ਐੱਸ. ਏ. ਐੱਸ. ਨਗਰ, 19 ਜੂਨ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੁਜ਼ਗਾਰ ਤਹਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਮੁਹਾਲੀ ਵਲੋਂ 20 ਜੂਨ ਨੂੰ ਟੈਕਨੀਕਲ ਯੋਗਤਾ ਵਾਲੇ ਉਮੀਦਵਾਰਾਂ ਲਈ ਸਵੇਰੇ 10 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3 ਵਜੇ ਤੱਕ ਰਜਿਸਟ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਬਿਊਰੋ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿਖੇ ਲਗਾਏ ਜਾ ਰਹੇ ਇਸ ਰਜਿਸਟ੍ਰੇਸ਼ਨ ਕੈਂਪ 'ਚ ਆਈ. ਟੀ. ਆਈ. ਦੀਆਂ ਟਰੇਡਾਂ ਜਿਵੇਂ ਕਿ ਵੈਲਡਰ, ਫਿਟਰ, ਪਲੰਬਰ, ਇਲੈਕਟ੍ਰੀਸ਼ਨ, ਕੋਪਾ, ਡਿਪਲੋਮਾ, ਪੌਲੀਟੈਕਨਿਕ (ਸਾਰੇ ਟਰੇਡ) ਅਤੇ ਬੀ-ਟੈੱਕ (ਸਾਰੇ ਟਰੇਡ) ਵਾਲੇ ਨੌਜਵਾਨ ਉਮੀਦਵਾਰ ਆਪਣੀ ਯੋਗਤਾ ਦੇ ਅਸਲ ਸਰਟੀਫ਼ਿਕੇਟ, ਆਧਾਰ ਕਾਰਡ ਤੇ ਜਾਤੀ ਸਰਟੀਫ਼ਿਕੇਟ ਸਮੇਤ ਹਿੱਸਾ ਲੈ ਸਕਦੇ ਹਨ ਅਤੇ ਆਪਣੇ ਆਪ ਨੂੰ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਪ੍ਰਾਪਤ ਕਰਨ ਲਈ ਰਜਿਸਟਰ ਕਰ ਸਕਦੇ ਹਨ | ਇਸ ਤੋਂ ਇਲਾਵਾ ਉਮੀਦਵਾਰ ਲਿੰਕ 'ਤੇ ਵੀ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ | ਉਨ੍ਹਾਂ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ |