ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਹਰਮਹਿੰਦਰ ਪਾਲ)-ਪਿਛਲੇ ਕੁਝ ਦਿਨਾਂ ਤੋਂ ਦਾਣਾ ਮੰਡੀਆਂ ਦੀਆਂ ਮਿਲ ਰਹੀਆਂ ਸ਼ਿਕਾਇਤਾਂ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਸਮੁੱਚੀ ਟੀਮ ਨੂੰ ਨਾਲ ਲੈ ਕੇ ਪਿੰਡ ਬਧਾਈ, ਅਕਾਲਗੜ੍ਹ ਤੇ ਫ਼ੱਤਣਵਾਲਾ ਦੀਆਂ ਮੰਡੀਆਂ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਸਮੱਸਿਆ ਦਾ ਹੱਲ ਕਰਵਾਇਆ ਗਿਆ | ਇਸ ਦੌਰਾਨ ਮਾਰਕਿਟ ਕਮੇਟੀ ਚੇਅਰਮੈਨ ਸੁਰਜੀਤ ਸਿੰਘ ਸੰਧੂ ਅਤੇ ਬਰੀਵਾਲਾ ਮਾਰਕਿਟ ਕਮੇਟੀ ਚੇਅਰਮੈਨ ਰਾਜਿੰਦਰ ਸਿੰਘ ਬਰਾੜ ਵੀ ਹਾਜ਼ਰ ਸਨ | ਮੰਡੀਆਂ ਵਿਚ ਬੈਠੇ ਕਿਸਾਨਾਂ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਬਿਲਕੁਲ ਸੁੱਕੀ ਤੇ ਸਾਫ਼ ਫ਼ਸਲ ਦਾ ਭਾਅ ਨਹੀਂ ਲੱਗ ਰਿਹਾ | ਜਦੋਂ ਭਾਅ ਲੱਗ ਜਾਂਦਾ ਹੈ ਤਾਂ ਸ਼ੈਲਰ ਮਾਲਕ ਆਪਣੀ ਮਨਮਰਜ਼ੀ ਕਰਦੇ ਹਨ ਅਤੇ ਵੱਟੇ ਦੀ ਝਾਕ ਵਿਚ ਗੱਡੀ ਵਾਪਸ ਮੋੜ ਦਿੰਦੇ ਹਨ, ਜਿਸ ਕਰਕੇ ਉਨ੍ਹਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਸੁਣਦਿਆਂ ਵਿਧਾਇਕ ਕਾਕਾ ਬਰਾੜ ਨੇ ਆਖਿਆ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੀ ਸਰਕਾਰ ਹੈ ਅਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ | ਉਨ੍ਹਾਂ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦੇਣ ਅਤੇ ਉਨ੍ਹਾਂ ਦੀ ਫ਼ਸਲ ਦੀ ਖ਼ਰੀਦ ਤੁਰੰਤ ਯਕੀਨੀ ਬਣਾਈ ਜਾਵੇ | ਵਿਧਾਇਕ ਕਾਕਾ ਬਰਾੜ ਨੇ ਸ਼ੈਲਰ ਮਾਲਕਾਂ ਨੂੰ ਤਾੜਨਾ ਕਰਦਿਆਂ ਆਖਿਆ ਕਿ ਉਹ ਬਿਲਕੁਲ ਵੀ ਵੱਟੇ ਦੀ ਝਾਕ ਨਾ ਰੱਖਣ, ਕਿਉਂਕਿ ਪੁੱਤਾਂ ਵਾਂਗ ਪਾਲੀ ਫ਼ਸਲ ਦਾ ਪੂਰਾ ਭਾਅ ਮਿਲਣਾ ਕਿਸਾਨਾਂ ਦਾ ਹੱਕ ਹੈ | ਉਨ੍ਹਾਂ ਕਿਹਾ ਕਿ ਜੇਕਰ ਜਲਦ ਸ਼ੈਲਰ ਮਾਲਕਾਂ ਦੀ ਮਨਮਰਜ਼ੀ ਬੰਦ ਨਾ ਹੋਈ ਤਾਂ ਸਖ਼ਤ ਕਦਮ ਚੁੱਕੇ ਜਾਣਗੇ | ਇਸ ਮੌਕੇ ਪ੍ਰੇਮਜੀਤ ਸਿੰਘ ਜੋਤੀ ਬਰਾੜ, ਡਾ. ਕੁਲਬੀਰ ਸਿੰਘ, ਦਲਜੀਤ ਧਾਲੀਵਾਲ, ਲਵਲੀ ਸਿੰਘ, ਨੰਬਰਦਾਰ ਨਿਰਮਲ ਸਿੰਘ, ਸਰਪੰਚ ਫ਼ੱਤਣਵਾਲਾ ਅਮਰਿੰਦਰ ਸਿੰਘ, ਸੁਖਪਾਲ ਸਿੰਘ ਪਾਲ ਫ਼ੱਤਣਵਾਲਾ, ਨਵਦੀਪ ਸਿੰਘ, ਮੈਂਬਰ ਰੁਪਿੰਦਰ ਸਿੰਘ, ਸੋਹਣ ਸਿੰਘ ਬਧਾਈ, ਲਵਪ੍ਰੀਤ ਸਿੰਘ ਆਦਿ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਤੇ ਆੜ੍ਹਤੀ ਹਾਜ਼ਰ ਸਨ |