ਰਾਮ ਤੀਰਥ, 3 ਦਸੰਬਰ (ਧਰਵਿੰਦਰ ਸਿੰਘ ਔਲਖ)-ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ ਕਾਂਗਰਸੀ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਇਤਿਹਾਸਕ ਜਿੱਤ ਹਾਸਿਲ ਕਰਨਗੇ | ਉਕਤ ਵਿਚਾਰਾਂ ਦਾ ਪ੍ਰਗਟਾਵਾ ਸੁਖਬਿੰਦਰ ਸਿੰਘ ਸਰਕਾਰੀਆ ਦੇ ਮੀਡੀਆ ਸਲਾਹਕਾਰ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਮੁੱਖ ਬੁਲਾਰੇ ਅਮਨਦੀਪ ਸਿੰਘ ਕੱਕੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਹ ਚੋਣਾਂ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਟ੍ਰੇਲਰ ਹੋਣਗੀਆਂ | ਪੰਜਾਬ ਸਰਕਾਰ ਇਨ੍ਹਾਂ ਚੋਣਾਂ ਵਿਚ ਪੂਰੀ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕਰੇਗੀ | ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਡਰਾਇਆ ਧਮਕਾਇਆ ਜਾਵੇਗਾ, ਐੱਨ. ਓ. ਸੀ., ਚੁੱਲਾ ਟੈਕਸ ਨਾ ਦੇਣ ਦੀ ਵੀ ਸਰਕਾਰ ਪੂਰੀ ਕੋਸ਼ਿਸ਼ ਕਰੇਗੀ | ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਅਤੇ ਵਰਕਰ ਸਰਕਾਰ ਦੀ ਹਰ ਧੱਕੇਸ਼ਾਹੀ ਦਾ ਮੂੰਹ ਤੋੜ ਜਵਾਬ ਦੇਣਗੇ |