22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਸ੍ਰੀ ਮੁਕਤਸਰ ਸਾਹਿਬ ਵਿਖੇ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਜੰਗ ਜਾਰੀ

ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਜਾਣਕਾਰੀ ਦਿੰਦੇ ਹੋਏ | ਅਜੀਤ ਤਸਵੀਰ <br/> 22-06-2025
ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ (ਆਈ.ਪੀ.ਐੱਸ.) ਦੀ ਅਗਵਾਈ ਹੇਠ ਪੁਲਿਸ ਵਲੋਂ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ | ਨਸ਼ਾ ਤਸਕਰਾਂ ਵਿਰੁੱਧ ਠੋਸ ਤੇ ਸਖ਼ਤ ਰਣਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ | ਪੁਲਿਸ ਸਿਰਫ਼ ਨਸ਼ੇ ਦੀ ਤਸਕਰੀ ਰੋਕਣ ਤੱਕ ਸੀਮਿਤ ਨਹੀਂ ਰਹੀ, ਸਗੋਂ ਨਸ਼ਾ ਕਰਦੇ ਵਿਅਕਤੀਆਂ ਨੂੰ ਇਲਾਜ ਦੇ ਕੇ ਸਹੀ ਰਸਤੇ 'ਤੇ ਲਿਆਉਣ ਦੇ ਲਈ ਵੀ ਕੋਸ਼ਿਸ਼ਾਂ ਕਰ ਰਹੀ ਹੈ | ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਦੀ ਜਾਂਚ, ਫਰੀਜ਼ਿੰਗ, ਅਤੇ ਦੋਸ਼ੀਆਂ ਉੱਪਰ ਪੁਲਿਸ ਵਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ | ਐੱਸ.ਐੱਸ.ਪੀ. ਨੇ ਦੱਸਿਆ ਕਿ ਪਿਛਲੇ 120 ਦਿਨਾਂ ਵਿਚ ਐੱਨ.ਡੀ.ਪੀ.ਐੱਸ. ਐਕਟ ਤਹਿਤ 352 ਮੁਕੱਦਮੇ ਦਰਜ ਕਰਕੇ 602 ਦੋਸ਼ੀ ਕਾਬੂ ਕੀਤੇ ਗਏ | ਇਸ ਦੌਰਾਨ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦੀ ਵੱਡੀ ਰਿਕਵਰੀ ਕੀਤੀ ਗਈ ਹੈ | ਇਸ ਮੌਕੇ ਅਫ਼ੀਮ 41.11 ਕਿੱਲੋਗ੍ਰਾਮ, 72247 ਨਸ਼ੀਲੀਆਂ ਗੋਲੀਆਂ ਤੇ ਕੈਪਸੂਲ, 1418 ਕਿੱਲੋ ਪੋਸਤ, ਹੈਰੋਇਨ 2.69 ਕਿੱਲੋ, 64 ਨਸ਼ੀਲੀਆਂ ਸ਼ੀਸ਼ੀਆਂ ਅਤੇ 6,63,550 ਰੁਪਏ ਨਕਦੀ ਡਰੱਗ ਮਨੀ ਰਿਕਵਰ ਕੀਤੀ ਗਈ | ਇਸ ਤੋਂ ਇਲਾਵਾ ਐੱਨ.ਡੀ.ਪੀ.ਐੱਸ. ਐਕਟ ਅਧੀਨ ਗੰਭੀਰ ਦੋਸ਼ਾਂ ਵਿਚ ਸ਼ਾਮਿਲ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਦੀ ਜਾਂਚ ਕਰਵਾ ਕੇ ਨਸ਼ਾ ਤਸਕਰਾਂ ਦੀ 1,89,75,808/- ਰੁਪਏ ਦੀ ਜਾਇਦਾਦ ਨੂੰ ਕੰਪੀਟੈਂਟ ਅਥਾਰਟੀ ਰਾਹੀਂ ਫਰੀਜ਼ ਕਰਵਾਇਆ ਗਿਆ | ਇਨ੍ਹਾਂ ਵਿਚ ਰਿਹਾਇਸ਼ੀ ਘਰ, ਦੁਕਾਨਾਂ, ਖੇਤਾਂ ਤੇ ਵਾਹਨ ਸ਼ਾਮਿਲ ਹਨ | ਇਹ ਕਾਰਵਾਈ ਨਸ਼ਾ ਤਸਕਰਾਂ ਨੂੰ ਆਰਥਿਕ ਤੌਰ 'ਤੇ ਕਮਜ਼ੋਰ ਕਰਕੇ ਨਸ਼ਾ ਤਸਕਰੀ ਦੇ ਧੰਦੇ ਨੂੰ ਖ਼ਤਮ ਕਰਨ ਦੀ ਦਿਸ਼ਾ ਵੱਲ ਇਕ ਕਦਮ ਹੈ | ਪੁਲਿਸ ਵਲੋਂ ਹੋਰ ਨਸ਼ਾ ਤਸਕਰਾਂ ਦੀ ਪ੍ਰਾਪਰਟੀ ਜਾਂਚ ਵੀ ਜਾਰੀ ਹੈ | ਉਨ੍ਹਾਂ ਦੱਸਿਆ ਕਿ ਸਮਾਜਿਕ ਜਾਗਰੂਕਤਾ ਲਈ ਪੁਲਿਸ ਵਲੋਂ 912 ਸੈਮੀਨਾਰ, 79 ਸੰਪਰਕ ਪ੍ਰੋਗਰਾਮ ਕਰਵਾਏ ਗਏ | ਨਸ਼ਿਆਂ ਵਿਰੁੱਧ ਜੰਗ ਸਿਰਫ਼ ਕਾਨੂੰਨੀ ਨਹੀਂ, ਸਗੋਂ ਸਮਾਜਿਕ ਪੱਧਰ ਉੱਤੇ ਵੀ ਲੜੀ ਜਾ ਰਹੀ ਹੈ | ਪੁਲਿਸ ਵਲੋਂ ਪਿਛਲੇ ਸਮੇਂ ਦੌਰਾਨ 912 ਜਾਗਰੂਕਤਾ ਸੈਮੀਨਾਰ ਪਿੰਡਾਂ, ਸਕੂਲਾਂ, ਕਾਲਜਾਂ ਤੇ ਸ਼ਹਿਰਾਂ ਵਿਚ ਕਰਵਾਏ ਗਏ | ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਨਸ਼ਾ ਕਰਦੇ ਵਿਅਕਤੀਆਂ ਦੀ ਸਹਾਇਤਾ ਲਈ ਪੁਲਿਸ ਵਲੋਂ ਪਰਿਵਾਰਾਂ ਦੀ ਮਦਦ ਤੇ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ | 320 ਵਿਅਕਤੀਆਂ ਨੂੰ ਓਟਸ ਸੈਂਟਰਾਂ ਰਾਹੀਂ ਦਵਾਈ ਮਿਲੀ ਅਤੇ 321 ਨੂੰ ਨਸ਼ਾ ਛੁਡਾਊ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਨਸ਼ਾ ਤਸਕਰਾਂ 'ਤੇ ਐੱਨ.ਡੀ.ਪੀ.ਐੱਸ. ਐਕਟ ਦੇ ਮੁਕੱਦਮੇ ਦਰਜ ਹਨ, ਉਨ੍ਹਾਂ ਦੇ ਰਿਹਾਇਸ਼ੀ ਟਿਕਾਣਿਆਂ/ਘਰਾਂ 'ਤੇ ਪੁਲਿਸ ਵਲੋਂ ਕੁੱਲ 22 ਕੋਡਨ ਐਂਡ ਸਰਚ ਆਪ੍ਰੇਸ਼ਨ (ਕਾਸਕੋ) ਤਹਿਤ ਸਰਚ ਅਭਿਆਨ ਕੀਤੇ ਗਏ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਮੁਕੱਦਮਿਆਂ ਵਿਚ ਮਾਣਯੋਗ ਅਦਾਲਤ ਵਲੋਂ ਪੀ.ਓ. ਘੋਸ਼ਿਤ ਕੀਤੇ ਗਏ 57 ਪੀ.ਓ. ਨੂੰ ਕਾਬੂ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਨ੍ਹਾਂ ਖ਼ਿਲਾਫ਼ ਅਗਲੀ ਕਾਰਵਾਈ ਜਾਰੀ ਕੀਤੀ ਗਈ | ਉਨ੍ਹਾਂ ਦੱਸਿਆ 607 ਮੁਕੱਦਮਿਆਂ ਦੀ ਜਾਂਚ ਮੁਕੰਮਲ ਕਰਕੇ ਡਿਸਪੋਜ਼ਲ ਕਰਕੇ ਮਾਣਯੋਗ ਅਦਾਲਤ ਪੇਸ਼ ਕੀਤਾ ਗਿਆ, ਜਿਨ੍ਹਾਂ ਦੀ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ | ਇਸ ਦੇ ਨਾਲ ਹੀ ਲੋਕਾਂ ਵਲੋਂ ਆਪਣੀਆਂ ਮੁਸ਼ਕਿਲਾਂ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ, ਜਿਨ੍ਹਾਂ 'ਤੇ ਤੁਰੰਤ ਕਾਰਵਾਈ ਕਰਦੇ 1551 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਨਿਰੰਤਰ ਚੱਲ ਰਹੀ ਸਖ਼ਤ ਮੁਹਿੰਮ ਦੌਰਾਨ 'ਸੇਵ ਪੰਜਾਬ' ਦੇ ਹੈਲਪਲਾਈਨ ਨੰਬਰ 'ਤੇ ਨਸ਼ਾ ਸੰਬੰਧੀ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਪੁਸ਼ਟੀ ਤੇ ਜਾਂਚ ਕੀਤੀ ਗਈ | 103 