ਖਰੜ, 20 ਜੂਨ (ਗੁਰਮੁੱਖ ਸਿੰਘ ਮਾਨ)-ਵਿਧਾਨ ਸਭਾ ਹਲਕਾ ਖਰੜ ਦੇ ਇੰਚਾਰਜ ਰਣਜੀਤ ਸਿੰਘ ਗਿੱਲ ਨੇ ਸਰਕਾਰ ਤੇ ਨਗਰ ਕੌਂਸਲ ਖਰੜ ਤੋਂ ਮੰਗ ਕੀਤੀ ਹੈ ਕਿ ਖਰੜ ਸ਼ਹਿਰ 'ਚੋਂ ਨਿਕਲਣ ਵਾਲੇ ਬਰਸਾਤੀ ਨਾਲਿਆਂ ਦੀ ਸਥਾਨਕ ਨਗਰ ਕੌਂਸਲ ਤੁਰੰਤ ਸਫ਼ਾਈ ਕਰਵਾਏ | ਉਨ੍ਹਾਂ ਕਿਹਾ ਕਿ ਬਰਸਾਤ ਦਾ ਮੌਸਮ ਸ਼ੁਰੂ ਹੋ ਗਿਆ ਹੈ, ਪਰ ਅਜੇ ਤੱਕ ਖਰੜ ਸ਼ਹਿਰ ਵਿਚ ਨਾਲਿਆਂ ਤੇ ਡਰੇਨਾਂ ਦੀ ਸਫ਼ਾਈ ਦਾ ਕੰਮ ਸਹੀ ਤਰੀਕੇ ਨਾਲ ਸ਼ੁਰੂ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਨਾਲਿਆਂ ਦੀ ਸਫ਼ਾਈ ਦਾ ਕੰਮ ਬਰਸਾਤ ਦੇ ਮੌਸਮ ਨੂੰ ਮੱਦੇਨਜ਼ਰ ਰੱਖਦੇ ਹੋਏ ਦੋ ਮਹੀਨੇ ਪਹਿਲਾਂ ਸ਼ੁਰੂ ਹੋ ਜਾਂਦਾ ਸੀ, ਪਰ ਇਸ ਵਾਰ ਬਰਾਸਤ ਦਾ ਮੌਸਮ ਨੇੜੇ ਆਉਣ 'ਤੇ ਵੀ ਸਹੀ ਤਰੀਕੇ ਨਾਲ ਨਾਲਿਆਂ ਦੀ ਸਫ਼ਾਈ ਦਾ ਕੰਮ ਨਹੀਂ ਚੱਲ ਰਿਹਾ, ਜਿਸ ਦਾ ਖਮਿਆਜ਼ਾ ਬਰਸਾਤਾਂ ਦੇ ਦਿਨਾਂ ਦੌਰਾਨ ਸ਼ਹਿਰ ਵਾਸੀਆਂ ਨੂੰ ਭੁਗਤਣਾ ਪੈ ਸਕਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਪਿਛਲੇ ਸਾਲ ਵਾਂਗ ਬਰਸਾਤ ਜ਼ਿਆਦਾ ਹੁੰਦੀ ਹੈ ਤਾਂ ਅਜਿਹੀ ਸਥਿਤੀ ਵਿਚ ਅੱਧਾ ਖਰੜ ਸ਼ਹਿਰ ਪਾਣੀ ਵਿਚ ਡੁੱਬ ਜਾਵੇਗਾ, ਜਿਸ ਨਾਲ ਲੋਕਾਂ ਦਾ ਮਾਲੀ ਨੁਕਸਾਨ ਹੋਵੇਗਾ | ਉਨ੍ਹਾਂ ਨਗਰ ਕੌਂਸਲ ਖਰੜ ਅਤੇ ਸਰਕਾਰ ਨੂੰ ਅਪੀਲ ਕੀਤੀ ਕਿ ਨਾਲਿਆਂ ਦੀ ਸਫ਼ਾਈ ਦੇ ਕੰਮ ਵੱਲ ਤੁਰੰਤ ਧਿਆਨ ਦਿੱਤਾ ਜਾਵੇ |