ਪਟਿਆਲਾ, 20 ਜੂਨ (ਅ.ਸ. ਆਹਲੂਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਪਾਤਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮ ਦੇ ਮੱਦੇਨਜਰ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਤਾਬਦੀ ਦਫਤਰ ਖੋਲਿ੍ਹਆ ਗਿਆ | ਜਿਸ ਦੀ ਸ਼ੁਰੂਆਤ ਅੱਜ ਹੈੱਡ ਗ੍ਰੰਥੀ ਗਿਆਨੀ ਫੁਲਾ ਸਿੰਘ ਵਲੋਂ ਕੀਤੀ ਅਰਦਾਸ ਉਪਰੰਤ ਹੋਈ | ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਲੜੂ, ਕਥਾਵਾਚਕ ਗਿਆਨੀ ਪਿ੍ਤਪਾਲ ਸਿੰਘ ਆਦਿ ਪੁੱਜੇ ਹੋਏ ਸਨ | ਆਗੂਆਂ ਮੁਤਾਬਕ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਤਾਬਦੀ ਸ਼੍ਰੋਮਣੀ ਕਮੇਟੀ ਵਲੋਂ ਮਨਾਈ ਜਾ ਰਹੀ ਹੈ ਅਤੇ ਮਾਲਵਾ ਜੋਨ ਅੰਦਰ ਇਸ ਗੁਰਮਤਿ ਸਮਾਗਮ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ 4 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਨਾਲ ਹੋਵੇਗੀ ਅਤੇ 6 ਜੁਲਾਈ ਨੂੰ ਮੁੱਖ ਸਮਾਗਮ ਹੋਵੇਗਾ | ਇੱਥੇ ਸਮਾਗਮ ਸੁਰਜੀਤ ਸਿੰਘ ਗੜ੍ਹੀ ਦੀ ਅਗਵਾਈ ਵਿਚ ਹੋਣਗੇ | ਪ੍ਰੋ. ਬਡੂੰਗਰ ਨੇ ਦੱਸਿਆ ਕਿ ਸਤਾਬਦੀ ਸਮਾਗਮ ਸਬੰਧੀ ਦਫਤਰ ਵਿਖੇ ਪ੍ਰਚਾਰਕ ਪਰਵਿੰਦਰ ਸਿੰਘ ਰਿਉਂਦ ਨੂੰ ਕੋਆਰਡੀਨੇਟਰ ਲਗਾਇਆ ਗਿਆ | ਜਥੇਦਾਰ ਸੁਰਜੀਤ ਸਿੰਘ ਗੜ੍ਹੀ ਮੁਤਾਬਿਕ 350 ਸਾਲਾ ਸ਼ਹੀਦੀ ਦਿਹਾੜੇ ਸੰਬੰਧੀ ਉਲੀਕੇ ਪ੍ਰੋਗਰਾਮ ਅਨੁਸਾਰ ਮਾਲਵਾ ਜੋਨ ਵਿਚੋਂ ਸਤਾਬਦੀ ਸਮਾਗਮ ਦੀ ਸ਼ੁਰੂਆਤ ਗੁਰਦੁਆਰਾ ਮੋਤੀ ਬਾਗ ਸਾਹਿਬ ਤੋਂ ਹੋਣ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਗੁਰਮਤਿ ਸਮਾਗਮ ਵੱਡੇ ਪੱਧਰ 'ਤੇ ਹੋਣਗੇ ਤਾਂ ਜੋ ਗੁਰੂ ਸਾਹਿਬ ਦਾ ਉਦੇਸ਼ ਘਰ ਘਰ ਤੱਕ ਪਹੁੰਚਾਇਆ ਜਾ ਸਕੇ | ਪ੍ਰਚਾਰਕ ਸਾਹਿਬਾਨ ਪਿੰਡਾਂ ਵਿਚ ਜਾ ਕੇ ਸੰਗਤਾਂ ਤੱਕ ਪਹੁੰਚ ਕਰਨ ਤਾਂ ਕਿ ਸਮਾਗਮ ਸਫਲਤਾਪੂਰਵਕ ਨੇਪਰੇ ਚਾੜਿ੍ਹਆ ਜਾ ਸਕੇ | ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੈਨੇਜਰ ਭਾਗ ਸਿੰਘ ਚੌਹਾਨ, ਐਡੀਸ਼ਨਲ ਮੈਨੇਜਰ ਜਸਵਿੰਦਰ ਸਿੰਘ, ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ, ਮੈਨੇ. ਜਸਵਿੰਦਰ ਸਿੰਘ ਬਾਬਾ ਅਜੇਪਾਲ ਨਾਭਾ, ਜੋਗਿੰਦਰ ਸਿੰਘ ਪੰਛੀ, ਗੁਰਪਿਆਰ ਸਿੰਘ ਜੌਹਰ, ਜਸਵੀਰ ਸਿੰਘ ਆਦਿ ਸਾਮਲ ਸਨ |