ਜ਼ੀਰਕਪੁਰ, 31 ਅਗਸਤ (ਹੈਪੀ ਪੰਡਵਾਲਾ)-ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਾਰਡ ਨੰ. 8 ਤੇ 9 'ਚ ਪਾਣੀ ਦੀ ਨਿਕਾਸੀ ਪਾਈਪਲਾਈਨ 'ਚ ਆਈ ਸਮੱਸਿਆ ਦਾ ਜਾਇਜ਼ਾ ਲਿਆ | ਸਥਿਤੀ ਦਾ ਮੁਲਾਂਕਣ ਕਰਨ ਤੋਂ ਬਾਅਦ ਉਨ੍ਹਾਂ ਪਾਰਟੀ ਵਰਕਰਾਂ ਦੇ ਨਾਲ ਪੀਰਮੁਛੱਲਾ ਵਿਖੇ ਪੰਚਕੂਲਾ ਵਲੋਂ ਆਉਂਦੇ ਬਰਸਾਤੀ ਪਾਣੀ ਦੇ ਵਹਾਅ ਦਾ ਨਿਰੀਖਣ ਕਰਕੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ | ਉਨ੍ਹਾਂ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਚਕੂਲਾ ਦੇ ਅਧਿਕਾਰੀਆਂ ਨਾਲ ਰਾਬਤਾ ਕਾਇਮ ਕਰ ਇਸ ਸਮੱਸਿਆ ਦਾ ਪੱਕੇ ਤੌਰ 'ਤੇ ਹੱਲ ਕੀਤਾ ਜਾਵੇ | ਵਿਧਾਇਕ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਹੱਲ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ | ਉਪਰੰਤ ਉਨ੍ਹਾਂ ਸਕੂਟਰੀ 'ਤੇ ਸਵਾਰ ਹੋ ਕੇ ਬਲਟਾਣਾ ਖੇਤਰ ਦਾ ਦੌਰਾ ਕੀਤਾ ਤੇ ਫਿਰ ਸੁਖਨਾ ਚੋਅ 'ਤੇ ਪਹੁੰਚ ਕੇ ਪਾਣੀ ਦੇ ਵਹਾਅ ਦਾ ਜਾਇਜ਼ਾ ਲਿਆ ਜਿਥੇ ਕਿ ਬਰਸਾਤ ਦੇ ਮੌਸਮ ਤੋਂ ਬਾਅਦ ਨਵੇ ਪੁੱਲ ਦੀ ਉਸਾਰੀ ਦਾ ਕੰਮ ਸ਼ੁਰੂ ਹੋਣਾ ਹੈ | ਉਨ੍ਹਾਂ ਕੌਂਸਲ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਅਤੇ ਪ੍ਰਸਤਾਵਿਤ ਹੱਲ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਹਿਦਾਇਤ ਵੀ ਕੀਤੀ | ਰੰਧਾਵਾ ਨੇ ਸ਼ਹਿਰ ਵਾਸੀਆਂ ਨੂੰ ਅਧਿਕਾਰੀਆਂ ਨਾਲ ਸਹਿਯੋਗ ਕਰਨ ਅਤੇ ਪਾਣੀ ਦੀ ਨਿਕਾਸੀ ਨਾਲ ਸਬੰਧਤ ਕਿਸੇ ਵੀ ਹੋਰ ਮੁੱਦੇ ਦੀ ਰਿਪੋਰਟ ਕਰਨ ਦੀ ਅਪੀਲ ਵੀ ਕੀਤੀ |