ਰਾਜਪੁਰਾ, 6 ਨਵੰਬਰ (ਜੀ.ਪੀ. ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਗਰਲਜ਼ ਪਿੰਡ ਆਕੜ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਗੁਰਬਾਣੀ ਕੀਰਤਨ ਨਾਲ ਹੋਈ, ਜਿਸ ਨੇ ਸਾਰਾ ਮਾਹੌਲ ਆਤਮਕ ਸ਼ਾਂਤੀ ਨਾਲ ਭਰ ਦਿੱਤਾ | ਕਾਲਜ ਦੀਆਂ ਵਿਦਿਆਰਥਣਾਂ ਨੇ ਗੁਰਬਾਣੀ ਪਾਠ ਤੇ ਸ਼ਬਦ ਗਾਇਨ ਰਾਹੀਂ ਆਪਣੀ ਸ਼ਰਧਾ ਪ੍ਰਗਟ ਕੀਤੀ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਗੁਰਤੇਜ ਸਿੰਘ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਤੇ ਉਨ੍ਹਾਂ ਦੇ ਜੀਵਨ ਸਿਧਾਂਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਇਸ ਦੌਰਾਨ ਗੁਰੂ ਸਾਹਿਬ ਦੀ ਬਾਣੀ ਲਿਖਣ ਦੇ ਮੁਕਾਬਲੇ ਕਰਵਾਏ ਗਏ ਤੇ ਜੇਤੂ ਵਿਦਿਆਰਥਣਾਂ ਨੂੰ ਗੁਰੂ ਸਾਹਿਬ ਜੀ ਦੀ ਬਾਣੀ ਨੂੰ ਸੁੰਦਰ ਲਿਖਾਈ ਵਿਚ ਲਿਖਣ ਲਈ ਸਨਮਾਨਿਤ ਵੀ ਕੀਤਾ | ਇਸੇ ਸਮਾਗਮ ਦੌਰਾਨ ਕਾਲਜ ਦੇ ਈਕੋ ਕਲੱਬ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਵੀ ਚਲਾਈ ਗਈ | ਵਿਦਿਆਰਥਣਾਂ ਨੇ ਕੈਂਪਸ ਵਿਚ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾ ਕੇ ਵਾਤਾਵਰਣ ਦਰੁਸਤ ਰੱਖਣ ਦਾ ਸੰਦੇਸ਼ ਦਿੱਤਾ |