ਮਲੋਟ, 16 ਅਕਤੂਬਰ (ਪਾਟਿਲ)-ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਮਲੋਟ ਹਲਕੇ ਦੇ ਪਿੰਡ ਲੱਕੜਵਾਲਾ, ਥੇੜ੍ਹੀ ਅਤੇ ਸ਼ੇਰਗੜ੍ਹ ਵਿਖੇ ਕਰੀਬ 16.88 ਲੱਖ ਰੁਪਏ ਮੁਆਵਜ਼ੇ ਦੇ ਚੈੱਕ ਵੰਡੇ ਗਏ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਸਾਲ ਹੜ੍ਹਾਂ ਦੀ ਕੁਦਰਤੀ ਮਾਰ ਕਾਰਨ ਬਹੁਤ ਨੁਕਸਾਨ ਝੱਲਣਾ ਪਿਆ ਹੈ | ਉਨ੍ਹਾਂ ਕਿਹਾ ਕਿ ਮਲੋਟ ਹਲਕੇ ਦੇ ਕੁਝ ਖੇਤਰ ਭਾਰੀ ਬਾਰਿਸ਼ਾਂ ਕਾਰਨ ਵੀ ਪ੍ਰਭਾਵਿਤ ਹੋਏ ਹਨ, ਉਨ੍ਹਾਂ 'ਚੋਂ ਤਿੰਨ ਪਿੰਡਾਂ ਨੂੰ ਅੱਜ ਮੁਆਵਜ਼ੇ ਦੇ ਚੈੱਕ ਵੰਡੇ ਗਏ ਹਨ | ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਮਿਸ਼ਨ 'ਚੜ੍ਹਦੀਕਲਾ' ਸ਼ੁਰੂ ਕੀਤਾ ਸੀ, ਉਸ ਮਿਸ਼ਨ ਦਾ ਮਕਸਦ ਸੀ ਕਿ ਅਸੀਂ ਪੰਜਾਬ ਦੇ ਲੋਕਾਂ ਨੂੰ ਚੜ੍ਹਦੀਕਲਾ ਵਿਚ ਰੱਖਣਾ ਹੈ, ਜਿਹੜੇ ਕਿ ਕੁਦਰਤੀ ਆਫ਼ਤਾਂ ਦੀ ਮਾਰ ਕਰਕੇ ਕਈ ਵਾਰ ਮਨ ਨੂੰ ਢਾਹ ਲੈਂਦੇ ਹਨ | ਉਨ੍ਹਾਂ ਕਿਹਾ ਕਿ ਬਾਰਿਸ਼ ਕਾਰਨ ਜਿਨ੍ਹਾਂ ਘਰਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਵੀ ਮੁਆਵਜ਼ਾ ਜਲਦ ਦਿੱਤਾ ਜਾਵੇਗਾ, ਕਿਸੇ ਨੂੰ ਵੀ ਇਸ ਵਿਚ ਵਾਂਝਾ ਨਹੀਂ ਰੱਖਾਂਗੇ | ਇਸ ਮੌਕੇ ਐੱਸ.ਡੀ.ਐੱਮ. ਜੁਗਰਾਜ ਸਿੰਘ ਕਾਹਲੋਂ, ਤਹਿਸੀਲਦਾਰ ਮਲੋਟ ਗੁਰਪ੍ਰੀਤ ਸਿੰਘ, ਨਾਇਬ ਤਹਿਸੀਲਦਾਰ ਦੀਪਕ ਭਾਰਤਵਾਜ, ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਅਤੇ ਪੰਚਾਇਤ ਮੈਂਬਰ ਹਾਜ਼ਰ ਸਨ |