ਸਮਾਣਾ, 31 ਅਗਸਤ (ਹਰਵਿੰਦਰ ਸਿੰਘ ਟੋਨੀ)- ਲਾਗਲੇ ਪਿੰਡ ਮਿਆਲ ਕਲਾਂ ਗੁਰਦੁਆਰਾ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਦੀ ਅਗਵਾਈ ਹੇਠ ਯੂਨੀਅਨ ਦੀ ਮੀਟਿੰਗ ਹੋਈ ਜਿਸ ਵਿਚ ਇਲਾਕੇ ਦੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਆਗੂਆਂ ਅਤੇ ਕਿਸਾਨਾਂ ਨੇ ਬੀਕੇਯੂ ਕ੍ਰਾਂਤੀਕਾਰੀ ਨੂੰ ਛੱਡ ਕੇ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਕਿਸਾਨ, ਮਜ਼ਦੂਰ ਤੇ ਵਪਾਰੀ ਵਰਗ ਲਈ ਸਮਰਪਿਤ ਹੋ ਕੇ ਕੰਮ ਕਰ ਰਹੀ ਹੈ | ਉਨ੍ਹਾਂ ਨੇ ਜੱਥੇਬੰਦੀ 'ਚ ਸ਼ਾਮਿਲ ਹੋਣ ਵਾਲੇ ਕਿਸਾਨ ਆਗੂਆਂ ਤੇ ਕਿਸਾਨਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਹਮੇਸ਼ਾ ਹੀ ਸਮਾਣਾ ਇਲਾਕੇ ਦੇ ਕਿਸਾਨਾਂ ਨਾਲ ਖੜ੍ਹੀ ਹੈ | ਉਨ੍ਹਾਂ ਨਾਲ ਹੀ ਕਿਹਾ ਕਿ ਕਿਸਾਨਾਂ ਦੇ ਕੁਦਰਤੀ ਆਫ਼ਤ ਨਾਲ ਹੋਏ ਨੁਕਸਾਨ ਨੂੰ ਕੁਦਰਤੀ ਆਫ਼ਤ ਕਹਿ ਕੇ ਸਰਕਾਰ ਅਪਣੀ ਜ਼ਿੰਮੇਵਾਰੀ ਤੋਂ ਮੁਕਤ ਨਹੀਂ ਹੋ ਸਕਦੀ | ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋਂ ਜਲਦ ਹੀ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾਵੇਗਾ | ਇਸ ਮੌਕੇ ਸੂਬਾ ਪ੍ਰੈੱਸ ਸਕੱਤਰ ਹਰਬੰਸ ਸਿੰਘ ਦਦਹੇੜਾ, ਜਰਨਲ ਸਕੱਤਰ ਗੁਰਭੇਜ ਸਿੰਘ ਭੇਜਾ, ਜ਼ਿਲ੍ਹਾ ਪ੍ਰਧਾਨ ਗੁਰਲਾਲ ਸਿੰਘ, ਬਲਾਕ ਪ੍ਰਧਾਨ ਰਣਜੀਤ ਸਿੰਘ, ਖ਼ਜ਼ਾਨਚੀ ਕਾਬਲ ਦਾਨੀਪੁਰ ਤੋਂ ਇਲਾਵਾ ਹੋਰ ਅਹੁਦੇਦਾਰਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਇਲਾਕੇ ਵਿਚੋਂ ਨਸ਼ੇ ਨੂੰ ਖ਼ਤਮ ਕਰਨ ਲਈ ਹਰ ਤਰ੍ਹਾਂ ਦਾ ਸੰਘਰਸ਼ ਕਰਨ ਲਈ ਤਿਆਰ ਹਨ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਜਸਵੰਤ ਸਿੰਘ, ਸਕੱਤਰ ਯਾਦਵਿੰਦਰ ਸਿੰਘ, ਮੀਤ ਪ੍ਰਧਾਨ ਜੋਗਾ ਸਿੰਘ ਦਾਨੀਪੁਰ, ਕੁਲਵੰਤ ਬਲਾਕ ਮੀਤ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਲਾਭ ਸਿੰਘ, ਸੋਨੀ ਮਿਆਲਾਂ, ਸੁਬੇਗ ਸਿੰਘ, ਭੁਪਿੰਦਰ ਸਿੰਘ, ਕੁਲਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਹੁਦੇਦਾਰ ਨਿਯੁਕਤ ਕੀਤੇ ਗਏ ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਆਗੂ ਅਤੇ ਕਿਸਾਨ ਹਾਜ਼ਰ ਸਨ |