03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪੱਕਾ ਮੋਰਚਾ ਲਗਾ ਕੇ ਬੈਠੇ ਮਜ਼ਦੂਰਾਂ ਦਾ ਰੋਹ ਭੜਕਿਆ, ਸੜਕੀ ਆਵਾਜਾਈ ਕੀਤੀ ਠੱਪ <br/>

ਅਜੀਤ ਡੈਸਕ 23-11-2025
ਬਠਿੰਡਾ, 22 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਮਜ਼ਦੂਰ ਵਰਗ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਪਿਛਲੇ ਇਕ ਹਫ਼ਤੇ ਤੋਂ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫ਼ਤਰ ਸਾਹਮਣੇ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਚੱਲ ਰਹੇ ਸਾਂਝੇ ਮੋਰਚੇ ਦੌਰਾਨ ਅੱਜ ਮਜ਼ਦੂਰਾਂ ਦਾ ਰੋਹ ਭੜਕ ਉਠਿਆ ਤੇ ਉਨ੍ਹਾਂ ਵਲੋਂ ਮਿੰਨੀ ਸਕੱਤਰੇਤ ਦੇ ਸਾਹਮਣਿਓਾ ਲੰਘਦੀ ਸੜਕ 'ਚ ਧਰਨਾ ਲਗਾ ਕੇ ਸੜਕੀ ਆਵਾਜਾਈ ਠੱਪ ਕੀਤੀ ਗਈ | ਮਜ਼ਦੂਰਾਂ ਦੇ ਰੋਹ ਨੂੰ ਦੇਖਦਿਆਂ ਤਹਿਸੀਲਦਾਰ ਦੇ ਧਰਨੇ 'ਚ ਪੁੱਜ ਕੇ ਉਨ੍ਹਾਂ ਦੀ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕਰਵਾਉਣ ਦਾ ਸਮਾਂ ਤੈਅ ਕੀਤਾ, ਜਿਸ ਬਾਅਦ ਮਜ਼ਦੂਰਾਂ ਨੇ ਧਰਨਾ ਚੁੱਕ ਕੇ ਸੜਕੀ ਆਵਾਜਾਈ ਬਹਾਲ ਕੀਤੀ | ਚੱਕਾ ਜਾਮ ਦੀ ਅਗਵਾਈ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਪ੍ਰਕਾਸ਼ ਸਿੰਘ ਨੰਦਗੜ੍ਹ ਤੇ ਗੁਰਮੀਤ ਸਿੰਘ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਜੋਰਾ ਸਿੰਘ ਨਸਰਾਲੀ ਤੇ ਮਨਦੀਪ ਸਿੰਘ ਸਿਵੀਆਂ, ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਆਗੂ ਮਿੱਠੂ ਸਿੰਘ ਘੁੱਦਾ, ਮੱਖਣ ਸਿੰਘ ਗੁਰੂਸਰ , ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਕਾਮਰੇਡ ਅਮੀ ਲਾਲ ਤੇ ਕੁਲਵੰਤ ਜੀਦਾ, ਦਲਿਤ ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਸੁਖਪਾਲ ਸਿੰਘ ਖਿਆਲੀਵਾਲਾ, ਮਜ਼ਦੂਰ ਅਧਿਕਾਰ ਅੰਦੋਲਨ ਦੇ ਆਗੂ ਨਛੱਤਰ ਸਿੰਘ ਰਾਮਨਗਰ ਤੇ ਅਜੈਬ ਸਿੰਘ ਖੋਖਰ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਗਨਰੇਗਾ ਸਕੀਮ ਨੂੰ ਬੰਦ ਕਰਨ ਦੇ ਮਕਸਦ ਨਾਲ 27 ਲੱਖ ਮਜ਼ਦੂਰਾਂ ਦੇ ਜੌਬ ਕਾਰਡ ਕੱਟ ਦਿੱਤੇ ਗਏ ਹਨ ਤੇ ਇਸ ਵਿਚ ਭਾਈਵਾਲ ਬਣਦਿਆਂ ਪੰਜਾਬ ਸਰਕਾਰ ਵਲੋਂ ਪਿਛਲੇ ਕਈ ਮਹੀਨਿਆਂ ਤੋਂ ਮਨਰੇਗਾ ਮਜ਼ਦੂਰਾਂ ਨੂੰ ਕੰਮ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਉਨ੍ਹਾਂ ਦੇ ਘਰਾਂ ਦੇ ਚੁੱਲ੍ਹੇ ਠੰਡੇ ਪਏ ਹਨ | ਉਨ੍ਹਾਂ ਕਿਹਾ ਕਿ ਮਨਰੇਗਾ ਸਕੀਮ ਦੀ ਮੁੜ ਬਹਾਲੀ, ਮੀਹਾਂ ਨਾਲ ਹੋਏ ਘਰਾਂ ਦੇ ਨੁਕਸਾਨ ਦੀ ਭਰਪਾਈ, ਔਰਤਾਂ ਨੂੰ 1100 ਰੁਪਏ ਦੇਣ ਦੇ ਵਾਅਦੇ ਨੂੰ ਪੂਰਾ ਕਰਵਾਉਣ ਲਈ ਮਜ਼ਦੂਰ ਜਥੇਬੰਦੀਆਂ ਇਕ ਹਫ਼ਤੇ ਤੋਂ ਡੀ.ਸੀ. ਦਫ਼ਤਰ ਮੂਹਰੇ ਪੱਕਾ ਮੋਰਚਾ ਲਗਾ ਕੇ ਬੈਠੀਆਂ ਹਨ ਪਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ, ਜਿਸ ਤੋਂ ਅੱਕ ਕੇ ਉਹ ਅੱਜ ਸੜਕੀ ਆਵਾਜਾਈ ਠੱਪ ਕਰਨ ਲਈ ਮਜਬੂਰ ਹੋਏ ਹਨ | ਉਨ੍ਹਾਂ ਕਿਹਾ ਕਿ ਪਹਿਲਾਂ ਵੀ ਪ੍ਰਸ਼ਾਸਨ ਨੇ ਧਰਨੇ ਦੇ ਦੂਜੇ ਦਿਨ ਡੀ.ਸੀ. ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ ਪਰ ਅੱਜ ਤੱਕ ਨਹੀਂ ਕਰਵਾਈ ਗਈ ਤੇ ਹੁਣ ਮੁੜ 26 ਨਵੰਬਰ ਨੂੰ ਡੀ.ਸੀ. ਨਾਲ ਮੀਟਿੰਗ ਦਾ ਸਮਾਂ ਤੈਅ ਕੀਤਾ ਹੈ ਪਰ ਤੈਅ ਸਮੇਂ 'ਚ ਮੀਟਿੰਗ ਨਾ ਕੀਤੀ ਗਈ ਤਾਂ ਮੁੜ ਵੱਡਾ ਸੰਘਰਸ਼ ਕੀਤਾ ਜਾਵੇਗਾ |

ਪਿਛਲੀ ਖ਼ਬਰ ਆਈਲੈਟਸ ਅਤੇ ਇਮੀਗ੍ਰੇਸ਼ਨ ਐਸੋਸੀਏਸ਼ਨ ਬਠਿੰਡਾ ਨੇ ਸਾਲਾਨਾ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਮਾਮਲਾ ਪ੍ਰਸ਼ਾਸਨ ਅਤੇ ਪੰਚਾਇਤ ਵਲੋਂ ਸੁਣਵਾਈ ਨਾ ਕਰਨ ਦਾ ਪੀੜਤ ਔਰਤ ਪੈਟਰੋਲ ਦੀ ਬੋਤਲ ਲੈ ਕੇ ਪਾਣੀ ਵਾਲੀ ਟੈਂਕੀ 'ਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।