ਮਾਮਲਿਆਂ ਵਿਚ ਐੱਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮੇ ਦਰਜ ਕੀਤੇ ਗਏ | ਇਨ੍ਹਾਂ ਕਾਰਵਾਈਆਂ ਦੌਰਾਨ 167 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ | ਇਹ ਜਾਣਕਾਰੀਆਂ ਵੱਡੀ ਗਿਣਤੀ ਵਿਚ ਲੋਕਾਂ ਵਲੋਂ ਆਪਣੀ ਨਾਗਰਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਸਾਂਝੀਆਂ ਕੀਤੀਆਂ ਗਈਆਂ, ਜਿਸ ਨਾਲ ਪੁਲਿਸ ਨੂੰ ਨਸ਼ਾ ਤਸਕਰੀ ਖ਼ਿਲਾਫ ਢਿੱਲ ਨਾ ਛੱਡਣ ਵਾਲੀ ਲਹਿਰ ਚਲਾਉਣ ਵਿਚ ਸਹੂਲਤ ਮਿਲੀ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਲਗਾਤਾਰ ਪਿੰਡ ਵਾਸੀਆਂ ਨਾਲ ਮਿਲ ਕੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਦੇ ਨਾਲ ਹੀ ਜ਼ਿਲ੍ਹੇ ਦੇ 36 ਪਿੰਡ ਅਤੇ 6 ਵਾਰਡਾਂ ਨਸ਼ਾ ਮੁਕਤ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਜੇਲ੍ਹ ਤੋਂ ਜ਼ਮਾਨਤ 'ਤੇ ਆਏ ਨਸ਼ਾ ਤਸਕਰਾਂ ਦੀ ਗਤੀਵਿਧੀ 'ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ | ਐੱਸ.ਐੱਚ.ਓ. ਅਤੇ ਖੁਫੀਆ ਟੀਮਾਂ ਰਾਹੀਂ ਇਹ ਵਿਅਕਤੀ ਨਜ਼ਰ ਹੇਠ ਹਨ ਤਾਂ ਜੋ ਕੋਈ ਵੀ ਮੁੜ ਨਸ਼ੇ ਦੇ ਧੰਦੇ ਵਿਚ ਨਾ ਪਵੇ | ਉਨ੍ਹਾਂ ਦੱਸਿਆ ਕਿ ਦੂਜੇ ਪਾਸੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ 13,778 ਚਲਾਨ ਕਰਕੇ 98,85,620 ਰੁਪਏ ਜੁਰਮਾਨਾ ਕੀਤਾ ਗਿਆ | ਟ੍ਰੈਫ਼ਿਕ ਸੁਰੱਖਿਆ ਲਈ ਜ਼ਿਲ੍ਹੇ ਦੇ ਸਕੂਲਾਂ, ਕਾਲਜਾਂ ਤੇ ਜਨਤਕ ਥਾਵਾਂ 'ਤੇ ਜਾਗਰੂਕਤਾ ਮੁਹਿੰਮ ਚਲਾਈ ਗਈ | ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਤੇ ਸੁਰੱਖਿਆ ਸੰਬੰਧੀ ਪੂਰੀ ਜਾਣਕਾਰੀ ਦਿੱਤੀ ਗਈ | ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਨੇ ਲੋਕਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਸਿਰਫ਼ ਪੁਲਿਸ ਦੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਹੈ | ਇਸ ਮੁਹਿੰਮ ਵਿਚ ਲੋਕਾਂ ਦੇ ਸਾਥ ਦੀ ਜ਼ਰੂਰਤ ਹੈ |
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਜੰਗ ਜਾਰੀ ਅਗਲੀ ਖ਼ਬਰ ਦੁਕਾਨਾਂ 'ਚੋਂ ਚੋਰੀ ਕਰਨ ਵਾਲੇ 3 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।