ਪਾਤੜਾਂ, 23 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਜਥੇਬੰਦੀਆਂ ਵਲੋਂ ਪਾਤੜਾਂ ਦੇ ਡੀ.ਐਸ.ਪੀ. ਦਫਤਰ ਅੱਗੇ ਧਰਨਾ ਦਿੱਤਾ ਗਿਆ | ਨਸ਼ਿਆਂ ਦੇ ਮਾਮਲੇ ਵਿਚ ਨਿਰਦੋਸ਼ ਲੋਕਾਂ ਨੂੰ ਫੜ੍ਹੇ ਜਾਣ ਦੇ ਦੋਸ਼ ਲਾ ਰਹੇ ਜਥੇਬੰਦੀਆਂ ਆਗੂਆਂ ਵਲੋਂ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਅਤੇ ਨਸ਼ੇ ਦੇ ਆਦਿ ਹੋ ਚੁੱਕੇ ਲੋਕਾਂ ਦੇ ਖਿਲਾਫ ਕਿਸੇ ਤਰ੍ਹਾਂ ਦਾ ਕੇਸ ਦਰਜ ਨਾ ਕੀਤੇ ਜਾਣ ਦੀ ਮੰਗ ਕਰੇ ਰਹੇ ਕਿਸਾਨਾਂ ਵਲੋਂ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ ਅਤੇ ਡੀ.ਐਸ.ਪੀ ਵਲੋਂ ਕਿਸਾਨਾਂ ਦੀ ਮੰਗ ਮੰਨੇ ਜਾਣ ਦੇ ਭਰੋਸੇ ਮਗਰੋਂ ਇਹ ਧਰਨਾ ਸਮਾਪਤ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਹਰਭਜਨ ਸਿੰਘ ਬੁੱਟਰ, ਜਿਲ੍ਹਾ ਪ੍ਰਧਾਨ ਚਰਨਜੀਤ ਕੌਰ ਧੂਹੜੀਆ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਗੁਰਵਿੰਦਰ ਸਿੰਘ ਦੇਧਨਾਂ, ਕਿਸਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਅਮਰੀਕ ਸਿੰਘ ਘੱਗਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਨਾਂ ਕਰਕੇ ਨਸ਼ੇ ਦੇ ਆਦਿ ਹੋ ਚੁੱਕੇ ਲੋਕਾਂ ਦੇ ਖਿਲਾਫ ਕੇਸ ਦਰਜ ਕਰਕੇ ਨਸ਼ਿਆਂ ਦੇ ਗਿਣਤੀ ਵਧਾਉਣ ਲਈ ਜਾ ਨਿਰਦੋਸ਼ ਲੋਕਾਂ ਦੇ ਖਿਲਾਫ ਕੇਸ ਦਰਜ ਕੀਤੇ ਜਾ ਰਹੇ ਹਨ ਪਿੰਡ ਦੁਤਾਲ ਅਤੇ ਹੋਰ ਕੁੱਝ ਪਿੰਡਾਂ ਦੇ ਲੋਕਾਂ ਦੇ ਮਰਦ ਅਤੇ ਔਰਤਾਂ ਦੇ ਖਿਲਾਫ ਕੇਸ ਦਰਜ ਕਰ ਚੁੱਕੀ ਪੁਲਿਸ ਵਲੋਂ ਉਨ੍ਹਾਂ ਦੇ ਖਿਲਾਫ ਹੋਰ ਕੇਸ ਦਰਜ ਕਰਨ ਲਈ ਉਨ੍ਹਾਂ ਦੇ ਘਰ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ ਇਹ ਹੋ ਰਹੀ ਧੱਕਾਸ਼ਾਹੀ ਨੂੰ ਰੋਕੇ ਜਾਣ ਲਈ ਧਰਨਾ ਦੇਣ ਲਈ ਮਜਬੂਰ ਹੋਣਾ ਪਿਆ ਹੈ | ਧਰਨੇ ਵਿਚ ਪੁੱਜੇ ਇੰਦਰਪਾਲ ਚੌਹਾਨ ਡੀ.ਐਸ.ਪੀ. ਪਾਤੜਾਂ ਨੇ ਧਰਨਾਕਾਰੀਆਂ ਨੂੰ ਯਕੀਨ ਦਿਵਾਇਆ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਤਸਕਰੀ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਰੱਖੀ ਜਾਵੇਗੀ | ਇਸ ਧਰਨੇ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਘਵੀਰ ਸਿੰਘ ਨਿਆਲ ਸਮੇਤ ਹੋਰ ਬਹੁਤ ਸਾਰੇ ਆਗੂ ਮੌਜੂਦ ਸਨ |