ਸਮਾਣਾ, 16 ਜੂਨ (ਹਰਵਿੰਦਰ ਸਿੰਘ ਟੋਨੀ)-ਗੁਰਦੁਆਰਾ ਗੁਰੂ ਰਵਿਦਾਸ ਸਾਹਿਬ ਮਲਕਾਨਾ ਪੱਤੀ ਸਮਾਣਾ ਵਿਖੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਮਨਪ੍ਰੀਤ ਸਿੰਘ ਖ਼ਾਲਸਾ ਤੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਬਲਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਬੱਚਿਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ | ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸਿੱਖ ਵਿਦਵਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਸਮੁੱਚੀ ਮਨੱੁਖਤਾ ਲਈ ਪ੍ਰੇਰਣਾਸ੍ਰੋਤ ਹੈ | ਉਨ੍ਹਾਂ ਹੱਕ, ਸੱਚ ਤੇ ਮਨੁੱਖੀ ਅਧਿਕਾਰਾਂ ਲਈ ਸ਼ਹਾਦਤ ਦਾ ਰਾਹ ਚੁਣਿਆ | ਉਨ੍ਹਾਂ ਗੁਰਦੁਆਰਾ ਸਾਹਿਬ ਦੀ ਕਮੇਟੀ ਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਹ ਹਰ ਗੁਰਪੁਰਬ ਤੇ ਸ਼ਹੀਦੀ ਦਿਹਾੜੇ ਮਨਾ ਕੇ ਸੰਗਤ ਨੂੰ ਗੁਰਮਤਿ ਨਾਲ ਜੋੜਨ ਦਾ ਉਪਰਾਲਾ ਕਰਦੇ ਹਨ | ਸਮਾਗਮ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਥਾਪਨਾ ਦਿਵਸ ਦੀ ਸੰਗਤਾਂ ਨੂੰ ਵਧਾਈ ਦਿੱਤੀ ਗਈ | ਸਮਾਗਮ 'ਚ ਸੇਵਾਦਾਰਾਂ ਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਦਾ ਸਨਮਾਨ ਕੀਤਾ | ਸਮਾਗਮ 'ਚ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਰਾਜ ਸਿੰਘ ਨੇ ਸੰਗਤਾਂ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ | ਸਮਾਗਮ 'ਚ ਸੁਸਾਇਟੀ ਦੀ ਪ੍ਰਧਾਨ ਬੀਬੀ ਜਸਵਿੰਦਰ ਕੌਰ, ਬੀਬੀ ਦਰਸ਼ਨ ਕੌਰ, ਬੀਬੀ ਕੁਲਵੰਤ ਕੌਰ, ਮਾਤਾ ਬਲਵਿੰਦਰ ਕੌਰ, ਬੀਬੀ ਨਿਰਮਲ ਕੌਰ, ਬੀਬੀ ਮਲਕੀਤ ਕੌਰ, ਬੀਬੀ ਕੁਲਜੀਤ ਕੌਰ, ਬੀਬੀ ਸੁਖਜੀਤ ਕੌਰ, ਬੀਬੀ ਬੇਅੰਤ ਕੌਰ, ਬੀਬੀ ਕਰਮਜੀਤ ਕੌਰ, ਬਲਰਾਜ ਸਿੰਘ ਫ਼ੌਜੀ, ਕੈਪਟਨ ਗਗਨਦੀਪ ਸਿੰਘ, ਮਾ. ਬਲਦੇਵ ਸਿੰਘ ਤੇ ਭਾਰੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |