ਫ਼ਰੀਦਕੋਟ, 23 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸ਼ੱਕ ਦੇ ਆਧਾਰ 'ਤੇ ਨਸ਼ਾ ਸਮਗਰੀ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਤਾਂਗਾ ਸ਼ੈੱਡ, ਨੇੜੇ ਲਾਲ ਕੋਠੀਆਂ, ਫ਼ਰੀਦਕੋਟ ਵਿਖੇ ਮੌਜੂਦ ਸੀ ਤਾਂ ਸ਼ੱਕ ਦੇ ਆਧਾਰ 'ਤੇ ਜਸਵਿੰਦਰ ਸਿੰਘ ਲੱਕੀ ਪੁੱਤਰ ਕਰਨੈਲ ਸਿੰਘ ਵਾਸੀ ਜ਼ਿਲ੍ਹਾ ਫਿਰੋਜ਼ਪੁਰ ਨੂੰ ਲੰਘਦੇ ਨੂੰ ਰੋਕ ਕੇ ਉਸ ਦੀ ਹਸਬ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |