ਐੱਸ. ਏ. ਐੱਸ. ਨਗਰ, 3 ਦਸੰਬਰ (ਪ੍ਰੋ. ਅਵਤਾਰ ਸਿੰਘ)-ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਜ਼ਿਲ੍ਹਾ ਮੁਹਾਲੀ 'ਚ ਪੰਚਾਇਤ ਸੰਮਤੀ ਚੋਣਾਂ ਲਈ ਲਗਾਏ ਗਏ ਚੋਣ ਅਬਜ਼ਰਵਰ ਅੰਮਿ੍ਤ ਸਿੰਘ (ਆਈ. ਏ. ਐੱਸ.) ਡਾਇਰੈਕਟਰ ਰੁਜ਼ਗਾਰ ਉੱਤਪਤੀ ਤੇ ਸਿਖਲਾਈ ਵਿਭਾਗ ਪੰਜਾਬ ਵਲੋਂ ਜ਼ਿਲ੍ਹੇ 'ਚ ਪੰਚਾਇਤ ਸੰਮਤੀ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐੱਸ. ਐੱਸ. ਪੀ. ਹਰਮਨਦੀਪ ਸਿੰਘ ਹਾਂਸ ਅਤੇ ਏ. ਡੀ. ਸੀ. (ਦਿਹਾਤੀ ਵਿਕਾਸ) ਸੋਨਮ ਚੌਧਰੀ ਸਮੇਤ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਿਸ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਵੋਟਰਾਂ ਨੂੰ ਬਿਨਾਂ ਕਿਸੇ ਡਰ ਅਤੇ ਲਾਲਚ ਤੋਂ ਆਪਣਾ ਨੁਮਾਇੰਦਾ ਚੁਣਨ ਦਾ ਅਧਿਕਾਰ ਹੋਵੇ | ਕਿਸੇ ਵੀ ਉਲੰਘਣਾ ਦੀ ਸਥਿਤੀ 'ਚ ਆਪਣੇ ਨਾਲ ਸੰਪਰਕ ਕਰਨ ਲਈ ਸੰਪਰਕ ਨੰਬਰ ਅਤੇ ਈ. ਮੇਲ ਆਈ. ਡੀ. ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਮੋਬਾਈਲ ਨੰ. 62397-34578 ਅਤੇ ਈ. ਮੇਲ ਆਈ. ਡੀ. Liaisonofficergram20250gmail.com ਰਾਹੀਂ ਸ਼ਿਕਾਇਤ ਦਰਜ ਕਰਵਾ ਸਕਦਾ ਹੈ | ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਮੁਹਾਲੀ ਦੀ ਪਹਿਲੀ ਮੰਜ਼ਿਲ 'ਤੇ ਸਥਿਤ ਕਮਰਾ ਨੰ. 257 'ਚ ਵੀ ਚੋਣ ਨਿਗਰਾਨ ਨੂੰ ਸੰਬੋਧਿਤ ਸ਼ਿਕਾਇਤ ਦਿੱਤੀ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਉਹ ਚੋਣ ਪ੍ਰਕਿਰਿਆ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਲਈ ਤੁਰੰਤ ਕਾਰਵਾਈ ਕਰਨ ਨੂੰ ਯਕੀਨੀ ਬਣਾਉਣਗੇ | ਇਸ ਮੌਕੇ ਡੀ. ਸੀ. ਕੋਮਲ ਮਿੱਤਲ ਨੇ ਦੱਸਿਆ ਕਿ ਪੰਚਾਇਤ ਸੰਮਤੀ ਡੇਰਾਬੱਸੀ ਦੇ 22, ਪੰਚਾਇਤ ਸੰਮਤੀ ਖਰੜ ਦੇ 15 ਅਤੇ ਪੰਚਾਇਤ ਸੰਮਤੀ ਮਾਜਰੀ ਦੇ 15 ਜ਼ੋਨਾਂ ਲਈ ਨਾਮਜ਼ਦਗੀਆਂ ਦਾ ਅਮਲ ਚੱਲ ਰਿਹਾ ਹੈ, ਜਿਸ ਦੀ 4 ਦਸੰਬਰ ਨੂੰ ਆਖਰੀ ਮਿਤੀ ਹੈ | ਇਸ ਤੋਂ ਬਾਅਦ ਨਾਮਜ਼ਦਗੀ ਪੱਤਰਾਂ ਦੀ ਪੜਤਾਲ 5 ਦਸੰਬਰ ਨੂੰ ਹੋਵੇਗੀ, ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਗਿਆ 6 ਦਸੰਬਰ ਨੂੰ ਹੋਵੇਗੀ | ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ, ਪੜਤਾਲ ਅਤੇ ਵਾਪਸ ਲੈਣ ਦਾ ਸਮਾਂ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ ਦੇ 3 ਵਜੇ ਤੱਕ ਸੰਬੰਧਤ ਰਿਟਰਨਿੰਗ ਅਫ਼ਸਰਾਂ ਦੇ ਨਿਰਧਾਰਤ ਦਫਤਰਾਂ 'ਚ ਤੈਅ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਮਤਦਾਨ 14 ਦਸੰਬਰ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਹੋਵੇਗਾ, ਜਦਕਿ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਹੋਵੇਗੀ | ਉਨ੍ਹਾਂ ਦੱਸਿਆ ਕਿ ਪੋਲਿੰਗ ਪਾਰਟੀਆਂ ਦੀ ਸਿਖਲਾਈ 8, 10 ਤੇ 13 ਦਸੰਬਰ ਨੂੰ ਹੋਵੇਗੀ | ਉਨ੍ਹਾਂ ਦੱਸਿਆ ਕਿ ਮਤਦਾਨ ਬੈਲਟ ਪੇਪਰਾਂ ਦੀ ਮਦਦ ਨਾਲ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਪੋਲਿੰਗ ਦੀ ਸਮੁੱਚੀ ਪ੍ਰਕਿਰਿਆ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਵੀਡੀਓਗ੍ਰਾਫ਼ੀ ਵੀ ਕਰਵਾਈ ਜਾਵੇਗੀ, ਜੋ ਕਿ ਗਿਣਤੀ ਵਾਲੇ ਦਿਨ ਵੀ ਹੋਵੇਗੀ | ਇਸੇ ਦੌਰਾਨ ਐੱਸ. ਐੱਸ. ਪੀ. ਹਰਮਨਦੀਪ ਸਿੰਘ ਹਾਂਸ ਨੇ ਚੋਣ ਅਬਜ਼ਰਵਰ ਨੂੰ 'ਪ੍ਰੀ-ਪੋਲ' ਅਤੇ 'ਪੋਲ-ਡੇਅ' ਦੇ ਸੁਰੱਖਿਆ ਪ੍ਰਬੰਧਾਂ ਤੋਂ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਜ਼ਿਲ੍ਹਾ ਪੁਲਿਸ ਕਿਸੇ ਨੂੰ ਵੀ ਵੋਟਰਾਂ 'ਚ ਡਰ ਜਾਂ ਲਾਲਚ ਪੈਦਾ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ | ਇਸੇ ਤਰ੍ਹਾਂ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨਾਲ ਪੋਲਿੰਗ ਪ੍ਰਕਿਰਿਆ 'ਤੇ ਵੀ ਬਾਰੀਕੀ ਨਾਲ ਨਜ਼ਰ ਰੱਖੀ ਜਾਵੇਗੀ | ਅੰਤ 'ਚ ਚੋਣ ਅਬਜ਼ਰਵਰ ਨੇ ਵੋਟਰਾਂ ਅਤੇ ਸਮੂਹ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਪੰਚਾਇਤ ਸੰਮਤੀ ਚੋਣਾਂ ਦੌਰਾਨ ਭਾਈਚਾਰਾ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ | ਮੀਟਿੰਗ 'ਚ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਧਿਕਾਰੀ ਪਰਮਬੀਰ ਕੌਰ, ਚੋਣ ਅਬਜ਼ਰਵਰ ਦੇ ਐਲ. ਓ. ਖੁਸ਼ਵਿੰਦਰ ਸਿੰਘ, ਕਾਰਜਕਾਰੀ ਇੰਜ. ਡਰੇਨੇਜ਼-ਕਮ-ਮਾਈਨਿੰਗ ਅਫ਼ਸਰ ਮੁਹਾਲੀ ਵੀ ਸ਼ਾਮਿਲ ਸਨ |