ਐੱਸ. ਏ. ਐੱਸ. ਨਗਰ, 16 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪਸ਼ੂ-ਪਾਲਣ, ਮੱਛੀ-ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਐਸ. ਸੀ. ਲਾਭਪਾਤਰੀਆਂ ਲਈ 2 ਹਫ਼ਤਿਆਂ ਦੇ ਮੁਫ਼ਤ ਡੇਅਰੀ ਸਿਖਲਾਈ ਕੋਰਸ ਦਾ ਦੂਜਾ ਬੈਚ 27 ਅਕਤੂਬਰ ਤੋਂ ਡੇਅਰੀ ਸਿਖਲਾਈ ਕੇਂਦਰ ਚਤਾਮਲੀ ਵਿਖੇ ਸ਼ੁਰੂ ਹੋਣ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਮੁਹਾਲੀ ਨੇ ਦੱਸਿਆ ਕਿ ਇਸ ਸਿਖਲਾਈ ਲਈ ਉਮੀਦਵਾਰ ਦੀ ਉਮਰ 18 ਤੋਂ 55 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ ਅਤੇ ਉਹ ਘੱਟੋ-ਘੱਟ ਪੰਜਵੀਂ ਪਾਸ ਹੋਣੀ ਲਾਜ਼ਮੀ ਹੈ | ਉਨ੍ਹਾਂ ਕਿਹਾ ਕਿ ਸਿਰਫ਼ ਅਨੁਸੂਚਿਤ ਜਾਤੀ ਨਾਲ ਸੰਬੰਧਤ ਵਿਅਕਤੀ ਹੀ ਇਸ ਸਿਖਲਾਈ ਲਈ ਯੋਗ ਹਨ | ਉਨ੍ਹਾਂ ਕਿਹਾ ਕਿ ਇਹ ਸਿਖਲਾਈ ਬਿਲਕੁੱਲ ਮੁਫ਼ਤ ਦਿੱਤੀ ਜਾ ਰਹੀ ਹੈ ਅਤੇ ਸਿਖਲਾਈ ਮੁਕੰਮਲ ਹੋਣ ਉਪਰੰਤ ਹਰ ਸਿਖਿਆਰਥੀ ਨੂੰ 3500 ਰੁ. ਵਜੀਫ਼ੇ ਦੇ ਰੂਪ 'ਚ ਦਿੱਤੇ ਜਾਣਗੇ | ਸਿਖਲਾਈ ਦੌਰਾਨ ਸਿਖਿਆਰਥੀਆਂ ਲਈ ਚਾਹ-ਬਿਸਕੁੱਟ ਅਤੇ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਵੀ ਹੋਵੇਗਾ | ਇਸੇ ਦੌਰਾਨ ਡੇਅਰੀ ਇੰਸਪੈਕਟਰ ਕਰਨਵੀਰ ਸਿੰਘ ਬਾਵਾ ਨੇ ਅਪੀਲ ਕੀਤੀ ਕਿ ਚਾਹਵਾਨ ਐਸ. ਸੀ. ਲਾਭਪਾਤਰੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਦੀ ਤੀਜੀ ਮੰਜ਼ਿਲ 'ਤੇ ਸਥਿਤ ਕਮਰਾ ਨੰ. 434 ਵਿਖੇ ਕਿਸੇ ਵੀ ਕੰਮ ਵਾਲੇ ਦਿਨ ਅਰਜ਼ੀ ਦੇ ਸਕਦੇ ਹਨ |