ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਕਮੇਟੀ ਵਲੋਂ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 21 ਅਗਸਤ ਨੂੰ ਅਸਾਮ ਤੋਂ ਸ਼ੁਰੂ ਹੋਇਆ ਸੀ ਅਤੇ ਵੱਖ ਵੱਖ ਰਾਜਾਂ 'ਚੋਂ ਹੁੰਦਾ ਹੋਇਆ ਪੰਜਾਬ ਪੁੱਜੇਗਾ | ਇਸ ਨਗਰ ਕੀਰਤਨ ਸੰਬੰਧੀ ਫ਼ਰੀਦਕੋਟ ਪੁੱਜਣ ਅਤੇ ਇੱਥੋਂ ਦੇ ਪ੍ਰੋਗਰਾਮਾਂ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ 2 ਨਵੰਬਰ ਨੂੰ ਫ਼ਰੀਦਕੋਟ ਵਿਖੇ ਪੁੱਜੇਗਾ | ਇਸ ਨਗਰ ਕੀਰਤਨ ਦਾ ਫ਼ਰੀਦਕੋਟ ਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਇੱਥੇ ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਰਾਤ ਦਾ ਵਿਸ਼ਰਮਾ ਕਰੇਗਾ ਅਤੇ ਅਗਲੇ ਪੜਾਅ ਲਈ 3 ਨਵੰਬਰ ਨੂੰ ਇੱਥੋਂ ਰਵਾਨਾ ਹੋਵੇਗਾ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਵਲੋਂ ਉਸ ਵਕਤ ਹੋ ਰਹੇ ਜਬਰੀ ਧਰਮ ਪਰਿਵਰਤਨ ਨੂੰ ਰੋਕਣ ਖਾਤਰ ਆਪਣੀ ਕੁਰਬਾਨੀ ਦੇ ਦਿੱਤੀ | ਉਨ੍ਹਾਂ ਨੂੰ ਹਿੰਦ ਦੀ ਚਾਦਰ ਕਿਹਾ ਜਾਂਦਾ ਹੈ ਅਤੇ ਜੇਕਰ ਉਨ੍ਹਾਂ ਵਲੋਂ ਆਪਣੇ ਧਰਮ ਨੂੰ ਬਚਾਉਣ ਲਈ ਸ਼ਹੀਦੀ ਨਾ ਦਿੱਤੀ ਹੁੰਦੀ ਤਾਂ ਹੁਣ ਹਿੰਦੁਸਤਾਨ ਦੀ ਰੂਪਰੇਖਾ ਕੁਝ ਹੋਰ ਹੀ ਹੋਣੀ ਸੀ | ਉਨ੍ਹਾਂ ਦੱਸਿਆ ਕਿ ਅੱਜ ਨਵੀਂ ਪੀੜੀ ਨੂੰ ਸਿੱਖ ਇਤਿਹਾਸ ਸਬੰਧੀ ਜਾਣਨਾ ਬਹੁਤ ਜ਼ਰੂਰੀ ਹੈ | ਉਨ੍ਹਾਂ ਦੱਸਿਆ ਕਿ ਪਾਲਕੀ ਸਾਹਿਬ ਦੇ ਨਾਲ ਨਾਲ ਤਿੰਨ ਗੁਰੂ ਸਾਹਿਬਾਨਾਂ ਦੇ ਸ਼ਸਤਰ ਵੀ ਪਾਲਕੀ ਸਾਹਿਬ ਦੇ ਨਾਲ ਨਾਲ ਇਸ ਨਗਰ ਕੀਰਤਨ ਵਿਚ ਸ਼ਾਮਿਲ ਹੋਣਗੇ | ਇਸ ਮੌਕੇ ਸ਼ੋ੍ਰਮਣੀ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸਰਕਲ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ ਅਤੇ ਗੁਰਦੁਆਰਾ ਖਾਲਸਾ ਦੀਵਾਨ ਦੇ ਪ੍ਰਬੰਧਕ ਸਰਬਜੋਤ ਸਿੰਘ ਸਾਹਨੀ ਆਦਿ ਵੀ ਹਾਜ਼ਰ ਸਨ |