ਮੋਗਾ, 22 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਿਤ ਏਟਕ ਦੀ ਸੂਬਾ ਕਾਰਜਕਾਰਨੀ ਕਮੇਟੀ ਦੀ ਮਹੀਨਾਵਾਰ ਮੀਟਿੰਗ ਅੱਜ ਮਿਤੀ 23 ਜੂਨ ਦਿਨ ਸੋਮਵਾਰ ਨੂੰ ਸਵੇਰੇ ਠੀਕ 10:30 ਵਜੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਰੱਖੀ ਗਈ ਹੈ | ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਸੂਬਾਈ ਵਰਕਿੰਗ ਪ੍ਰਧਾਨ ਜਗਤਾਰ ਸਿੰਘ ਭੁੰਗਰਨੀ, ਗੁਰਜੀਤ ਸਿੰਘ ਘੋੜੇਵਾਹ ਅਤੇ ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਸੱਦੇ ਅਨੁਸਾਰ 14 ਜੂਨ ਨੂੰ ਲੁਧਿਆਣਾ ਵਿਖੇ ਹੋਈ ਸੂਬਾ ਪੱਧਰੀ ਰੈਲੀ ਦਾ ਰਿਵਿਊ ਕੀਤਾ ਜਾਵੇਗਾ | ਮੀਟਿੰਗ ਦੌਰਾਨ ਪੰਜਾਬ ਦੇ ਖ਼ਜ਼ਾਨਾ ਵਿਭਾਗ ਵਲੋਂ ਪਿਛਲੇ ਢਾਈ ਮਹੀਨਿਆਂ ਤੋਂ ਪੈਨਸ਼ਨਰਾਂ ਦੀ ਲੀਵ ਇਨਕੈਸ਼ਮੈਂਟ ਦੇ ਬਿੱਲਾਂ ਅਤੇ ਹੋਰ ਵੱਖ-ਵੱਖ ਅਦਾਇਗੀਆਂ ਕਰਨ 'ਤੇ ਲਗਾਈਆਂ ਗਈਆਂ ਅਣ ਐਲਾਨੀਆਂ ਪਾਬੰਦੀਆਂ ਸਬੰਧੀ ਵਿਚਾਰ-ਵਟਾਂਦਰਾ ਕਰ ਕੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ | ਇਸ ਦੇ ਨਾਲ ਹੀ 27 ਜੂਨ ਨੂੰ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਪ੍ਰਮੁੱਖ ਆਗੂ ਬਲਵਿੰਦਰ ਸਿੰਘ ਸੰਧੂ ਦੀ ਬਰਸੀ ਦੇ ਪ੍ਰੋਗਰਾਮ ਨੂੰ ਸਫਲ ਬਣਾਉਣ ਸਬੰਧੀ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਦੇਸ਼ ਦੀਆਂ 10 ਕੇਂਦਰੀ ਟਰੇਡ ਯੂਨੀਅਨਾਂ ਵਲੋਂ 9 ਜੁਲਾਈ ਨੂੰ ਦੇਸ਼ ਵਿਆਪੀ ਹੜਤਾਲ ਦੀ ਹਮਾਇਤ ਵਿਚ ਰੈਲੀਆਂ ਵਿਚ ਸ਼ਾਮਿਲ ਹੋਣ ਸਬੰਧੀ ਅਤੇ 21-25 ਸਤੰਬਰ ਨੂੰ ਚੰਡੀਗੜ੍ਹ ਵਿਖੇ ਭਾਰਤੀ ਕਮਿਊਨਿਸਟ ਪਾਰਟੀ ਦੀ ਹੋ ਰਹੀ ਕੌਮੀ ਕਾਨਫ਼ਰੰਸ ਸਬੰਧੀ ਵਿਚਾਰ-ਵਟਾਂਦਰਾ ਕਰ ਕੇ ਅਗਲੇ ਫ਼ੈਸਲੇ ਕੀਤੇ ਜਾਣਗੇ | ਆਗੂਆਂ ਨੇ ਅੱਗੇ ਦੱਸਿਆ ਕਿ ਇਸ ਮੀਟਿੰਗ ਵਿਚ ਸੂਬਾ ਕਾਰਜਕਾਰਨੀ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਸਮੂਹ ਜ਼ਿਲ੍ਹਾ ਬਰਾਂਚਾਂ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਵੀ ਸ਼ਾਮਿਲ ਹੋਣਗੇ |