ਫ਼ਰੀਦਕੋਟ, 23 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਇਕ ਕੈਦੀ ਪਾਸੋਂ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ | ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਤਨਾਮ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ, ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਕਰਮਚਾਰੀਆਂ ਵਲੋਂ ਲੰਗਰ ਇਕ ਦੀ ਅਚਾਨਕ ਕੀਤੀ ਗਈ ਤਲਾਸ਼ੀ ਦੌਰਾਨ ਕੈਦੀ ਲਿਰਮਲ ਸਿੰਘ ਪੁੱਤਰ ਸਤਨਾਮ ਸਿੰਘ ਪਾਸੋਂ ਕਥਿਤ ਤੌਰ 'ਤੇ 5.50 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਤੇਜ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਕਥਿਤ ਦੋਸ਼ੀ ਕੈਦੀ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਅਤੇ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |