09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਚੇਅਰਮੈਨ ਹਡਾਣਾ ਵਲੋਂ ਟਾਂਗਰੀ ਨਦੀ ਦੀ ਖੁਦਾਈ ਦੇ ਕੰਮ ਦਾ ਅਚਨਚੇਤ ਜਾਇਜ਼ਾ

ਟਾਂਗਰੀ ਨਦੀ 'ਤੇ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਚੇਅਰਮੈਨ ਰਣਜੋਧ ਸਿੰਘ ਹਡਾਣਾ | ਅਜੀਤ ਤਸਵੀਰ <br/> 23-12-2025
ਦੇਵੀਗੜ੍ਹ 22 ਦਸੰਬਰ (ਰਾਜਿੰਦਰ ਸਿੰਘ ਮੌਜੀ)-ਪੰਜਾਬ ਸਰਕਾਰ ਵਲੋਂ ਹੜ੍ਹਾਂ ਦੀ ਰੋਕਥਾਮ ਲਈ ਚਲਾਏ ਜਾ ਰਹੇ ਪ੍ਰੋਜੈਕਟਾਂ ਦੀ ਲੜੀ ਤਹਿਤ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਟਾਂਗਰੀ ਨਦੀ ਦੀ ਖੁਦਾਈ ਅਤੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਦੇ ਚੱਲ ਰਹੇ ਕੰਮ ਦਾ ਅਚਨਚੇਤ ਜਾਇਜ਼ਾ ਲਿਆ | 16 ਕਰੋੜ ਰੁਪਏ ਦੀ ਭਾਰੀ ਲਾਗਤ ਨਾਲ ਚੱਲ ਰਹੇ ਇਸ ਪ੍ਰੋਜੈਕਟ ਦਾ ਨਿਰੀਖਣ ਕਰਨ ਪਹੁੰਚੇ ਚੇਅਰਮੈਨ ਹਡਾਣਾ ਨੇ ਮੌਕੇ 'ਤੇ ਮੌਜੂਦ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਕੰਮ 'ਚ ਪਾਈਆਂ ਗਈਆਂ ਉਣਤਾਈਆਂ ਨੂੰ ਤੁਰੰਤ ਦੂਰ ਕਰਨ ਦੀ ਹਦਾਇਤ ਕੀਤੀ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਹਡਾਣਾ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਇਲਾਕਾ ਨਿਵਾਸੀਆਂ ਵਲੋਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਟਾਂਗਰੀ ਨਦੀ ਦੀ ਖੁਦਾਈ ਅਤੇ ਬੰਨ੍ਹ ਤੇ ਮਿੱਟੀ ਪਾਉਣ ਦਾ ਕੰਮ ਤਸੱਲੀਬਖਸ ਢੰਗ ਨਾਲ ਨਹੀਂ ਹੋ ਰਿਹਾ | ਲੋਕਾਂ ਦੀਆਂ ਇਨ੍ਹਾਂ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਉਨ੍ਹਾਂ ਨੇ ਅੱਜ ਖ਼ੁਦ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ | ਚੇਅਰਮੈਨ ਨੇ ਦੱਸਿਆ ਕਿ ਟਾਂਗਰੀ ਨਦੀ ਦੇ ਲਗਪਗ 18 ਕਿਲੋਮੀਟਰ ਲੰਮੇ ਟੁਕੜੇ ਦੀ ਖੁਦਾਈ ਦਾ ਕੰਮ ਪਿਛਲੇ ਦਿਨਾਂ ਤੋਂ ਸ਼ੁਰੂ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਨਦੀ ਦੀ ਡੂੰਘਾਈ ਅਤੇ ਚੌੜਾਈ ਸਹੀ ਹੋਣੀ ਲਾਜ਼ਮੀ ਹੈ ਤਾਂ ਜੋ ਬਰਸਾਤ ਦੇ ਦਿਨਾਂ 'ਚ ਪਾਣੀ ਦੀ ਨਿਕਾਸੀ ਬਿਨਾਂ ਕਿਸੇ ਰੁਕਾਵਟ ਦੇ ਹੋ ਸਕੇ | ਉਨ੍ਹਾਂ ਕਿਹਾ, ਕੁਝ ਥਾਵਾਂ 'ਤੇ ਕੰਮ 'ਚ ਕਮੀਆਂ ਪਾਈਆਂ ਗਈਆਂ ਹਨ, ਜਿਨ੍ਹਾਂ ਨੂੰ ਸੁਧਾਰਨ ਲਈ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਆਦੇਸ਼ ਜਾਰੀ ਕਰ ਦਿੱਤੇ ਗਏ ਹਨ | ਚੇਅਰਮੈਨ ਹਡਾਣਾ ਨੇ ਸਖ਼ਤ ਲਹਿਜ਼ੇ 'ਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਭਵਿੱਖ 'ਚ ਕੰਮ ਦੀ ਗੁਣਵੱਤਾ 'ਚ ਕੋਈ ਲਾਪਰਵਾਹੀ ਪਾਈ ਗਈ ਤਾਂ ਸੰਬੰਧਿਤ ਠੇਕੇਦਾਰ ਤੇ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਯਮਤ ਤੌਰ 'ਤੇ ਫ਼ੀਲਡ 'ਚ ਰਹਿ ਕੇ ਕੰਮ ਦੀ ਨਿਗਰਾਨੀ ਕਰਨ ਲਈ ਕਿਹਾ | ਇਸ ਮੌਕੇ ਇਲਾਕੇ ਦੇ ਕਿਸਾਨਾਂ ਅਤੇ ਆਮ ਲੋਕਾਂ ਨੇ ਚੇਅਰਮੈਨ ਹਡਾਣਾ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਅਤੇ ਉਮੀਦ ਜਤਾਈ ਕਿ ਹੁਣ ਇਹ ਕੰਮ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚੜ੍ਹੇਗਾ, ਜਿਸ ਨਾਲ ਆਉਣ ਵਾਲੇ ਸਮੇਂ 'ਚ ਹੜ੍ਹਾਂ ਦਾ ਖ਼ਤਰਾ ਘੱਟ ਜਾਵੇਗਾ |
ਪਿਛਲੀ ਖ਼ਬਰ ਪ੍ਰਮੋਦ ਗੁਪਤਾ ਰਾਈਸ ਮਿਲਰਜ਼ ਐਸੋਸੀਏਸ਼ਨ ਨਾਭਾ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਬਾਬਾ ਗੁਰਬਚਨ ਸਿੰਘ ਕਾਲੀ ਕੰਬਲੀ ਵਾਲਿਆਂ ਦੀ 25ਵੀਂ ਬਰਸੀ ਮੌਕੇ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।