ਰੂਪਨਗਰ, 17 ਜੂਨ (ਯਸ਼ਵੰਤ ਬੱਸੀ)-11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ 21 ਜੂਨ ਨੂੰ ਸਰਕਾਰੀ ਕਾਲਜ ਰੂਪਨਗਰ ਵਿਖੇ ਮਨਾਇਆ ਜਾਵੇਗਾ | ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਪੂਜਾ ਸਿਆਲ ਗਰੇਵਾਲ ਵਲੋਂ ਇਸ ਦੇ ਸਬੰਧ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਮਨਾਉਣ ਸਬੰਧੀ ਮੀਟਿੰਗ ਕੀਤੀ ਗਈ | ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਉੱਤੇ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਨਿਰਧਾਰਿਤ ਕੀਤੀਆਂ ਅਤੇ ਸਕੂਲੀ ਅਤੇ ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਤੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਇਸ ਸਮਾਗਮ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ | ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਇਸ ਸਮਾਗਮ ਵਿਚ ਪੇਂਡੂ ਖੇਤਰ ਦੇ ਵਸਨੀਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਪੇਂਡੂ ਵਿਕਾਸ ਵਿਭਾਗ ਨੂੰ ਹਦਾਇਤ ਜਾਰੀ ਕੀਤੀ ਅਤੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ, ਬਲਾਕ ਸੰਮਤੀਆਂ ਦੇ ਮੈਂਬਰਾਂ, ਪੰਚਾਇਤ ਸੰਮਤੀਆਂ ਦੇ ਮੈਂਬਰਾਂ ਅਤੇ ਪਿੰਡਾ ਦੀਆਂ ਪੰਚਾਇਤਾ ਨਾਲ ਨਿੱਜੀ ਤੌਰ 'ਤੇ ਸੰਪਰਕ ਕਰਕੇ ਸ਼ਹਿਰੀ ਖੇਤਰਾਂ ਦੇ ਨਾਲ ਨਾਲ ਪੇਂਡੂ ਖੇਤਰਾਂ ਦੇ ਵਸਨੀਕਾਂ ਨੂੰ ਵੀ ਇਸ ਸਮਾਗਮ ਵਿਚ ਸ਼ਮੂਲੀਅਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ | ਇਸ ਮੀਟਿੰਗ ਵਿਚ ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਐਸ.ਡੀ.ਐਮ. ਰੂਪਨਗਰ ਡਾ. ਸੰਜੀਵ ਕੁਮਾਰ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਵਣ ਮੰਡਲ ਅਫ਼ਸਰ ਹਰਜਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ, ਤਹਿਸੀਲਦਾਰ ਹਰਸਿਮਰਨ ਸਿੰਘ, ਸੀ.ਐਮ. ਯੋਗਸ਼ਾਲਾ ਕੋਆਰਡੀਨੇਟਰ ਸੁਰਿੰਦਰ ਝਾਅ, ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਜੋਤੀ ਬੱਬਰ, ਪ੍ਰੋ. ਹਰਜੀਤ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |