ਡਿਪਟੀ ਕਮਿਸ਼ਨਰ ਵਲੋਂ ਰਾਵੀ ਦਰਿਆ ਦੇ ਨਾਲ ਲੱਗਦੇ ਖੇਤਰਾਂ ਦਾ ਦੌਰਾ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ- ਡੀ. ਸੀ.
ਅਜੀਤ ਡੈਸਕ
18-06-2025
ਅਜਨਾਲਾ/ਰਮਦਾਸ/ਗੱਗੋਮਾਹਲ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ, ਜਸਵੰਤ ਸਿੰਘ ਵਾਹਲਾ, ਬਲਵਿੰਦਰ ਸਿੰਘ ਸੰਧੂ)-ਆਉਣ ਵਾਲੇ ਸਮੇਂ 'ਚ ਬਰਸਾਤੀ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਵਲੋਂ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਰਾਵੀ ਦਰਿਆ ਨਾਲ ਲੱਗਦੇ ਵੱਖ-ਵੱਖ ਪੋਸਟਾਂ ਦਾ ਦੌਰਾ ਕੀਤਾ ਅਤੇ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਦੌਰਾਨ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਅੰਮਿ੍ਤਸਰ ਸਾਕਸ਼ੀ ਸਾਹਨੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਦੇਖਦਿਆਂ ਹੋਇਆਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸੰਬੰਧਤ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ | ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇੇ ਦੱਸਿਆ ਕਿ ਜਿਨ੍ਹਾਂ ਥਾਵਾਂ ਤੇ ਹੜ੍ਹਾਂ ਦਾ ਜ਼ਿਆਦਾ ਖ਼ਤਰਾ ਹੈ ਉੱਥੇ ਮੁਰੰਮਤ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਪੂਰੇ ਇੰਤਜਾਮ ਕੀਤੇ ਜਾ ਰਹੇ ਹਨ ਅਤੇ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਦੇਖਦਿਆਂ ਹੋਇਆਂ ਨਵੀਂਆਂ ਬੇੜੀਆਂ ਦੀ ਖ਼ਰੀਦ ਅਤੇ ਪੁਰਾਣੀਆਂ ਬੇੜੀਆਂ ਦੀ ਮੁਰੰਮਤ ਵੀ ਕਰਵਾਈ ਗਈ ਹੈ | ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਉਹ ਅੱਜ ਵਿਸ਼ੇਸ਼ ਤੌਰ ਤੇ ਵੇਖਣ ਆਏ ਹਨ ਕਿ ਕਿਹੜੀਆਂ ਡਰੇਨਾਂ ਦੀ ਮੁਰੰਮਤ ਪਹਿਲ ਦੇ ਆਧਾਰ ਤੇ ਤੁਰੰਤ ਕੀਤੀ ਜਾਣੀ ਬਣਦੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਤੋਂ ਬਚਿਆ ਜਾ ਸਕੇ | ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਰਾਵੀ ਦਰਿਆ ਨਾਲ ਲੱਗਦੇ ਇਲਾਕਿਆਂ ਵਿਚ ਹੜ੍ਹ ਦੀ ਸਥਿਤੀ ਨਾਲ ਨਿਪਟਣ ਲਈ ਅਧਿਕਾਰੀਆਂ ਦੀਆਂ ਪਿੰਡ ਪੱਧਰ ਉਤੇ ਡਿਊਟੀਆਂ ਲਗਾਉਣ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਲਿਜਾਣ, ਉਨ੍ਹਾਂ ਦੇ ਖਾਣ-ਪੀਣ ਦਾ ਪ੍ਰਬੰਧ ਕਰਨ ਅਤੇ ਪਸ਼ੂਆਂ ਦੇ ਚਾਰੇ ਆਦਿ ਦਾ ਪ੍ਰਬੰਧ ਕਰਨ ਲਈ ਤਿਆਰ ਰਹਿਣ ਵਾਸਤੇ ਵੀ ਕਿਹਾ | ਇਸ ਮੌਕੇ ਐੱਸ.ਡੀ.ਐੱਮ ਅਜਨਾਲਾ ਰਵਿੰਦਰ ਸਿੰਘ ਅਰੋੜਾ, ਐਕਸੀਅਨ ਗੁਰਬੀਰ ਸਿੰਘ, ਨਾਇਬ ਤਹਿਸੀਲਦਾਰ ਰਮਦਾਸ ਇੰਦਰਜੀਤ ਕੌਰ, ਡੀ.ਡੀ.ਪੀ.ਓ. ਸੰਦੀਪ ਮਲੋਤਰਾ, ਬੀ.ਡੀ.ਪੀ.ਓ. ਰਮਦਾਸ ਪਵਨ ਕੁਮਾਰ ਤੇ ਸਾਬਕਾ ਸਰਪੰਚ ਪਿ੍ਥੀਪਾਲ ਸਿੰਘ ਘੋਹਨੇਵਾਲਾ ਤੋਂ ਇਲਾਵਾ ਸਿਵਲ ਪ੍ਰਸ਼ਾਸਨ ਅਤੇ ਬੀ. ਐੱਸ. ਐੱਫ. ਦੇ ਉੱਚ ਅਧਿਕਾਰੀ ਹਾਜ਼ਰ ਸਨ |