ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਹਾਲ 'ਚ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਦੀ ਅਗਵਾਈ ਹੇਠ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ | ਡਿਪਟੀ ਕਮਿਸ਼ਨਰ ਵਲੋਂ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਮੁੱਦਿਆਂ ਬਾਰੇ ਜਾਣਕਾਰੀ ਪ੍ਰਾਪਤ ਕਰਦੇ ਹੋਏ ਵਿਸਥਾਰ ਨਾਲ ਚਰਚਾ ਕੀਤੀ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਵਲੋਂ ਪਹਿਲਾਂ ਹੀ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ ਕਿ ਸੁਤੰਤਰਤਾ ਸੰਗਰਾਮੀਆਂ ਨਾਲ ਸੰਬੰਧਿਤ ਮਸਲਿਆਂ ਨੂੰ ਘੱਟ ਤੋਂ ਘੱਟ ਸਮੇਂ ਵਿਚ ਹੱਲ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਰਕਾਰੀ ਦਫ਼ਤਰ ਵਿਚ ਆਉਣ ਸਮੇਂ ਬਣਦਾ ਮਾਣ ਸਨਮਾਨ ਵੀ ਦਿੱਤਾ ਜਾਵੇ | ਡਿਪਟੀ ਕਮਿਸ਼ਨਰ ਨੇ ਯਕੀਨ ਦਿਵਾਇਆ ਕਿ ਪ੍ਰਸ਼ਾਸਨ ਆਜ਼ਾਦੀ ਸੰਘਰਸ਼ੀ ਯੋਧਿਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀਆਂ ਸਾਰੀਆਂ ਸਮੱਸਿਆਵਾਂ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ ਵਚਨਬੱਧ ਹੈ | ਉਨ੍ਹਾਂ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਸਕੂਲਾਂ ਦੇ ਨਾਂਅ ਜਿਹੜੇ ਸੁਤੰਤਰਤਾ ਸੰਗਰਾਮੀਆਂ ਦੇ ਨਾਂਅ ਉੱਪਰ ਰੱਖੇ ਜਾ ਰਹੇ ਹਨ ਉਨ੍ਹਾਂ ਕੇਸਾਂ ਦੇ ਢੁਕਵੇਂ ਹੱਲ ਕੀਤੇ ਜਾਣਗੇ | ਇਸ ਮੌਕੇ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਰਜਿ: 196 ਦੇ ਸੂਬਾ ਪ੍ਰਧਾਨ ਚੇਤਨ ਸਿੰਘ ਮਾਨਸਾ, ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ, ਜ਼ਿਲ੍ਹਾ ਪ੍ਰੈੱਸ ਸਕੱਤਰ ਕੁਲਦੀਪ ਗਰੋਵਰ, ਅਖਿਲ ਭਾਰਤੀ ਫਰੀਡਮ ਫਾਈਟਰ ਅਤੇ ਉੱਤਰਾਧਿਕਾਰੀ ਸੰਯੁਕਤ ਸੰਗਠਨ ਦੇ ਪੰਜਾਬ ਪ੍ਰਧਾਨ ਗੁਰਚਰਨ ਸਿੰਘ ਸੰਘਾ, ਡਾ. ਪਵਨ ਥਾਪਰ ਅਤੇ ਵੱਡੀ ਗਿਣਤੀ ਵਿਚ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ |