ਪਟਿਆਲਾ, 17 ਅਕਤੂਬਰ (ਅ.ਸ. ਆਹਲੂਵਾਲੀਆ)-ਪਟਿਆਲਾ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਸ਼ਹਿਰ ਦੇ ਵਿਕਾਸ ਕਾਰਜਾਂ ਵਿਚ ਹੋ ਰਹੀ ਲਾਪਰਵਾਹੀ 'ਤੇ ਸਖ਼ਤ ਰੁਖ ਅਖ਼ਤਿਆਰ ਕਰਦਿਆਂ ਦਸੰਬਰ 2024 ਤੋਂ ਪਹਿਲਾਂ ਜਾਰੀ ਕੀਤੇ ਗਏ ਉਨ੍ਹਾਂ ਵਰਕ ਆਰਡਰਾਂ ਨੂੰ ਤੁਰੰਤ ਕੈਂਸਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ ਜਿਨ੍ਹਾਂ ਦੇ ਕੰਮ ਹਾਲੇ ਤੱਕ ਸ਼ੁਰੂ ਨਹੀਂ ਹੋਏ | ਉਨ੍ਹਾਂ ਸਪਸ਼ਟ ਕੀਤਾ ਕਿ ਕੰਮਾਂ ਵਿਚ ਦੇਰੀ ਕਰਕੇ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਨਗਰ ਨਿਗਮ ਦੀ ਛਵੀ 'ਤੇ ਵੀ ਮਾੜਾ ਪ੍ਰਭਾਵ ਪੈ ਰਿਹਾ ਹੈ | ਮੇਅਰ ਨੇ ਕਿਹਾ ਕਿ ਕਈ ਸਿਵਲ ਕੰਮਾਂ ਲਈ ਵਰਕ ਆਰਡਰ ਦਸੰਬਰ 2024 ਤੋਂ ਪਹਿਲਾਂ ਹੀ ਜਾਰੀ ਕੀਤੇ ਗਏ ਸਨ, ਪਰ ਮੌਕੇ 'ਤੇ ਅੱਜ ਤੱਕ ਕੰਮ ਸ਼ੁਰੂ ਨਹੀਂ ਹੋਏ | ਇਸ ਸੰਬੰਧੀ ਪਹਿਲਾਂ ਵੀ ਹੁਕਮ ਜਾਰੀ ਕੀਤੇ ਗਏ ਸਨ ਕਿ ਅਜਿਹੇ ਵਰਕ ਆਰਡਰਾਂ ਨੂੰ ਕੈਂਸਲ ਕਰਕੇ ਨਵੇਂ ਸਿਰੇ ਤੋਂ ਕਾਰਵਾਈ ਕੀਤੀ ਜਾਵੇ | ਇੰਜੀਨੀਅਰਿੰਗ ਸ਼ਾਖਾ ਦੇ ਮੁਖੀਆਂ ਨੂੰ ਵੀ ਸਖ਼ਤ ਹਦਾਇਤ ਦਿੱਤੀ ਕਿ ਅਜਿਹੇ ਸਾਰੇ ਵਰਕ ਆਰਡਰ ਤੁਰੰਤ ਪ੍ਰਭਾਵ ਨਾਲ ਕੈਂਸਲ ਕੀਤੇ ਜਾਣ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਸਮੇਂਬੱਧ ਢੰਗ ਨਾਲ ਪੂਰਾ ਕਰਨਾ ਨਗਰ ਨਿਗਮ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਮੇਅਰ ਨੇ ਸਪਸ਼ਟ ਕੀਤਾ ਕਿ ਸਹਿਰ ਦੇ ਨਿਵਾਸੀਆਂ ਨੂੰ ਸੁਵਿਧਾਜਨਕ ਵਾਤਾਵਰਣ ਪ੍ਰਦਾਨ ਕਰਨਾ ਉਨ੍ਹਾਂ ਦੀ ਪਹਿਲ ਹੈ |