ਅੰਮਿ੍ਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ਼ਾਮ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਜੋ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗਏ ਸਨ, ਦੇ ਗ੍ਰਹਿ ਸਥਾਨਕ ਬ੍ਰਹਮਬੂਟਾ ਮਾਰਕੀਟ ਵਿਖੇ ਅਫਸੋਸ ਕਰਨ ਪੁੱਜੇ | ਇਸ ਮੌਕੇ ਉਨ੍ਹਾਂ ਭਾਈ ਰਾਮ ਸਿੰਘ ਦੀ ਪਤਨੀ ਬੀਬੀ ਹਰਦੀਪ ਕੌਰ ਅਤੇ ਬੇਟੇ ਸਰਤਾਜ ਸਿੰਘ ਸਮੇਤ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਭਾਈ ਰਾਮ ਸਿੰਘ ਬਹੁਤ ਹੀ ਨਿਮਰ ਸੁਭਾਅ ਵਾਲੇ ਨੇਕ ਦਿਲ ਇਨਸਾਨ ਸਨ, ਜਿਨ੍ਹਾਂ ਨੇ ਹਮੇਸ਼ਾ ਪੰਥਕ ਸਰੋਕਾਰਾਂ ਨੂੰ ਪਹਿਲ ਦਿੱਤੀ | ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਲੰਬਾ ਸਮਾਂ ਸੇਵਾਵਾਂ ਨਿਭਾਈਆਂ ਅਤੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਕਾਰਜਾਂ ਵਿਚ ਯੋਗਦਾਨ ਪਾਇਆ | ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਵੀ ਵੱਡਾ ਘਾਟਾ ਪਿਆ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਤੇ ਅਕਾਲੀ ਆਗੂ ਕੁਲਦੀਪ ਸਿੰਘ ਪੰਡੋਰੀ ਆਦਿ ਵੀ ਹਾਜ਼ਰ ਸਨ |