ਲਾਲੜੂ, 15 ਅਕਤੂਬਰ (ਰਾਜਬੀਰ ਸਿੰਘ)-ਕੈਬਨਿਟ ਮੰਤਰੀ ਅਤੇ 'ਆਪ' ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਡੇਰਾਬੱਸੀ ਵਿਧਾਨ ਸਭਾ ਹਲਕੇ ਦੇ ਪਿੰਡ ਸਰਸੀਣੀ, ਸਿਤਾਰਪੁਰ ਅਤੇ ਮੁਬਾਰਕਪੁਰ ਦੇ 50 ਦੇ ਕਰੀਬ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਪਿੰਡ ਸਰਸੀਣੀ ਦੇ ਪੰਚਾਇਤ ਘਰ ਵਿਖੇ 21.50 ਲੱਖ ਰੁ. ਦੇ ਮੁਆਵਜ਼ੇ ਦੇ ਮਨਜੂਰੀ ਪੱਤਰ ਵੰਡੇ ਗਏ, ਜਿਸ ਨਾਲ ਡੇਰਾਬੱਸੀ ਹਲਕੇ 'ਚ ਕਰੀਬ 4.50 ਕਰੋੜ ਰੁ. ਦਾ ਮੁਆਵਜ਼ਾ ਵੰਡਣ ਦੀ ਸ਼ੁਰੂਆਤ ਹੋਈ | ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਪੰਜਾਬ 'ਚ ਪਹਿਲੀ ਵਾਰ ਹੋਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪ੍ਰਤੀ ਏਕੜ ਦੇ ਨੁਕਸਾਨ ਦਾ ਮੁਆਵਜ਼ਾ ਵਧਾ ਕੇ 20 ਹਜ਼ਾਰ ਰੁਪਏ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਵਲੋਂ 30 ਦਿਨਾਂ ਦੇ ਅੰਦਰ-ਅੰਦਰ ਮੁਆਵਜ਼ਾ ਵੰਡਣ ਦੀ ਸ਼ੁਰੂਆਤ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਅਫਸੋਸ ਇਸ ਗੱਲ ਦਾ ਹੈ ਕਿ ਜਿਸ ਪੰਜਾਬ ਨੇ ਦੇਸ਼ ਦੇ ਅਨਾਜ ਭੰਡਾਰ ਭਰੇ ਅਤੇ ਸਰਹੱਦਾਂ ਦੀ ਰਾਖੀ ਲਈ ਜਾਨਾਂ ਵਾਰੀਆਂ, ਉਥੋਂ ਦੇ ਹੜ੍ਹ ਪੀੜਤ ਲੋਕਾਂ ਨੂੰ ਕੇਂਦਰ ਵਲੋਂ ਕੋਈ ਖਾਸ ਮਦਦ ਨਹੀਂ ਮਿਲੀ, ਉਲਟਾ 1600 ਕਰੋੜ ਰੁ. ਦੇ ਨਿਗੂਣੇ ਰਾਹਤ ਪੈਕੇਜ਼ 'ਚੋਂ 805 ਕਰੋੜ ਰੁ. ਦੀ ਪੇਸ਼ਗੀ ਰਕਮ ਦਾ ਦਾਅਵਾ ਇਸ ਲਈ ਹਵਾ ਹੋ ਗਿਆ ਕਿਉਂਕਿ ਇਹ ਰਕਮ ਵੱਖ-ਵੱਖ ਫ਼ੰਡਾਂ ਜਿਵੇਂ ਕਿ ਕੁਦਰਤੀ ਆਫ਼ਤ ਪ੍ਰਬੰਧਨ, ਪ੍ਰਧਾਨ ਮੰਤਰੀ ਆਵਾਸ ਯੋਜਨਾ ਅਤੇ ਨੈਸ਼ਨਲ ਹਾਈਵੇਜ਼ ਦੇ ਰੂਪ 'ਚ ਪਹਿਲਾਂ ਹੀ ਪਈ ਸੀ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਪੈਰਾਂ ਸਿਰ ਖੜ੍ਹਾ ਕਰਨ ਲਈ ਭਗਵੰਤ ਸਿੰਘ ਮਾਨ ਸਰਕਾਰ ਪੂਰਾ ਜ਼ੋਰ ਲਗਾ ਰਹੀ ਹੈ | ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੀ ਇਹ ਪਹਿਲੀ ਸਰਕਾਰ ਹੈ, ਜਿਸ ਨੇ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ 30 ਦਿਨਾਂ ਦੇ ਅੰਦਰ ਹੀ ਹੜ੍ਹਾਂ ਦੇ ਮੁਆਵਜ਼ੇ ਦੀ ਵੰਡ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਹੈ | ਇਸੇ ਦੌਰਾਨ ਡੀ. ਸੀ. ਕੋਮਲ ਮਿੱਤਲ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਮੁਹਾਲੀ 'ਚ ਅੱਜ ਤੋਂ ਮੁਆਵਜ਼ਾ ਰਾਸ਼ੀ ਹੜ੍ਹ ਪ੍ਰਭਾਵਿਤ ਲੋਕਾਂ ਦੇ ਬੈਂਕ ਖਾਤਿਆਂ ਸਿੱਧੀ ਭੇਜਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ | ਇਸ ਮੌਕੇ ਐੱਸ. ਡੀ. ਐੱਮ. ਡੇਰਾਬੱਸੀ ਅਮਿਤ ਗੁਪਤਾ, ਤਹਿਸੀਲਦਾਰ ਸੁਮੀਤ ਸਿੰਘ ਢਿੱਲੋਂ ਅਤੇ ਡੀ. ਐੱਸ. ਪੀ. ਵਿਕਰਮਜੀਤ ਸਿੰਘ ਬਰਾੜ ਸਮੇਤ ਇਲਾਕੇ ਦੇ ਪੰਚ-ਸਰਪੰਚ ਅਤੇ ਪਤਵੰਤੇ ਹਜ਼ਰ ਸਨ |