ਚੰਡੀਗੜ੍ਹ, 15 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਬੱਚਿਆਂ ਨੂੰ ਬਾਲ ਸ਼ੋਸ਼ਣ ਤੋਂ ਬਚਾਉਣ ਲਈ ਬਣਾਏ ਗਏ ਕੇਂਦਰੀ ਕਾਨੂੰਨ, ਪੋਕਸੋ ਐਕਟ ਦੇ ਉਪਬੰਧਾਂ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਨ ਕਾਰਨ ਅਪਰਾਧਾਂ ਦੀ ਵਧਦੀ ਗਿਣਤੀ ਦਾ ਹਵਾਲਾ ਦਿੰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ | ਹਾਈ ਕੋਰਟ ਨੇ ਯੂਟੀ ਪ੍ਰਸ਼ਾਸਨ ਅਤੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕੀਤੇ ਹਨ, ਜਿਸ 'ਚ ਬਾਲ ਸੰਭਾਲ ਸੰਸਥਾਵਾਂ 'ਚ ਕੰਮ ਕਰਨ ਵਾਲਿਆਂ ਦੀ ਨਿਯਮਤ ਪੁਲਿਸ ਤਸਦੀਕ ਦੀ ਮੰਗ ਕੀਤੀ ਗਈ ਹੈ | ਅਦਾਲਤ ਪਹਿਲਾਂ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਨੋਟਿਸ ਜਾਰੀ ਕਰ ਚੁੱਕੀ ਹੈ | ਪਟੀਸ਼ਨ ਦਾਇਰ ਕਰਦੇ ਹੋਏ, ਮੁਹਾਲੀ ਨਿਵਾਸੀ ਕੁੰਵਰ ਪਾਹੁਲ ਸਿੰਘ ਨੇ ਹਾਈ ਕੋਰਟ ਨੂੰ ਦੱਸਿਆ ਕਿ ਪੋਕਸੋ ਐਕਟ ਬੱਚਿਆਂ ਨੂੰ ਅਪਰਾਧੀਆਂ ਦੇ ਸ਼ਿਕਾਰ ਹੋਣ ਤੋਂ ਬਚਾਉਣ ਲਈ ਬਣਾਇਆ ਗਿਆ ਸੀ | ਇਸ ਐਕਟ ਨੂੰ ਇਨ੍ਹਾਂ ਅਪਰਾਧਾਂ ਬਾਰੇ ਜਾਗਰੂਕਤਾ ਪੈਦਾ ਕਰਨ ਤੇ ਉਨ੍ਹਾਂ ਨੂੰ ਪਾਠਕ੍ਰਮ 'ਚ ਸ਼ਾਮਿਲ ਕਰਨ ਲਈ ਲਾਗੂ ਕੀਤਾ ਜਾਣਾ ਚਾਹੀਦਾ ਹੈ | ਇਸ ਤੋਂ ਇਲਾਵਾ ਸਕੂਲਾਂ, ਕਰੈਚਾਂ, ਪਲੇਵੇਅ ਆਦਿ 'ਚ ਕੰਮ ਕਰਨ ਵਾਲਿਆਂ ਦੀ ਨਿਯਮਤ ਪੁਲਿਸ ਤਸਦੀਕ ਕੀਤੀ ਜਾਣੀ ਚਾਹੀਦੀ ਹੈ | ਪਟੀਸ਼ਨਕਰਤਾ ਨੇ ਆਪਣੀ ਪਟੀਸ਼ਨ ਨਾਲ ਪਿਛਲੇ ਦੋ ਸਾਲਾਂ 'ਚ ਬਾਲ ਬਲਾਤਕਾਰ ਦੇ ਮਾਮਲਿਆਂ ਬਾਰੇ ਪ੍ਰਕਾਸ਼ਿਤ ਖ਼ਬਰਾਂ ਵੀ ਨੱਥੀ ਕੀਤੀਆਂ | ਉਸ ਨੇ ਦਲੀਲ ਦਿੱਤੀ ਕਿ ਜੇਕਰ ਐਕਟ ਨੂੰ ਸਖ਼ਤੀ ਨਾਲ ਲਾਗੂ ਨਹੀਂ ਕੀਤਾ ਜਾਂਦਾ ਹੈ ਤਾਂ ਇਸ ਦਾ ਮੁੱਖ ਉਦੇਸ਼, ਜੋ ਕਿ ਬੱਚਿਆਂ ਨੂੰ ਇਨ੍ਹਾਂ ਅਪਰਾਧਾਂ ਤੋਂ ਬਚਾਉਣਾ ਹੈ, ਅਸਫ਼ਲ ਹੋ ਜਾਵੇਗਾ | ਉਸ ਨੇ ਦਲੀਲ ਦਿੱਤੀ ਕਿ ਜੇਕਰ ਅਪਰਾਧਿਕ ਪ੍ਰਵਿਰਤੀਆਂ ਵਾਲੇ ਵਿਅਕਤੀਆਂ ਦੀ ਜਲਦੀ ਪਛਾਣ ਕੀਤੀ ਜਾਂਦੀ ਹੈ ਤਾਂ ਬੱਚਿਆਂ ਨੂੰ ਅਜਿਹੇ ਅਪਰਾਧਾਂ ਤੋਂ ਬਚਾਇਆ ਜਾ ਸਕਦਾ ਹੈ | ਪਟੀਸ਼ਨਰ ਦਾ ਕਹਿਣਾ ਹੈ ਕਿ ਅਕਸਰ, ਬੱਚਿਆਂ ਨੂੰ ਜਿਨਸੀ ਅਪਰਾਧਾਂ ਦਾ ਸ਼ਿਕਾਰ ਬਣਾਉਣ ਵਾਲੇ ਉਹ ਹੁੰਦੇ ਹਨ ਜੋ ਉਨ੍ਹਾਂ ਦੇ ਨੇੜਲੇ ਆਲੇ ਦੁਆਲੇ ਰਹਿੰਦੇ ਹਨ | ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਨਹਿੱਤ ਪਟੀਸ਼ਨ 'ਤੇ ਯੂਟੀ ਪ੍ਰਸ਼ਾਸਨ ਅਤੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਉਨ੍ਹਾਂ ਨੂੰ ਜਵਾਬ ਦਾਇਰ ਕਰਨ ਦਾ ਆਦੇਸ਼ ਦਿੱਤਾ ਹੈ |