ਐੱਸ. ਏ. ਐੱਸ. ਨਗਰ, 19 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ 126 ਕਲਰਕਾਂ ਨੂੰ ਸੀਨੀਅਰ ਸਹਾਇਕਾਂ ਵਜੋਂ ਪਦ-ਉੱਨਤ ਕੀਤਾ ਹੈ | ਇਹ ਫ਼ੈਸਲਾ ਨਾ ਸਿਰਫ਼ ਪ੍ਰਸ਼ਾਸਕੀ ਕੁਸ਼ਲਤਾ ਨੂੰ ਵਧਾਏਗਾ, ਬਲਕਿ ਕਰਮਚਾਰੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਵੀ ਪ੍ਰੇਰਿਤ ਕਰੇਗਾ | ਇਸ ਬਾਬਤ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਨ੍ਹਾਂ ਤਰੱਕੀਆਂ ਦੇ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਦਫ਼ਤਰਾਂ ਤੇ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾਵਾਂ ਵਿਚ ਸੀਨੀਅਰ ਸਹਾਇਕਾਂ ਦੀਆਂ ਸਾਰੀਆਂ ਖਾਲੀ ਪਈਆਂ ਆਸਾਮੀਆਂ ਭਰ ਜਾਣਗੀਆਂ, ਜੋ ਕਿ ਬਿਹਤਰ ਸ਼ਾਸਨ ਪ੍ਰਦਾਨ ਕਰਨ ਵੱਲ ਇਕ ਅਹਿਮ ਕਦਮ ਹੈ | ਪਦਉੱਨਤ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਨੂੰ ਇਸ ਮੌਕੇ ਦਾ ਲਾਭ ਉਠਾਉਂਦਿਆਂ ਆਪਣੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਇਹ ਤਰੱਕੀਆਂ ਸਟਾਫ਼ ਨੂੰ ਹੋਰ ਵੀ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਉਤਸ਼ਾਹਿਤ ਕਰਨਗੀਆਂ | ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨੂੰ ਤਰੱਕੀ ਦੇਣਾ ਤੇ ਖਾਲੀ ਪਈਆਂ ਆਸਾਮੀਆਂ ਨੂੰ ਭਰਨਾ ਸਕੂਲ ਸਿੱਖਿਆ ਵਿਭਾਗ ਦੀ ਕਾਰਜ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਨੂੰ ਵਧਾਉਣ ਸੰਬੰਧੀ ਸਮਰਪਿਤ ਭਾਵਨਾ ਨੂੰ ਦਰਸਾਉਂਦਾ ਹੈ | ਇਸੇ ਦੌਰਾਨ ਮਨਿਸਟਰੀਅਲ ਸਟਾਫ਼ ਯੂਨੀਅਨ ਸਿੱਖਿਆ ਵਿਭਾਗ ਪੰਜਾਬ ਦੇ ਸੂਬਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਖੱਟੜਾ ਨੇ ਤਰੱਕੀਆਂ ਬਦਲੇ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਮੇਤ ਡੀ. ਐਸ. ਈ. ਗੁਰਿੰਦਰ ਸਿੰਘ ਸੋਢੀ ਅਤੇ ਵਧੀਕ ਡਾਇਰੈਕਟਰ ਵਿਜੈ ਕੁਮਾਰ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ |