ਸ੍ਰੀ ਅਨੰਦਪੁਰ ਸਾਹਿਬ, 19 ਨਵੰਬਰ (ਜੇ ਐਸ ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਇਹ ਸੈਮੀਨਾਰ ''ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ, ਬਾਣੀ ਅਤੇ ਸ਼ਹਾਦਤ ਅਜੋਕੇ ਸੰਦਰਭ ਵਿਚ'' ਵਿਸ਼ੇ ਤੇ ਕੇਂਦਰਿਤ ਹੋਵੇਗਾ, ਜਿਸ ਰਾਹੀਂ ਗੁਰੂ ਸਾਹਿਬ ਦੀ ਸ਼ਹਾਦਤ ਦੇ ਵਿਸ਼ਵ-ਪੱਧਰੀ ਸਿਧਾਂਤਾਂ ਨੂੰ ਆਧੁਨਿਕ ਸਮੇਂ ਨਾਲ ਜੋੜ ਕੇ ਪ੍ਰਸਤੁਤ ਕੀਤਾ ਜਾਵੇਗਾ | ਸੈਮੀਨਾਰ ਵਿਚ ਮੁੱਖ ਮਹਿਮਾਨ ਵਜੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਂਡ. ਹਰਜਿੰਦਰ ਸਿੰਘ ਧਾਮੀ ਸ਼ਿਰਕਤ ਕਰਨਗੇ | ਇਸ ਦੇ ਨਾਲ ਸਾਬਕਾ ਸਿੱਖਿਆ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ਼੍ਰੋਮਣੀ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ ਅਤੇ ਅੰਤਰੰਗ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਵੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਣਗੇ | ਇਸ ਸਬੰਧੀ ਕਾਲਜ ਪਿ੍ੰਸੀਪਲ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸੈਮੀਨਾਰ ਸ਼੍ਰੋਮਣੀ ਕਮੇਟੀ ਦੇ ਸਕੱਤਰ ਵਿੱਦਿਆ ਇੰਜੀਨੀਅਰ ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ ਹੇਠ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸੈਮੀਨਾਰ ਵਿਚ ਧਰਮ ਅਧਿਐਨ ਦੇ ਨਾਮਵਰ ਵਿਦਵਾਨ ਆਪਣੇ ਵਿਚਾਰ ਪੇਸ਼ ਕਰਨਗੇ | ਜਿਨ੍ਹਾਂ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਦੇ ਸਾਬਕਾ ਮੁਖੀ ਡਾ. ਬਲਕਾਰ ਸਿੰਘ, ਖ਼ਾਲਸਾ ਯੂਨੀਵਰਸਿਟੀ ਸ੍ਰੀ ਅੰਮਿ੍ਤਸਰ ਦੇ ਧਰਮ ਅਧਿਐਨ ਵਿਭਾਗ ਦੇ ਮੁਖੀ ਪਿ੍ੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਚੇਅਰ ਦੇ ਮੁਖੀ ਡਾ. ਗੁਰਮੀਤ ਸਿੰਘ ਸਿੱਧੂ ਸ਼ਾਮਲ ਹਨ | ਸੈਮੀਨਾਰ ਦੇ ਕਨਵੀਨਰ ਡਾ. ਪਰਮਜੀਤ ਕੌਰ ਨੇ ਦੱਸਿਆ ਕਿ ਇਹ ਵਿਸ਼ੇਸ਼ ਸੈਮੀਨਾਰ ਨਾ ਸਿਰਫ਼ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਦੇ ਇਤਿਹਾਸ ਨੂੰ ਨੌਜਵਾਨ ਪੀੜੀ ਤੱਕ ਪਹੁੰਚਾਉਣ ਵਿਚ ਮਦਦਗਾਰ ਹੋਵੇਗਾ, ਬਲਕਿ ਵਿਦਿਆਰਥੀਆਂ ਅਤੇ ਸਮਾਜ ਦੇ ਸੂਝਵਾਨ ਲੋਕਾਂ ਨੂੰ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸੰਦੇਸ਼ ਧਰਮ ਦੀ ਆਜ਼ਾਦੀ, ਮਨੁੱਖੀ ਅਧਿਕਾਰ ਅਤੇ ਨਿਡਰਤਾ ਨੂੰ ਅਜੋਕੇ ਸਮੇਂ ਦੀਆਂ ਚੁਣੌਤੀਆਂ ਨਾਲ ਜੋੜਨ ਦਾ ਮੌਕਾ ਵੀ ਪ੍ਰਦਾਨ ਕਰੇਗਾ |