ਪਟਿਆਲਾ, 16 ਅਕਤੂਬਰ (ਅ.ਸ. ਆਹਲੂਵਾਲੀਆ)-ਕਾਰਪੋਰੇਸ਼ਨ ਨੇ ਮਿ੍ਤਕ ਰੈਗੂਲਰ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵੱਡੀ ਆਰਥਿਕ ਸਹਾਇਤਾ ਪ੍ਰਦਾਨ ਕਰਦਿਆਂ ਮਿਸਾਲ ਕਾਇਮ ਕੀਤੀ ਹੈ | ਇਸ ਮਨੁੱਖੀ ਪਹਿਲਕਦਮੀ ਤਹਿਤ ਕਾਰਪੋਰੇਸ਼ਨ ਨੇ ਮਿ੍ਤਕ ਮੁਲਾਜ਼ਮਾਂ ਦੇ ਪੰਜ ਆਸਰਿਤ ਬੱਚਿਆਂ ਨੂੰ ਤਰਸ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡੇ | ਕਾਰਪੋਰੇਸ਼ਨ ਦੇ ਉੱਚ ਅਧਿਕਾਰੀਆਂ ਦੀ ਮੌਜੂਦਗੀ ਵਿਚ ਹੋਏ ਇਕ ਸਾਦੇ ਢੰਗ ਨਾਲ ਇਨ੍ਹਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਪਰਿਵਾਰ ਅਤੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ | ਅਧਿਕਾਰੀਆਂ ਨੇ ਦੱਸਿਆ ਕਿ ਇਹ ਸਹਾਇਤਾ ਉਨ੍ਹਾਂ ਮੁਲਾਜ਼ਮਾਂ ਦੇ ਸਨਮਾਨ ਵਜੋਂ ਦਿੱਤੀ ਗਈ ਹੈ, ਜਿਨ੍ਹਾਂ ਨੇ ਸ਼ਹਿਰ ਦੀ ਸੇਵਾ ਕਰਨ ਵਿਚ ਵੱਡਾ ਯੋਗਦਾਨ ਪਾਇਆ | ਮੇਅਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਕਾਰਪੋਰੇਸ਼ਨ ਲਈ ਉਸ ਦੇ ਮੁਲਾਜ਼ਮ ਇਕ ਪਰਿਵਾਰ ਦੀ ਤਰ੍ਹਾਂ ਹਨ ਅਤੇ ਮੁਸ਼ਕਲ ਸਮੇਂ 'ਚ ਉਨ੍ਹਾਂ ਦੇ ਪਰਿਵਾਰਾਂ ਦਾ ਸਾਥ ਦੇਣਾ ਸਾਡਾ ਨੈਤਿਕ ਫ਼ਰਜ਼ ਹੈ | ਉਨ੍ਹਾਂ ਕਿਹਾ ਕਿ ਆਰਥਿਕ ਸਹਾਇਤਾ ਅਤੇ ਨੌਕਰੀ ਦਾ ਇਹ ਉਪਬੰਧ ਇਨ੍ਹਾਂ ਪਰਿਵਾਰਾਂ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਵਿਚ ਮਦਦ ਕਰੇਗਾ ਅਤੇ ਉਨ੍ਹਾਂ ਨੂੰ ਅਚਾਨਕ ਆਏ ਦੁੱਖ 'ਚੋਂ ਬਾਹਰ ਕੱਢਣ ਲਈ ਇਕ ਵੱਡਾ ਸਹਾਰਾ ਬਣੇਗਾ |