ਐੱਸ. ਏ. ਐੱਸ. ਨਗਰ, 22 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-17 ਸਤੰਬਰ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਬਾਬਾ ਦੀਪ ਸਿੰਘ ਦੀ ਹੱਥ ਲਿਖਤ ਬੀੜ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਸ਼ਤਰਾਂ ਅਤੇ ਨਿਸ਼ਾਨੀਆਂ ਦੇ ਦਰਸ਼ਨ ਕਰਵਾਉਣ ਲਈ ਪੰਜ ਪਿਆਰਿਆਂ ਦੀ ਅਗਵਾਈ ਅਤੇ ਗਿਆਨੀ ਚਰਨਜੀਤ ਸਿੰਘ ਹੈੱਡ ਗ੍ਰੰਥੀ ਪਟਨਾ ਸਾਹਿਬ, ਭਾਈ ਨਰਾਇਣ ਸਿੰਘ, ਭਾਈ ਪਪਿੰਦਰ ਸਿੰਘ ਤੇ ਦਲਜੀਤ ਸਿੰਘ ਸੁਪਰਡੈਂਟ ਦੀ ਦੇਖ-ਰੇਖ ਹੇਠ ਬੀਤੀ ਸ਼ਾਮ ਮੁਹਾਲੀ ਦੇ ਪਿੰਡ ਸੋਹਾਣਾ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਨਗਰ ਕੀਰਤਨ ਪਹੁੰਚਿਆ ਸੀ | ਬੀਤੀ ਸ਼ਾਮ ਤੋਂ ਅੱਜ ਸਵੇਰ ਤੱਕ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਉਪਰੋਕਤ ਨਿਸ਼ਾਨੀਆਂ ਦੇ ਦਰਸ਼ਨ ਕੀਤੇ | ਅੱਜ ਸਵੇਰੇ 8 ਵਜੇ ਅਰਦਾਸ ਉਪਰੰਤ ਨਗਰ ਕੀਰਤਨ ਰਵਾਨਾ ਹੋਇਆ | ਇਸ ਮੌਕੇ ਸੰਤ ਪਰਮਜੀਤ ਸਿੰਘ ਹੰਸਾਲੀ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਹਰਜਿੰਦਰ ਕੌਰ ਚੰਡੀਗੜ੍ਹ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਮਾਲਵਿੰਦਰ ਸਿੰਘ ਬੈਨੀਪਾਲ, ਨੰਬਰਦਾਰ ਹਰਵਿੰਦਰ ਸਿੰਘ ਕਾਲਾ, ਪਰਮਜੀਤ ਸਿੰਘ ਕਾਹਲੋਂ, ਨਿਰਮਲ ਕੌਰ ਸੇਖੋਂ ਅਤੇ ਹਰਜਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਨਗਰ ਕੀਰਤਨ ਨੂੰ ਅਗਲੇ ਪੜਾਅ ਲਈ ਰਵਾਨਾ ਕੀਤਾ | ਇਸ ਮਗਰੋਂ ਗੁਰਦੁਆਰਾ ਅਕਾਲ ਆਸ਼ਰਮ ਸੋਹਾਣਾ ਵਿਖੇ ਭਾਈ ਦਵਿੰਦਰ ਸਿੰਘ ਖੰਨੇ ਵਾਲਿਆਂ ਦੀ ਅਗਵਾਈ ਹੇਠ ਸੰਗਤਾਂ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ | ਇਸ ਮਗਰੋਂ ਸੈਕਟਰ-91 ਵਿਖੇ ਸਟੇਟ ਐਵਾਰਡੀ ਫੂਲਰਾਜ ਸਿੰਘ ਦੀ ਅਗਵਾਈ ਹੇਠ ਸੰਗਤਾਂ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ, ਜਦਕਿ ਪਿੰਡ ਲਖਨੌਰ ਵਿਖੇ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਨਗਰ ਕੀਰਤਨ ਦੇ ਪ੍ਰਬੰਧਕਾਂ ਨੂੰ ਸਿਰੋਪਾਓ ਭੇਟ ਕੀਤੇ ਗਏ | ਇਸ ਤੋਂ ਬਾਅਦ ਪਿੰਡ ਲਾਂਡਰਾਂ ਵਿਖੇ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਮਨਜੀਤ ਸਿੰਘ ਅਤੇ ਭਾਈ ਗੁਰਜੰਟ ਸਿੰਘ ਆਦਿ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ, ਜਦਕਿ ਪਿੰਡ ਸਵਾੜਾ ਤੇ ਹੋਰਨਾਂ ਪਿੰਡਾਂ ਵਿਚ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਤੇ ਵਿਕਰਮ ਸਿੰਘ ਸੋਢੀ ਦੀ ਅਗਵਾਈ ਹੇਠ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਵੱਡੀ ਗਿਣਤੀ ਵਿਚ ਲੋਕਾਂ ਨੇ ਪੁਰਾਤਨ ਬੀੜ ਤੇ ਸ਼ਸਤਰਾਂ ਅਤੇ ਨਿਸ਼ਾਨੀਆਂ ਦੇ ਦਰਸ਼ਨ ਕੀਤੇ | ਇਸ ਮਗਰੋਂ ਨਗਰ ਕੀਰਤਨ ਸ੍ਰੀ ਫ਼ਤਿਹਗੜ੍ਹ ਸਾਹਿਬ ਨੂੰ ਹੁੰਦਾ ਹੋਇਆ ਪਟਿਆਲਾ ਦੇ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਲਈ ਰਵਾਨਾ ਹੋਇਆ |