ਪਟਿਆਲਾ, 21 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਮੌਜੂਦਾ ਸਾਉਣੀ ਦੇ ਸੀਜ਼ਨ ਦੌਰਾਨ 108 ਖ਼ਰੀਦ ਕੇਂਦਰਾਂ 'ਚੋਂ ਹੁਣ ਤੱਕ 4 'ਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਖ਼ਰੀਦ ਕੇਂਦਰ ਵਿਚ 258 ਮੀਟਰਿਕ ਟਨ ਝੋਨਾ ਮੰਡੀਆਂ ਵਿਚ ਪੁੱਜ ਚੁੱਕਾ ਹੈ ਅਤੇ ਜਿਸ 'ਚੋਂ 169 ਮੀਟਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ 'ਚੋਂ ਪਨਗਰੇਨ ਵਲੋਂ 80 ਮੀਟਰਿਕ ਟਨ, ਮਾਰਕਫੈੱਡ ਵਲੋਂ 22 ਮੀਟਰਿਕ ਟਨ ਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 35 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ | ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕਰੇਗੀ ਤੇ ਕਿਸਾਨਾਂ ਨੂੰ ਮੰਡੀਆਂ 'ਚ ਕੋਈ ਦਿਕਤ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਪਰਾਲੀ ਪ੍ਰਬੰਧਨ ਕਰਨ ਲਈ ਮਸ਼ੀਨਰੀ ਉਪਲਬਧ ਹੈ ਤੇ ਕਿਸਾਨ ਇਸ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਨਿਪਟਾਰਾ ਆਸਾਨੀ ਨਾਲ ਕਰ ਸਕਦੇ ਹਨ |