ਸਰਕਾਰੀ ਸਕੂਲ ਅਗੰਮਪੁਰ 'ਚ ਪੇਂਟਿੰਗ ਮੁਕਾਬਲੇ ਕਰਵਾਏ
ਅਜੀਤ ਡੈਸਕ
17-10-2025
ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਕਰਨੈਲ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਭਲਾਈ ਲਈ ਬਿਹਤਰ ਉਪਰਾਲੇ ਕੀਤੇ ਜਾ ਰਹੇ ਹਨ | ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਵਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪਿੰਡਾਂ ਵਿਚ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾ ਨੂੰ ਫ਼ਸਲਾਂ ਦੀਆਂ ਬਿਮਾਰੀਆਂ ਦੀ ਰੋਕਥਾਮ ਬਾਰੇ ਪ੍ਰੇਰਿਤ ਕਰਨ | ਇਹ ਜਾਣਕਾਰੀ ਅਮਰਜੀਤ ਸਿੰਘ ਖੇਤੀਬਾੜੀ ਅਫ਼ਸਰ ਨੇ ਸਰਕਾਰੀ ਹਾਈ ਸਕੂਲ ਅਗੰਮਪੁਰ ਵਿਚ ਪੇਂਟਿੰਗ ਮੁਕਾਬਲੇ ਕਰਵਾਉਣ ਮੌਕੇ ਦਿੱਤੀ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ ਅਤੇ ਪਰਾਲੀ ਦੀ ਸੰਭਾਲ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਵਿਦਿਆਰਥੀਆਂ ਵਲੋਂ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਰਾਹੀਂ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਅਤੇ ਇਸ ਨਾਲ ਹੋਣ ਵਾਲੇ ਸਿਹਤ ਨੁਕਸਾਨਾਂ ਬਾਰੇ ਸੁਨੇਹਾ ਦਿੱਤਾ ਗਿਆ | ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਖੇਤਾਂ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਤਾਂ ਜੋ ਧੂੰਏਾ ਨਾਲ ਵਾਤਾਵਰਨ ਅਤੇ ਸਿਹਤ ਨੂੰ ਹੋਣ ਵਾਲੇ ਨੁਕਸਾਨਾਂ ਤੋਂ ਬਚਿਆ ਜਾ ਸਕੇ | ਇਸ ਮੌਕੇ ਪਿੰ੍ਰਸੀਪਲ ਰੁਪਿੰਦਰਜੀਤ ਕੌਰ, ਹਰਿੰਦਰ ਕੁਮਾਰ, ਅਸ਼ੋਕ ਕੁਮਾਰ, ਸਰਬਜੀਤ ਸਿੰਘ, ਮੋਨਿਕਾ, ਰਿੰਕੂ, ਸਵੀਤਾ, ਦਰਸ਼ਨ ਕੁਮਾਰ ਤੇ ਵਰਿੰਦਰ ਸਿੰਘ, ਰਾਜ ਕੁਮਾਰ ਤੇ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |