ਸ਼ੁਤਰਾਣਾ, 20 ਜੂਨ (ਨਵਜੋਤ ਸਿੰਘ ਮਹਿਰੋਕ)-ਹਲਕਾ ਸ਼ੁਤਰਾਣਾ ਵਿਖੇ ਕਾਂਗਰਸ ਪਾਰਟੀ ਵਲੋਂ ਸਰਗਰਮੀਆਂ ਦਿਖਾਉਂਦੇ ਹੋਏ ਜਨਤਾ ਨੂੰ ਪਾਰਟੀ ਦੀਆਂ ਉਪਲੱਬਧੀਆਂ ਤੋਂ ਜਾਣੂ ਕਰਵਾਉਣ ਲਈ ਪਿੰਡੋਂ ਪਿੰਡੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸੇ ਕੜੀ ਤਹਿਤ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਨਛੱਤਰ ਸਿੰਘ ਅਰਾਂਈਮਾਜਰਾ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਯੂਥ ਨਾਲ ਮੀਟਿੰਗ ਕਰਕੇ ਅੱਗੇ ਆਉਣ ਦੇ ਨਾਲ-ਨਾਲ ਦੇ ਪਾਰਟੀ ਨੂੰ ਮਜਬੂਤ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਰੱਖਿਆ ਹੋਇਆ ਹੈ | ਇਨ੍ਹਾਂ ਮੀਟਿੰਗਾਂ ਦਾ ਮੁੱਖ ਮਕਸਦ ਕਾਂਗਰਸ ਪਾਰਟੀ ਨੂੰ ਪੰਜਾਬ ਸੂਬੇ ਵਿਚ ਜਮੀਨੀ ਪੱਧਰ 'ਤੇ ਮਜਬੂਤ ਕਰਨਾ ਹੈ ਜਿਸ ਵਿੱਚ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਲਈ ਅਤੇ ਪਾਰਟੀ ਨੂੰ ਮਜਬੂਤ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਵਿਧਾਨ ਨੂੰ ਸੈਂਟਰ ਸਰਕਾਰ ਵੱਲੋਂ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਕਾਂਗਰਸ ਪਾਰਟੀ ਇਸ ਤਰ੍ਹਾਂ ਨਹੀਂ ਹੋਣ ਦੇਵੇਗੀ ਇਸਦੇ ਲਈ ਚਾਹੇ ਕਾਂਗਰਸ ਪਾਰਟੀ ਨੂੰ ਕੋਈ ਵੀ ਕੀਮਤ ਅਦਾ ਕਰਨੀ ਪਵੇ ਤਾਂ ਉਹ ਇਸਤੋਂ ਪਿੱਛੇ ਨਹੀਂ ਹਟੇਗੀ | ਉਨ੍ਹਾਂ ਦੱਸਿਆ ਕਿ ਰਵਾਇਤੀ ਪਾਰਟੀਆਂ ਦੇ ਝੂਠੇ ਵਾਅਦਿਆਂ ਤੋਂ ਤੰਗ ਆਕੇ ਲੋਕ ਹੁਣ ਕਾਂਗਰਸ ਪਾਰਟੀ ਨਾਲ ਵੱਡੇ ਪੱਧਰ 'ਤੇ ਜੁੜ ਰਹੇ ਹਨ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਰਟੀ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਕਾਂਗਰਸ ਪਾਰਟੀ 2027 ਦੀਆਂ ਚੋਣਾਂ ਦੌਰਾਨ ਵੱਡੀ ਜਿੱਤ ਪ੍ਰਾਪਤ ਕਰਕੇ ਸੱਤਾ ਵਿਚ ਆਵੇਗੀ |