ਚੰਡੀਗੜ੍ਹ, 22 ਅਕਤੂਬਰ (ਔਜਲਾ)-ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪੰਜਾਬ ਅਤੇ ਪੰਜਾਬ ਤੋਂ ਬਾਹਰ ਦੇ ਸਾਰੇ ਸੂਬਿਆਂ ਦੇ ਸੈਂਕੜੇ ਲੋਕ ਆਪਣੀਆਂ ਬਣਦੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਉਨ੍ਹਾਂ ਨੰੂ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ ਤੇ ਨਾ ਹੀ ਪੈਰੋਲ ਦਿੱਤੀ ਜਾ ਰਹੀ ਹੈ ਖਾਸ ਕਰਕੇ ਪੰਜਾਬ ਦੇ ਨੌਜਵਾਨਾਂ ਜੋ 25- 30 ਸਾਲਾਂ ਤੋਂ ਜੇਲ੍ਹਾਂ ਵਿਚ ਬੰਦ ਹਨ ਕਈ ਆਪਣੀਆਂ ਬਣਦੀਆਂ ਸਜ਼ਾਵਾਂ ਤੋਂ ਵੱਧ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਹਨ ਪਰ ਸਰਕਾਰਾਂ ਉਨ੍ਹਾਂ ਨੂੰ ਰਿਹਾਅ ਨਹੀਂ ਕਰ ਰਹੀਆਂ ਜਿਸ ਦਾ ਪੰਜਾਬ ਅਤੇ ਆਮ ਲੋਕਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਹੈ | ਲੱਖੋਵਾਲ ਨੇ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਾਉਣ ਲਈ ਪਿਛਲੇ 3 ਸਾਲਾਂ ਤੋਂ ਮੋਹਾਲੀ ਵਿਚ ਲੋਕ ਇਨਸਾਫ਼ ਮੋਰਚੇ ਵਲੋਂ ਮੋਰਚਾ ਲਗਾਇਆ ਹੋਇਆ ਹੈ | ਮੋਰਚੇ ਵਲੋਂ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਵਾਰ-ਵਾਰ ਸਮਾਂ ਮੰਗਿਆ ਗਿਆ ਪਰ ਕੇਂਦਰ ਸਰਕਾਰ ਨਾਂ ਤਾਂ ਸਮਾਂ ਦੇ ਰਹੀ ਹੈ ਨਾ ਹੀ ਗੱਲ ਸੁਣਨ ਨੂੰ ਤਿਆਰ ਹੈ | ਉਨ੍ਹਾਂ ਨੇ ਕਿਹਾ ਕਿ ਸਾਨੂੰ ਲੋਕ ਲਹਿਰ ਉਸਾਰ ਕੇ ਉਨ੍ਹਾਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਲਈ ਆਵਾਜ਼ ਉਠਾਉਣੀ ਚਾਹੀਦੀ ਹੈ ਜਿਸ ਤਹਿਤ 1 ਨਵੰਬਰ ਨੂੰ ਸਾਨੂੰ ਸਾਰਿਆਂ ਨੂੰ ਮਿਲ ਕੇ ਪਿੰਡਾਂ ਵਿਚ ਘਰਾਂ ਵਿਚ ਅਰਦਾਸ ਦਿਵਸ ਦੇ ਤੌਰ 'ਤੇ ਮਨਾਉਣਾ ਚਾਹੀਦਾ ਹੈ ਅਤੇ 14 ਨਵੰਬਰ ਨੂੰ ਇਕ ਰੋਸ ਮਾਰਚ ਦਿੱਲੀ ਵੱਲ ਵਹੀਰਾਂ ਘੱਤੇਗਾ ਅਤੇ ਸਰਕਾਰ ਨੂੰ ਜਗਾਉਣ ਲਈ ਮੰਗ ਪੱਤਰ ਦਿੱਤਾ ਜਾਵੇਗਾ |