ਸਮਾਣਾ, 17 ਜੂਨ (ਪ੍ਰੀਤਮ ਸਿੰਘ ਨਾਗੀ, ਸਾਹਿਬ ਸਿੰਘ)-ਸਮਾਣਾ ਦੇ ਪੁਲਿਸ ਉਪ-ਕਪਤਾਨ ਫਤਿਹ ਸਿੰਘ ਬਰਾੜ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਸ਼ਿਆਂ ਵਿਰੁੱਧ ਜਾਰੀ ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਅਤੇ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਨਸ਼ਿਆਂ ਦੀ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ ਹੈ | ਸ. ਬਰਾੜ ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਤਸਕਰੀ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਵਿਅਕਤੀਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਸਾਡੀ ਟੀਮ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਸਮਾਜ ਵਿਚ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਸਮਾਜ ਦੇ ਹਰ ਵਰਗ, ਖ਼ਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਪੁਲਿਸ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਵਿਚ ਯੋਗਦਾਨ ਪਾਉਣ | ਉਨ੍ਹਾਂ ਨੇ ਸਥਾਨਕ ਲੋਕਾਂ ਨੂੰ ਵੀ ਸੁਚੇਤ ਰਹਿਣ ਅਤੇ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਪੁਲਿਸ ਨੂੰ ਦੇਣ ਦੀ ਬੇਨਤੀ ਕੀਤੀ | ਸ. ਬਰਾੜ ਨੇ ਦੱਸਿਆ ਕਿ ਸਮਾਣਾ ਪੁਲਿਸ ਨੇ ਹਾਲ ਹੀ ਵਿਚ ਕਈ ਮੁਹਿੰਮਾਂ ਰਾਹੀਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਅਤੇ ਅਪਰਾਧੀ ਅਨਸਰਾਂ 'ਤੇ ਨਕੇਲ ਕੱਸਣ ਵਿਚ ਸਫਲਤਾ ਹਾਸਲ ਕੀਤੀ ਹੈ | ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਇਹ ਮੁਹਿੰਮ ਭਵਿੱਖ ਵਿਚ ਵੀ ਜਾਰੀ ਰਹੇਗੀ |