ਐੱਸ. ਏ. ਐੱਸ. ਨਗਰ, 17 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਡੇਂਗੂ-ਵਿਰੋਧੀ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਦਿੱਤੀ ਹੈ | ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਵਲ ਸਰਜਨ ਨੇ ਆਖਿਆ ਕਿ 'ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ' ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਵਿਚ ਇਸ ਵਾਰ ਵੀ ਡੇਂਗੂ ਬੁਖ਼ਾਰ ਦੇ ਮਾਮਲਿਆਂ ਦੀ ਰੋਕਥਾਮ ਹੋ ਸਕੇ | ਉਨ੍ਹਾਂ ਕਿਹਾ ਕਿ ਚਾਲੂ ਸੀਜ਼ਨ ਦੌਰਾਨ ਡੇਂਗੂ ਵਾਂਗ ਹੀ ਮਲੇਰੀਆ, ਚਿਕਨਗੁਨੀਆ ਤੇ ਹੋਰ ਸੰਬੰਧਤ ਬਿਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਸਰਵੇ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਮੁਹਿੰਮ ਵਿਚ ਸ਼ਾਮਿਲ ਕਰਦਿਆਂ ਹਰ ਸ਼ੁੱਕਰਵਾਰ ਨੂੰ ਸਵੇਰ ਸਮੇਂ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣ | ਡਾ. ਜੈਨ ਨੇ ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਵੱਖ-ਵੱਖ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ, ਜਿਨ੍ਹਾਂ ਵਿਚ ਮੁੱਖ ਤੌਰ 'ਤੇ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ', 'ਆਮ ਆਦਮੀ ਕਲੀਨਿਕ', 'ਓਟ ਕਲੀਨਿਕ', 'ਮੁਫ਼ਤ ਦਵਾਈਆਂ' ਤੇ '108 ਐਂਬੂਲੈਂਸ' ਆਦਿ ਸ਼ਾਮਲ ਸਨ | ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਆਖਿਆ ਕਿ ਜ਼ਿਲ੍ਹੇ ਦੇ ਵਸਨੀਕਾਂ ਨੂੰ ਬਿਹਤਰ, ਮਿਆਰੀ ਤੇ ਸਮਾਂਬੱਧ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦਾ ਮੁੱਖ ਟੀਚਾ ਹੈ | ਜਾਂਚ ਅਤੇ ਇਲਾਜ ਪੱਖੋਂ ਲੋਕਾਂ ਨੂੰ ਕਿਸੇ ਵੀ ਸਰਕਾਰੀ ਸਿਹਤ ਸੰਸਥਾ ਵਿਚ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ਅਤੇ ਜਿਥੇ ਕਿਧਰੇ ਕਿਸੇ ਤਰ੍ਹਾਂ ਦੀ ਕੋਈ ਕਮੀ-ਪੇਸ਼ੀ ਹੈ, ਉਸ ਨੂੰ ਤੁਰੰਤ ਦੂਰ ਕੀਤਾ ਜਾਵੇ | ਉਨ੍ਹਾਂ ਹਦਾਇਤ ਕੀਤੀ ਕਿ ਹਸਪਤਾਲ ਵਿਚ 24 ਘੰਟੇ ਲਈ ਬਿਜਲੀ ਦੀ ਬੇਰੋਕ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਕਿਸੇ ਹੰਗਾਮੀ ਸਥਿਤੀ ਨਾਲ ਨਜਿੱਠਣ ਵਾਸਤੇ ਪੂਰਾ ਪਾਵਰ ਬੈਕਅੱਪ ਵੀ ਯਕੀਨੀ ਬਣਾਇਆ ਹੈ | ਸਿਵਲ ਸਰਜਨ ਨੇ ਦੁਹਰਾਇਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਜ਼ਰੂਰੀ ਤੇ ਐਮਰਜੈਂਸੀ ਦਵਾਈਆਂ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ | ਮਰੀਜ਼ ਨੂੰ ਹਰ ਦਵਾਈ ਸਿਹਤ ਸੰਸਥਾ ਵਿਚ ਹੀ ਮਿਲਣੀ ਚਾਹੀਦੀ ਹੈ | ਜੇਕਰ ਕੋਈ ਦਵਾਈ ਬਾਹਰੋਂ ਮਿਲਣੀ ਹੈ ਤਾਂ ਸੰਬੰਧਤ ਮੁੱਖ ਅਧਿਕਾਰੀ ਦੀ ਜ਼ਿੰਮੇਵਾਰੀ ਹੈ ਕਿ ਉਹ ਦਵਾਈ ਮਰੀਜ਼ ਨੂੰ ਉਪਲੱਬਧ ਕਰਵਾਈ ਜਾਵੇ | ਉਨ੍ਹਾਂ ਹਸਪਤਾਲਾਂ ਦੇ ਮੁਖੀਆਂ ਨੂੰ ਸਟਾਫ਼ ਦੀ ਸਮੇਂ ਸਿਰ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਵੀ ਆਖਿਆ | ਮੀਟਿੰਗ ਵਿਚ ਜ਼ਿਲ੍ਹੇ ਦੇ ਸਾਰੇ ਸੀਨੀਅਰ ਸਿਹਤ ਅਧਿਕਾਰੀ ਮੌਜੂਦ ਸਨ |