ਨੰਗਲ, 15 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਆਰੰਭੀ ਮੁਹਿੰਮ ਦੇ ਤਹਿਤ ਇੱਕ ਦੇਸੀ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਥਾਣਾ ਮੁਖੀ ਨੰਗਲ ਇੰਸਪੈਕਟਰ ਸਿਮਰਨਜੀਤ ਸਿੰਘ ਨੇ ਪੱਤਰਕਾਰਾਂ ਨੂੰ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ, ਐੱਸ.ਐੱਸ.ਪੀ. ਰੂਪਨਗਰ ਗੁਲਨੀਤ ਸਿੰਘ ਖੁਰਾਨਾ ਅਤੇ ਡੀ.ਐੱਸ.ਪੀ. ਨੰਗਲ ਹਰਕੀਰਤ ਸਿੰਘ ਦੇ ਨਿਰਦੇਸ਼ਾਂ ਹੇਠ, ਏ.ਐਸ.ਆਈ. ਕੇਸ਼ਵ ਕੁਮਾਰ ਦੀ ਅਗਵਾਈ ਵਾਲੀ ਇੱਕ ਟੀਮ ਨੇ ਇੱਕ ਸੂਚਨਾ 'ਤੇ ਕਾਰਵਾਈ ਕਰਦਿਆਂ, ਰੇਲਵੇ ਰੋਡ ਦੇ ਰਹਿਣ ਵਾਲੇ ਰਮਨ ਕੁਮਾਰ ਅਤੇ ਟੇਕਾ ਪੱਟੀ ਥਾਣਾ, ਪੂਰਨੀਆ ਬਿਹਾਰ ਦੇ ਰਹਿਣ ਵਾਲੇ ਮਿਥਲੇਸ਼ ਕੁਮਾਰ, ਜੋ ਕਿ ਵਰਤਮਾਨ ਵਿਚ ਸਬਜ਼ੀ ਮੰਡੀ ਨੰਗਲ ਦਾ ਰਹਿਣ ਵਾਲਾ ਹੈ, ਨੂੰ ਇੱਕ ਦੇਸੀ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਗਿ੍ਫ਼ਤਾਰ ਕੀਤਾ | ਐਸ.ਐਚ.ਓ ਨੇ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਦੋਵਾਂ ਨੌਜਵਾਨਾਂ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਅਤੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ | ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ |