ਸ੍ਰੀ ਮੁਕਤਸਰ ਸਾਹਿਬ, 20 ਜੂਨ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਤੇ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਇਸ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 10 ਹਾਊਸ ਸਰਜਨਾਂ ਦੀ ਨਿਯੁਕਤੀ ਕੀਤੀ ਗਈ ਹੈ, ਜੋ ਕਿ ਸਿਵਲ ਹਸਪਤਾਲਾਂ ਵਿਚ ਲੋਕਾਂ ਨੂੰ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਵਿਚ ਸਹਾਈ ਹੋਣਗੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿਹਤ ਮੰਤਰੀ ਪੰਜਾਬ ਦੀ ਅਗਵਾਈ ਵਿਚ ਹਾਊਸ ਸਰਜਨਾਂ ਦੀ ਭਰਤੀ ਜ਼ਿਲ੍ਹਾ ਪੱਧਰ 'ਤੇ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ ਸਨ | ਇਸ ਸੰਬੰਧ ਵਿਚ ਮੈਰਿਟ ਦੇ ਆਧਾਰ 'ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 10 ਡਾਕਟਰਾਂ ਨੂੰ ਨਿਯੁਕਤੀ ਦਿੱਤੇ ਗਏ ਹਨ | ਇਨ੍ਹਾਂ ਵਿਚੋਂ 8 ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ, ਇਕ-ਇਕ ਸਿਵਲ ਹਸਪਤਾਲ ਮਲੋਟ ਤੇ ਗਿੱਦੜਬਾਹਾ ਲਗਾਏ ਗਏ ਹਨ | ਇਨ੍ਹਾਂ ਨਵੇਂ ਭਰਤੀ ਕੀਤੇ ਗਏ ਡਾਕਟਰਾਂ ਨੂੰ ਡਾ. ਜਗਦੀਪ ਚਾਵਲਾ ਸਿਵਲ ਸਰਜਨ ਵਲੋਂ ਦਫ਼ਤਰ ਸਿਵਲ ਸਰਜਨ ਵਿਖੇ ਨਿਯੁਕਤੀ ਪੱਤਰ ਦਿੰਦੇ ਹੋਏ ਉਨ੍ਹਾਂ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਨਾ ਦਿੱਤੀ | ਉਨ੍ਹਾਂ ਡਾਕਟਰਾਂ ਨੂੰ ਆਮ ਲੋਕਾਂ ਨਾਲ ਵਧੀਆ ਵਿਵਹਾਰ ਕਰਨ, ਪੂਰਾ ਸਮਾਂ ਡਿਊਟੀ ਕਰਨ ਅਤੇ ਵਧੀਆ ਇਲਾਜ ਕਰਨ ਲਈ ਕਿਹਾ, ਤਾਂ ਜੋ ਆਮ ਲੋਕ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ |