11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਮੁਹਾਲੀ ਵਿਖੇ ਲੋਕ ਸਭਾ ਮੈਂਬਰ ਕੰਗ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਨਿਗਰਾਨ ਕਮੇਟੀ ਦੀ ਮੀਟਿੰਗ <br/>

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਮੁਹਾਲੀ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ | ਅਜੀਤ ਤਸਵੀਰ <br/> 31-12-2025
ਐੱਸ. ਏ. ਐੱਸ. ਨਗਰ, 30 ਦਸੰਬਰ (ਪ੍ਰੋ. ਅਵਤਾਰ ਸਿੰਘ)-ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਮਗਨਰੇਗਾ ਯੋਜਨਾ ਦਾ ਨਾਂਅ ਬਦਲਣ ਦੇ ਫ਼ੈਸਲੇ ਦੀ ਸ਼ਖਤ ਸ਼ਬਦਾਂ 'ਚ ਆਲੋਚਨਾ ਕਰਦਿਆਂ ਕਿਹਾ ਕਿ ਇਸ ਨਾਲ ਯੋਜਨਾ ਦਾ ਮੂਲ ਮਕਸਦ ਹੀ ਖ਼ਤਮ ਹੋ ਜਾਵੇਗਾ | ਉਹ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਮੁਹਾਲੀ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਮਗਨਰੇਗਾ ਦਾ ਸਿਰਫ਼ ਨਾਂਅ ਬਦਲਣ ਨਾਲ ਇਸ ਯੋਜਨਾ ਨਾਲ ਜੁੜੀਆਂ ਅਸਲ ਸਮੱਸਿਆਵਾਂ ਹੱਲ ਨਹੀਂ ਹੋ ਸਕਦੀਆਂ, ਸਗੋਂ ਯੋਜਨਾ ਦੇ ਮੌਜੂਦਾ ਢਾਂਚੇ ਨੂੰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਵਧੇਰੇ ਲੋਕਾਂ ਅਤੇ ਰਾਜਾਂ ਨੂੰ ਇਸ ਦਾ ਲਾਭ ਮਿਲ ਸਕੇ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਇਸ ਫ਼ੈਸਲੇ ਵਿਰੁੱਧ ਵਿਧਾਨ ਸਭਾ ਦਾ ਅੱਜ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ, ਜਦਕਿ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰਾਂ ਵਲੋਂ ਸੰਸਦ 'ਚ ਵੀ ਮਗਨਰੇਗਾ ਦਾ ਸਰੂਪ ਬਦਲ ਕੇ ਰਾਜਾਂ 'ਤੇ ਵਿੱਤੀ ਬੋਝ ਵਧਾਉਣ ਅਤੇ ਕੇਂਦਰ ਸਰਕਾਰ ਦੇ ਸੰਘੀ ਢਾਂਚੇ ਵਿਰੋਧੀ ਰੁਖ ਖ਼ਿਲਾਫ਼ ਮਜ਼ਬੂਤੀ ਨਾਲ ਆਵਾਜ਼ ਬੁਲੰਦ ਕੀਤੀ ਗਈ ਹੈ | ਮੀਟਿੰਗ ਦੌਰਾਨ ਲੋਕ ਸਭਾ ਮੈਂਬਰ ਕੰਗ ਨੇ ਜਿਥੇ ਸਿਹਤ ਤੇ ਪਰਿਵਾਰ ਭਲਾਈ, ਪੇਂਡੂ ਵਿਕਾਸ ਤੇ ਪੰਚਾਇਤਾਂ, ਸਥਾਨਕ ਸਰਕਾਰਾਂ, ਮਹਿਲਾ ਤੇ ਬਾਲ ਵਿਕਾਸ, ਪੀਣ ਵਾਲੇ ਪਾਣੀ, ਠੋਸ ਤੇ ਤਰਲ ਕਚਰੇ ਦੇ ਪ੍ਰਬੰਧਨ, ਮਾਈਕਰੋ-ਇਰੀਗੇਸ਼ਨ, ਫ਼ਸਲ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ, ਵੱਖ-ਵੱਖ ਸਬਸਿਡੀ ਯੋਜਨਾਵਾਂ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ ਤੇ ਗ੍ਰਾਮੀਣ), ਮਗਨਰੇਗਾ, ਗ੍ਰਾਮ ਸੜਕ ਯੋਜਨਾ ਅਤੇ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਆਦਿ ਦੀ ਵਿਸਥਾਰ ਨਾਲ ਸਮੀਖਿਆ ਕੀਤੀ | ਇਸੇ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੂੰ ਭਰੋਸਾ ਦਿਵਾਇਆ ਕਿ ਸਾਰੇ ਵਿਕਾਸ ਕਾਰਜ ਨਿਰਧਾਰਤ ਸਮੇਂ ਅੰਦਰ ਪੂਰੇ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਫ਼ੰਡਾਂ ਦੀ ਵਰਤੋਂ 'ਚ ਆ ਰਹੀਆਂ ਰੁਕਾਵਟਾਂ ਨੂੰ ਤਰਜ਼ੀਹੀ ਆਧਾਰ 'ਤੇ ਦੂਰ ਕੀਤਾ ਜਾ ਰਿਹਾ ਹੈ ਅਤੇ ਗੁਣਵੱਤਾ ਤੇ ਨਿਰਧਾਰਤ ਮਿਆਰਾਂ ਨੂੰ ਯਕੀਨੀ ਬਣਾਉਣ ਲਈ ਪੂਰੇ ਨਿਗਰਾਨ ਪ੍ਰਬੰਧ ਲਾਗੂ ਹਨ | ਮੀਟਿੰਗ 'ਚ ਏ. ਡੀ. ਸੀ. (ਸ਼ਹਿਰੀ ਵਿਕਾਸ) ਅਨਮੋਲ ਸਿੰਘ ਢਿੱਲੋਂ, ਏ. ਡੀ. ਸੀ. (ਦਿਹਾਤੀ ਵਿਕਾਸ) ਸੋਨਮ ਚੌਧਰੀ ਅਤੇ ਐੱਸ. ਡੀ. ਐੱਮ. ਮੁਹਾਲੀ ਦਮਨਦੀਪ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਏਅਰਪੋਰਟ ਚੌਕ ਤੋਂ ਕੁਰਾਲੀ ਤੱਕ ਬਣੇ ਹਾਈਵੇਅ ਦੇ ਚਾਲੂ ਹੋਣ ਨਾਲ ਲੋਕਾਂ ਨੂੰ ਮਿਲੀ ਰਾਹਤ: ਗੀਗਾ ਅਗਲੀ ਖ਼ਬਰ ਪੰਜਾਬ 'ਚ ਕੋਰ ਗਰੁੱਪ ਬਣਾ ਕੇ ਸਾਰੇ ਵਰਗਾਂ ਨੂੰ ਪ੍ਰਤੀਨਿਧਤਾ ਦਿੱਤੀ ਜਾਵੇਗੀ : ਡਾ. ਸ਼ੰਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।