ਨਾਭਾ, 16 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਤਰਨਤਾਰਨ ਵਿਖੇ ਹੋ ਰਹੀ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਵਿਰੋਧੀਆਂ ਨੂੰ ਵੱਡੇ ਫ਼ਰਕ ਨਾਲ ਹਰਾ ਕੇ ਚੋਣ ਜਿੱਤੇਗੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਨਾਭਾ ਪਹੁੰਚੇ ਕਾਂਗਰਸ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਤੇ ਸਾਬਕਾ ਮੰਤਰੀ ਸ਼ਮਸ਼ੇਰ ਸਿੰਘ ਦੂਲੋ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ | ਕਾਂਗਰਸੀ ਆਗੂਆਂ ਨੇ ਕਿਹਾ ਕਿ ਜੋ ਪੰਜਾਬ ਦਾ ਚੌਹ ਪੱਖੀ ਵਿਕਾਸ ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਹੋਇਆ ਹੈ ਉਹ ਕਿਸੇ ਵੀ ਹੋਰ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਨਹੀਂ ਹੋਇਆ | ਸੂਬਾ ਸਰਕਾਰ ਤੇ ਸ਼ਬਦੀ ਹਮਲਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਜਿੰਨੇ ਵੀ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਚੋਂ ਇੱਕ ਵੀ ਵਾਅਦਾ ਆਪ ਸਰਕਾਰ ਵੱਲੋਂ ਪੂਰਾ ਨਹੀਂ ਕੀਤਾ ਗਿਆ ਜਿਸ ਕਰਕੇ ਪੰਜਾਬ ਦੇ ਲੋਕ ਤਰਾਹ ਤਰਾਹ ਕਰ ਰਹੇ ਹਨ | ਕਾਂਗਰਸੀ ਆਗੂਆਂ ਨੇ ਕਿਹਾ ਕਿ ਅੱਜ ਪੰਜਾਬ ਦਾ ਕਿਸਾਨ ਜਿੱਥੇ ਕੁਦਰਤੀ ਆਫ਼ਤਾਂ ਵਿਚ ਘਿਰਿਆ ਹੋਇਆ ਹੈ ਉੱਥੇ ਕਿਸਾਨ ਦੀ ਪੁੱਤਾਂ ਵਾਂਗ ਪਾਲੀ ਝੋਨੇ ਦੀ ਫ਼ਸਲ ਨੂੰ ਭਿਆਨਕ ਬਿਮਾਰੀ ਬੌਨੇ ਰੋਗ ਨੇ ਕਿਸਾਨ ਨੂੰ ਝੰਜੋੜ ਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਜਿੱਥੇ ਝੋਨੇ ਦੀ ਫ਼ਸਲ ਦਾ ਦਾਣਾ ਕਾਲਾ ਪੈ ਚੁੱਕਿਆ ਹੈ ਉੱਥੇ ਦਾਣਾ ਮਾਜੂ ਵੀ ਹੋ ਗਿਆ ਹੈ, ਦੇ ਬਾਵਜੂਦ ਪੰਜਾਬ ਸਰਕਾਰ ਨੇ ਅੱਜ ਤੱਕ ਕਿਸਾਨ ਦੀ ਬਾਂਹ ਨਹੀਂ ਫੜੀ, ਜਦੋਂ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਲੀਡਰ ਇਹ ਕਹਿੰਦੇ ਨਹੀਂ ਥੱਕਦੇ ਸਨ ਕਿ ਆਪ ਸਰਕਾਰ ਬਣਨ ਤੇ ਮਰੀ ਹੋਈ ਮੁਰਗ਼ੀ ਦਾ ਵੀ ਮੁਆਵਜ਼ਾ ਦਿੱਤਾ ਜਾਵੇਗਾ | ਇਸ ਮੌਕੇ ਸੀਨੀਅਰ ਕੌਂਸਲਰ ਅਸ਼ੋਕ ਕੁਮਾਰ ਬਿੱਟੂ, ਸਾਬਕਾ ਬਲਾਕ ਯੂਥ ਪ੍ਰਧਾਨ ਇੰਦਰਜੀਤ ਸਿੰਘ ਚੀਕੂ, ਸ਼ਹਿਰੀ ਬਲਾਕ ਪ੍ਰਧਾਨ ਵਿਵੇਕ ਸਿੰਗਲਾ, ਸੁੱਚਾ ਸਿੰਘ ਸਹੌਲੀ, ਚਰਨਜੀਤ ਬਾਤਿਸ਼,ਤੇਜਿੰਦਰ ਸਿੰਘ ਸੇਠੀ, ਸਾਬਕਾ ਪ੍ਰਧਾਨ ਰਾਜੇਸ਼ ਬਬਲਾ, ਨਰੇਸ਼ ਸ਼ਰਮਾ, ਰਵਿੰਦਰ ਸ਼ਰਮਾ ਬਿੱਟੂ ਆਦਿ ਮੌਜੂਦ ਸਨ |