12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੰਤਰੀ ਸਮੂਹ ਦੀ ਚੰਡੀਗੜ੍ਹ 'ਚ ਹੋਈ ਸਮੀਖਿਆ ਮੀਟਿੰਗ

ਅਜੀਤ ਡੈਸਕ 18-10-2025

ਚੰਡੀਗੜ੍ਹ, 17 ਅਕਤੂਬਰ (ਅਜਾਇਬ ਸਿੰਘ ਔਜਲਾ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਨਿਗਰਾਨੀ ਕਰ ਰਹੇ ਪੰਜਾਬ ਸਰਕਾਰ ਦੇ ਮੰਤਰੀ ਸਮੂਹ ਨੇ ਵੱਖ-ਵੱਖ ਸਮਾਗਮਾਂ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਬਤ ਸਮੀਖਿਆ ਮੀਟਿੰਗ ਕੀਤੀ। ਮੰਤਰੀ ਸਮੂਹ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਸਿੱਖਿਆ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਤੇ ਸਲਾਹਕਾਰ (ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ) ਦੀਪਕ ਬਾਲੀ ਦੀ ਪ੍ਰਧਾਨਗੀ ਹੇਠ ਸੈਰ-ਸਪਾਟਾ ਦਫ਼ਤਰ, ਸੈਕਟਰ-38 ਵਿਖੇ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਸਾਰੇ ਸਬੰਧਿਤ ਵਿਭਾਗਾਂ ਦੇ ਉੱਚ ਅਧਿਕਾਰੀ ਸ਼ਾਮਿਲ ਹੋਏ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨਵੰਬਰ ਦਾ ਪੂਰਾ ਮਹੀਨਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਤੇ ਹਿੰਮਤ, ਧਰਮ ਅਤੇ ਭਰੋਸੇ ਦੇ ਸਦੀਵੀ ਪੁੰਜ ਬਣੇ ਉਨ੍ਹਾਂ ਦੇ ਪੈਰੋਕਾਰਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹੋਵੇਗਾ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਨੂੰ ਭਾਰਤ ਤੇ ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਲਈ ਇਨ੍ਹਾਂ ਸਮਾਰੋਹਾਂ ਨੂੰ ਯਾਦਗਾਰੀ ਬਣਾਉਣ ਲਈ ਨੇੜਿਉਂ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਇਹ ਇਤਿਹਾਸਕ ਦਿਵਸ ਸਿਰਫ਼ ਸ਼ਰਧਾਂਜਲੀ ਨਹੀਂ ਹੈ, ਬਲਕਿ ਸਾਡੇ ਲਈ ਇਕ ਅਧਿਆਤਮਿਕ ਜ਼ਿੰਮੇਵਾਰੀ ਹੈ ਕਿ ਅਸੀਂ ਇਹ ਯਕੀਨੀ ਬਣਾਈਏ ਕਿ 350ਵੇਂ ਸ਼ਹੀਦੀ ਦਿਵਸ ਨਾਲ ਜੁੜੀ ਪਵਿੱਤਰਤਾ ਤੇ ਸ਼ਰਧਾ ਹਰ ਪ੍ਰਬੰਧ ਵਿਚੋਂ ਝਲਕੇ। ਉਨ੍ਹਾਂ ਕਿਹਾ ਕਿ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਵਿਸ਼ਵ ਪੱਧਰੀ ਹੋਣਗੇ। ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ 23 ਤੋਂ 25 ਨਵੰਬਰ ਤੱਕ ਹੋਣ ਵਾਲੇ ਮੁੱਖ ਸਮਾਗਮਾਂ ਲਈ ਸ੍ਰੀ ਅਨੰਦਪੁਰ ਸਾਹਿਬ ਸ਼ਹਿਰ ਨੂੰ ਚਿੱਟੇ ਰੰਗ ਨਾਲ ਰੰਗਿਆ ਜਾਵੇਗਾ ਜੋ ਕਿ ਪਵਿੱਤਰਤਾ ਅਤੇ ਸ਼ਾਂਤੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇੱਥੇ ਪਹੁੰਚਣ ਵਾਲੀ ਸੰਗਤ ਲਈ ਸੜਕਾਂ ਦੀ ਮੁਰੰਮਤ ਅਤੇ ਟੈਂਟ ਸਿਟੀ ਤੋਂ ਲੈ ਕੇ ਪੀਣ ਵਾਲੇ ਸਾਫ਼ ਪਾਣੀ, ਪਖਾਨਿਆਂ, ਡਾਕਟਰੀ ਸਹਾਇਤਾ ਅਤੇ ਕੁਸ਼ਲ ਟਰੈਫਿਕ ਪ੍ਰਬੰਧਨ ਤੱਕ ਹਰ ਸੰਭਵ ਸਹੂਲਤ ਪ੍ਰਦਾਨ ਕਰਨ ਲਈ ਵਚਨਬੱਧ ਹੈ। ਵਾਹਨਾਂ ਦੀ ਪਾਰਕਿੰਗ ਲਈ 29 ਪਾਰਕਿੰਗ ਸਥਾਨਾਂ ਦੀ ਪਛਾਣ ਕੀਤੀ ਗਈ ਹੈ ਅਤੇ ਸਮਾਗਮ ਦੌਰਾਨ ਇਹ ਸਾਰੇ ਸਥਾਨ ਕਾਰਜਸ਼ੀਲ ਰਹਿਣਗੇ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਨੂੰ ਪਵਿੱਤਰ ਸਥਾਨ ਤੱਕ ਲਿਆਉਣ ਤੇ ਵਾਪਸ ਲੈ ਕੇ ਜਾਣ ਲਈ ਇਕ ਸਮਰਪਿਤ ਸ਼ਟਲ ਬੱਸ ਸੇਵਾ ਚਲਾਈ ਜਾਵੇਗੀ। ਦੋਵਾਂ ਮੰਤਰੀਆਂ ਨੇ ਕਿਹਾ ਕਿ ਹਰ ਵਿਭਾਗ ਇਸ ਯਾਦਗਾਰ ਦੀ ਅਧਿਆਤਮਿਕ ਮਹੱਤਤਾ ਨੂੰ ਬਰਕਰਾਰ ਰੱਖਣ ਲਈ ਦ੍ਰਿੜ੍ਹ ਵਚਨਬੱਧਤਾ ਅਤੇ ਤਾਲਮੇਲ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਮਾਗਮਾਂ ਸਬੰਧੀ ਤਿਆਰੀਆਂ ਦਾ ਮੁਲਾਂਕਣ ਕਰਨ ਅਤੇ ਸਾਰੀਆਂ ਸਹੂਲਤਾਂ ਤੇ ਬੁਨਿਆਦੀ ਢਾਂਚੇ ਸਬੰਧੀ ਜ਼ਰੂਰਤਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ ਲਈ ਸਮੀਖਿਆ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਬੋਲਦਿਆਂ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਭਾਰਤ ਭਰ ਦੇ 28 ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਇਨ੍ਹਾਂ ਯਾਦਗਾਰੀ ਸਮਾਗਮਾਂ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਨ੍ਹਾਂ ਇਤਿਹਾਸਕ ਸਮਾਰੋਹਾਂ ਦੀ ਅਗਵਾਈ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ, ਜਿਸ ਵਿਚ ਕੀਰਤਨ ਦਰਬਾਰ, ਨਗਰ ਕੀਰਤਨ, ਲਾਈਟ ਐਂਡ ਸਾਊਂਡ ਸ਼ੋਅ ਅਤੇ ਅੰਤਰ-ਧਰਮ ਕਾਨਫ਼ਰੰਸਾਂ ਸ਼ਾਮਿਲ ਹੋਣਗੀਆਂ।

ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ (ਰਿਟਾਇਰਡ ਕਰਮਚਾਰੀ) ਨੇ 51 ਹਜ਼ਾਰ ਦੀ ਰਾਸ਼ੀ ਹੜ੍ਹ ਪੀੜਤਾਂ ਲਈ ਦਿੱਤੀ <br/> ਅਗਲੀ ਖ਼ਬਰ ਗਹਿਲ ਵਿਖੇ ਬਲਾਕ ਪ੍ਰਾਇਮਰੀ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ-ਸੈਂਟਰ ਛਾਪਾ ਨੇ ਜਿੱਤੀ ਓਵਰਆਲ ਟਰਾਫ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।