14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੁਹਾਲੀ ਵਲੋਂ ਵੱਖਵਾਦੀ ਰੇਸ਼ਮ ਸਿੰਘ ਅਦਾਲਤ 'ਚ ਪੇਸ਼

ਅਜੀਤ ਡੈਸਕ 20-06-2025
ਐੱਸ. ਏ. ਐੱਸ. ਨਗਰ, 19 ਜੂਨ (ਕਪਿਲ ਵਧਵਾ)-ਮੁਹਾਲੀ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ਵਲੋਂ ਸਿੱਖਸ ਫਾਰ ਜਸਟਿਸ (ਐੱਸ. ਐੱਫ. ਜੇ.) ਨਾਲ ਜੁੜੇ ਰੇਸ਼ਮ ਸਿੰਘ ਵਾਸੀ ਬਰਨਾਲਾ ਨੂੰ ਗਿ੍ਫ਼ਤਾਰ ਕੀਤੇ ਜਾਣ ਉਪਰੰਤ ਮੁਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ | ਜਾਣਕਾਰੀ ਅਨੁਸਾਰ ਰੇਸ਼ਮ ਸਿੰਘ ਵਿਰੁੱਧ ਮੁਹਾਲੀ ਵਿਖੇ ਬੀ. ਐੱਨ. ਐੱਸ. ਦੀ ਧਾਰਾ 152, 196 ਅਤੇ 61 (2) ਤਹਿਤ 18 ਜੂਨ ਨੂੰ ਐਫ. ਆਈ. ਆਰ. ਦਰਜ ਕੀਤੀ ਗਈ ਸੀ | ਉਸ 'ਤੇ ਦੋਸ਼ ਹੈ ਕਿ ਬੀਤੇ ਦਿਨੀਂ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਫਿਲੌਰ ਵਿਖੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਭੰਨ-ਤੋੜ ਕੀਤੀ ਸੀ ਅਤੇ ਇਸ ਦੇ ਨਾਲ ਹੀ ਸੂਬੇ ਭਰ 'ਚ ਖ਼ਾਲਿਸਤਾਨ ਦੇ ਸਮਰਥਨ ਵਿਚ ਨਾਅਰੇ ਲਿਖੇ ਸਨ | ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਰੇਸ਼ਮ ਸਿੰਘ ਨੇ ਅਮਰੀਕਾ ਆਧਾਰਿਤ ਅੱਤਵਾਦੀ ਗੁਰਪਤਵੰਤ ਸਿੰਘ ਪੰਨੂੰ ਦੇ ਇਸ਼ਾਰਿਆਂ 'ਤੇ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਕਈ ਅਪਰਾਧਿਕ ਸਾਜਿਸ਼ਾਂ ਰਚੀਆਂ ਸਨ | ਰੇਸ਼ਮ ਸਿੰਘ ਨੂੰ ਅਦਾਲਤ 'ਚ ਪੇਸ਼ ਕੀਤੇ ਜਾਣ ਸਮੇਂ ਅਧਿਕਾਰੀਆਂ ਨੇ ਸਰਕਾਰੀ ਵਕੀਲ ਰਾਹੀਂ ਡਿਊਟੀ ਮੈਜਿਸਟ੍ਰੇਟ ਨੂੰ ਦੱਸਿਆ ਕਿ ਮੁਲਜ਼ਮ ਦੇ ਬੈਂਕ ਖਾਤਿਆਂ ਦੀ ਸ਼ੁਰੂਆਤੀ ਜਾਂਚ ਦੌਰਾਨ 10 ਲੱਖ ਰੁ. ਦੀ ਰਾਸ਼ੀ ਸ਼ੱਕੀ ਸਰੋਤਾਂ ਤੋਂ ਆਈ ਹੈ, ਲਿਹਾਜ਼ਾ ਇਸ ਤੱਥ ਦੀ ਡੂੰਘਾਈ ਨਾਲ ਜਾਂਚ ਵਾਸਤੇ ਮੁਲਜ਼ਮ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਜਾਵੇ | ਇਸੇ ਦੌਰਾਨ ਅਦਾਲਤ ਨੇ ਉਕਤ ਮੁਲਜ਼ਮ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ਸੁਣਾਏ | ਰਿਮਾਂਡ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੇ ਅਧਿਕਾਰੀਆਂ ਵਲੋਂ ਰੇਸ਼ਮ ਸਿੰਘ ਦੀ ਮਲਕੀਅਤ ਵਾਲੀਆਂ ਸਾਰੀਆਂ ਚੱਲ-ਅਚੱਲ ਜਾਇਦਾਦਾਂ ਦੀ ਜਾਂਚ ਕੀਤੀ ਜਾਵੇਗੀ ਤੇ ਉਸ ਦੇ ਹੋਰਨਾਂ ਸਾਥੀਆਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ |
ਪਿਛਲੀ ਖ਼ਬਰ ਮੰਦਰ ਦੀ ਉਸਾਰੀ ਨੂੰ ਲੈ ਕੇ ਗੁਰੂ ਨਾਨਕ ਇਨਕਲੇਵ ਦੇ ਵਸਨੀਕ ਹੋਏ ਆਹਮੋ-ਸਾਹਮਣੇ ਅਗਲੀ ਖ਼ਬਰ ਪਿੰਡ ਝਾਂਮਪੁਰ ਤੋਂ ਦੜੇ-ਸੱਟੇ ਦਾ ਕੰਮ ਕਰਨ ਵਾਲੇ 3 ਮੁਲਜ਼ਮ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।