• ਗੁਰਦੁਆਰਾ ਪਾਤਸ਼ਾਹੀ 9ਵੀਂ ਬਾਬਾ ਬਕਾਲਾ ਸਾਹਿਬ ਵਿਖੇ ਹੋਏ ਨਤਮਸਤਕ
ਬਾਬਾ ਬਕਾਲਾ ਸਾਹਿਬ, 17 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ. ਐੱਸ. ਪੀ. ਮਨਿੰਦਰ ਸਿੰਘ, ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਨਤਮਸਤਕ ਹੋਏ, ਉਨ੍ਹਾਂ ਕੜਾਹ ਪ੍ਰਸ਼ਾਦਿ ਦੀ ਦੇਗ ਕਰਾਈ ਅਤੇ ਕੁਝ ਸਮਾਂ ਗੁਰਬਾਣੀ ਕੀਰਤਨ ਸਰਵਣ ਕੀਤਾ | ਉਪਰੰਤ ਦਫਤਰ ਸ਼੍ਰੋਮਣੀ ਕਮੇਟੀ ਵਿਖੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਨੇ ਉਨ੍ਹਾਂ ਨੂੰ ਗੁਰੂ ਘਰ ਦਾ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਪੰਜਾਬ 'ਚੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਪਰ ਇਸ ਸੰਬੰਧੀ ਲੋਕਾਂ ਦਾ ਸਹਿਯੋਗ ਵੀ ਬੜਾ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾਮਲੇ ਵਿਚ ਕਿਸੇ ਦਾ ਵੀ ਲਿਹਾਜ ਨਹੀਂ ਹੋਵੇਗਾ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਕਿਹਾ ਕਿ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਅਤੇ ਆਸ ਪਾਸ ਕੁਝ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਨੂੰ ਕਾਬੂ ਕੀਤਾ ਜਾ ਚੁੱਕਾ ਹੈ ਅਤੇ ਹੋਰ ਵੀ ਕਾਰਵਾਈ ਕੀਤੀ ਜਾ ਰਹੀ ਹੈ |
ਨਸ਼ਿਆਂ ਦੇ ਮਾਮਲੇ 'ਚ ਕਿਸੇ ਦਾ ਵੀ ਲਿਹਾਜ਼ ਨਹੀਂ ਹੋਵੇਗਾ- ਐੱਸ. ਐੱਸ. ਪੀ. ਮਨਿੰਦਰ ਸਿੰਘ
ਅਜੀਤ ਡੈਸਕ
18-06-2025