ਮਜੀਠਾ, 3 ਦਸੰਬਰ (ਮਨਿੰਦਰ ਸਿੰਘ ਸੋਖੀ)-ਗੁਰਦੁਆਰਾ ਮਾਈਆਂ ਵਾਲਾ ਮਜੀਠਾ ਵਿਖੇ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਗੁਰੂ ਗਰੰਥ ਸਾਹਿਬ ਦੀ ਹਜ਼ੂਰੀ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ | ਜਿਸ ਵਿਚ ਸ਼ਾਮ ਵਕਤ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਪੰਥ ਪ੍ਰਸਿੱਧ ਰਾਗੀ ਭਾਈ ਹਰਪਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਲੋਂ ਮਨੋਹਰ ਗੁਰਬਾਣੀ ਕੀਰਤਨ ਕਰਕੇ ਅਤੇ ਕਥਾਵਾਚਕ ਗਿਆਨੀ ਜਸਵੰਤ ਸਿੰਘ ਪਰਵਾਨਾ ਵਲੋਂ ਸ਼ਹੀਦੀ ਸ਼ਤਾਬਦੀ ਦੇ ਸੰਬੰਧ ਵਿਚ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਵਲੋਂ ਗੁਰਮਤਿ ਵਿਚਾਰਾਂ ਕਰਨ ਤੋਂ ਬਾਅਦ ਸਮਾਗਮ ਦੀ ਸੰਪੂਰਨਤਾ, ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ |