ਫ਼ਰੀਦਕੋਟ, 18 ਜੂਨ (ਜਸਵੰਤ ਸਿੰਘ ਪੁਰਬਾ)-ਜਲ ਜੀਵਨ ਮਿਸ਼ਨ ਅਤੇ ਜਲ ਸ਼ਕਤੀ ਮਿਸ਼ਨ ਸਕੀਮਾਂ ਸੰਬੰਧੀ ਰੀਵਿਊ ਮੀਟਿੰਗ ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਅਗਵਾਈ ਹੇਠ ਹੋਈ | ਜਿਸ ਵਿਚ ਜ਼ਿਲ੍ਹੇ ਦੇ ਹਰ ਘਰ ਤੱਕ ਸਾਫ਼ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਦੇ ਟੀਚਿਆਂ ਦੀ ਪ੍ਰਾਪਤੀ ਤੋਂ ਇਲਾਵਾ ਜਲ ਸੰਗ੍ਰਹਿ (ਬਰਸਾਤੀ ਪਾਣੀ ਦਾ ਜ਼ਮੀਨ ਵਿਚ ਰਿਚਾਰਜ), ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਜਾਂਚ ਕਰਨਾ ਅਤੇ ਇਸ ਸਬੰਧੀ ਵੱਖ-ਵੱਖ ਲੋਕਾਂ ਨੂੰ ਜਾਗਰੂਕ ਕਰਨ ਆਦਿ ਸਬੰਧੀ ਵਿਚਾਰ ਚਰਚਾ ਕੀਤੀ ਗਈ | ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਿਹਾ ਕਿ ਜਲ ਹੀ ਜੀਵਨ ਹੈ ਅਤੇ ਆਪਣੇ ਲੋਕਾਂ ਨੂੰ ਸਾਫ਼ ਪੀਣਯੋਗ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦਾ ਮੁੱਢਲਾ ਫ਼ਰਜ਼ ਹੈ | ਉਨ੍ਹਾਂ ਜਨ ਸਿਹਤ, ਪੇਂਡੂ ਵਿਕਾਸ, ਸਿੱਖਿਆ ਵਿਭਾਗ ਆਦਿ ਨੂੰ ਹਦਾਇਤ ਕੀਤੀ ਕਿ ਉਹ ਵੱਧ ਤੋਂ ਵੱਧ ਲੋਕਾਂ ਨੂੰ ਸਰਕਾਰ ਦੇ ਜਲ ਜੀਵਨ ਮਿਸ਼ਨ ਅਤੇ ਜਲ ਸ਼ਕਤੀ ਅਭਿਆਨ ਪ੍ਰਤੀ ਜਾਗਰੂਕ ਕਰਨ | ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਜਲ ਸੰਮਤੀਆਂ ਦੀ ਰਚਨਾ, ਪਿੰਡਾਂ ਦੇ ਲੋਕਾਂ ਦੀ ਭਾਗੀਦਾਰੀ ਤੇ ਖਾਸ ਕਰਕੇ ਇਸ ਮਿਸ਼ਨ ਵਿਚ ਮਹਿਲਾਵਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਵੀ ਬਣਾਈ ਜਾਵੇ ਕਿਉਂਕਿ ਪਾਣੀ ਦੀ ਉਪਲਬਧਾਂ ਦਾ ਘਰ ਦੀ ਸਿਹਤ ਅਤੇ ਜੀਵਨ ਪੱਧਰ ਨਾਲ ਸਿੱਧਾ ਸਬੰਧ ਹੈ | ਇਸ ਮੌਕੇ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਪਿੰਡਾਂ ਵਿਚ ਚੱਲ ਰਹੀਆਂ ਵੱਖ-ਵੱਖ ਜਲ ਯੋਜਨਾਵਾਂ ਸਬੰਧੀ ਜਾਣਕਾਰੀ ਲੈ ਕੈ ਉਨ੍ਹਾਂ ਦੀ ਸਮੀਖਿਆ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ, ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ ਅਮਨਦੀਪ ਸਿੰਘ ਬਾਬਾ, ਸੁਖਵੰਤ ਸਿੰਘ ਪੱਕਾ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਯੂਥ ਵਿੰਗ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨਰਭਿੰਦਰ ਸਿੰਘ ਗਰੇਵਾਲ, ਐਸ.ਡੀ.ਐਮ. ਫ਼ਰੀਦਕੋਟ ਮੇਜਰ ਡਾ. ਵਰੁਣ ਕੁਮਾਰ, ਐਸ.ਡੀ.ਐਮ. ਜੈਤੋ ਸੂਰਜ ਕੁਮਾਰ, ਡੀ.ਡੀ.ਪੀ.ਓ ਰਣਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣੀ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅੰਜਨਾ ਕੌਂਸਲ, ਕਾਰਜਕਾਰੀ ਇੰਜੀਨੀਅਰ ਜਲ ਸਿਹਤ ਵਿਭਾਗ ਸ਼ਮਿੰਦਰ ਸਿੰਘ, ਐਸ.ਡੀ.ਓ. ਪੰਚਾਇਤੀ ਰਾਜ ਮਨਿੰਦਰ ਸਿੰਘ, ਗੁਰਪ੍ਰੀਤ ਸਿੰਘ ਜੇ.ਈ, ਗੁਰਇਕਲਾਬ ਸਿੰਘ ਜੇ.ਈ. ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਸੁਰਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ |