵਿੰਦਰ ਸਿੰਘ ਤੇ ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿਜਸ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਦਿਹਾੜੇ ਦੀ ਖੁਸ਼ੀ 'ਚ ਦਰਬਾਰ ਸਾਹਿਬ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ, ਜਦ ਕਿ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ |
ਪਿਛਲੀ ਖ਼ਬਰ ਸੜਕ ਦੇ ਨਿਰਮਾਣ ਦੀ ਮੰਗ ਨੂੰ ਲੈ ਕੇ ਸੰਨੀ ਇਨਕਲੇਵ ਖਰੜ ਦੀਆਂ ਰੈਜੀਡੈਂਟਸ ਤੇ ਮਾਰਕੀਟ ਐਸੋਸੀਏਸ਼ਨਾਂ ਵਲੋਂ ਰੋਸ ਪ੍ਰਦਰ... ਅਗਲੀ ਖ਼ਬਰ ਦੋਧੀ ਤੇ ਡੇਅਰੀ ਯੂਨੀਅਨ ਖਰੜ ਨੇ ਲਗਾਈ ਠੰਢੇ-ਮਿੱਠੇ ਜਲ ਦੀ ਛਬੀਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।