ਪਾਤੜਾਂ, 16 ਜੂਨ (ਜਗਦੀਸ਼ ਸਿੰਘ ਕੰਬੋਜ)-ਪੰਜਾਬ ਸਰਕਾਰ ਵਲੋਂ ਨਹਿਰਾਂ ਦੀ ਸਫ਼ਾਈ ਤੇ ਉਸਾਰੀ ਕਾਰਜਾਂ ਤੋਂ ਬਾਅਦ ਹੁਣ ਸੂਇਆਂ ਤੇ ਖਾਲਿਆਂ 'ਚ ਨਹਿਰੀ ਪਾਣੀ ਛੱਡ ਦਿੱਤਾ ਗਿਆ ਹੈ, ਜਿਸ ਨਾਲ ਲੰਬੇ ਸਮੇਂ ਤੋਂ ਸੋਕੇ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ | ਸੋਮਵਾਰ ਨੂੰ ਜਦੋਂ ਪਾਤੜਾਂ ਦੇ ਪਿੰਡ ਹਮਝੇੜੀ (ਕਰਮਗੜ੍ਹ 2) ਵਿਚ ਕਈ ਸਾਲਾਂ ਬਾਅਦ ਨਹਿਰ ਦਾ ਪਾਣੀ ਖੇਤਾਂ 'ਚ ਪਹੁੰਚਿਆ ਤਾਂ ਕਿਸਾਨਾਂ ਨੇ ਮਠਿਆਈਆਂ ਵੰਡ ਕੇ ਜਸ਼ਨ ਮਨਾਇਆ ਅਤੇ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਤੇ ਸਰਕਾਰ ਦਾ ਧੰਨਵਾਦ ਕੀਤਾ | ਪਿੰਡ ਦੇ ਕਿਸਾਨ ਇੰਦਰਜੀਤ ਸਿੰਘ (ਸਰਪੰਚ, ਦਿਆਲ ਨਗਰ ਹਮਝੇੜੀ) ਤੇ ਕਿਸਾਨ ਮੱਖਣ ਸਿੰਘ ਨੇ ਕਿਹਾ ਕਿ ਪਿਛਲੇ 40 ਸਾਲਾਂ ਤੋਂ ਪਿੰਡ ਦੀ ਨਹਿਰੀ ਖਾਲ 'ਚ ਪਾਣੀ ਨਹੀਂ ਸੀ | ਇਸ ਕਾਰਨ ਕਿਸਾਨਾਂ ਨੂੰ ਸਿੰਚਾਈ ਲਈ ਧਰਤੀ ਹੇਠਲੇ ਪਾਣੀ 'ਤੇ ਨਿਰਭਰ ਰਹਿਣਾ ਪੈਂਦਾ ਸੀ, ਜਿਸ ਨਾਲ ਨਾ ਸਿਰਫ਼ ਖਰਚੇ ਵਧਦੇ ਸਨ, ਸਗੋਂ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਲਗਾਤਾਰ ਹੇਠਾਂ ਜਾ ਰਿਹਾ ਸੀ | ਅਨੁਸੂਚਿਤ ਜਾਤੀ ਭਾਈਚਾਰੇ ਦੇ ਖੇਤਾਂ ਨੂੰ ਨਹਿਰੀ ਪਾਣੀ ਦੀ ਉਪਲਬਧਤਾ 'ਤੇ ਖੁਸ਼ੀ ਪ੍ਰਗਟ ਕਰਦੇ ਹੋਏ ਆਮ ਆਦਮੀ ਪਾਰਟੀ ਨੇ ਕਿਹਾ ਕਿ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਹੋਏ ਹਨ | ਇਸ ਮੌਕੇ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਕਿਹਾ ਕਿ ਹਲਕੇ ਅੰਦਰ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ ਜਿਸ ਕਾਰਨ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ, ਜਿਸ ਲਈ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਧਾਈ ਦੇ ਪਾਤਰ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ |