ਫ਼ਰੀਦਕੋਟ, 5 ਨਵੰਬਰ (ਸਰਬਜੀਤ ਸਿੰਘ)-ਪੁਲਿਸ ਵਲੋਂ ਸ਼ਹਿਰ ਵਿਚ ਵੱਖ-ਵੱਖ ਥਾਵਾਂ ਤੋਂ ਸ਼ੱਕ ਦੇ ਆਧਾਰ 'ਤੇ ਨਸ਼ਾ ਸਮਗਰੀ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਸੰਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਮੀਤ ਰਾਮ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨੇੜੇ ਜਹਾਜ਼ ਗਰਾਉਂਡ ਫ਼ਰੀਦਕੋਟ ਵਿਖੇ ਨਾਕਾ ਲਗਾਇਆ ਹੋਇਆ ਸੀ ਤਾਂ ਉੱਥੇ ਸ਼ੱਕ ਦੇ ਆਧਾਰ 'ਤੇ ਸ਼ਮਸ਼ੇਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਫ਼ਰੀਦਕੋਟ ਨੂੰ ਰੋਕ ਕੇ ਉਸ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 7 ਗ੍ਰਾਮ ਹੈਰੋਇਨ ਸਮੇਤ ਮੋਮੀ ਲਿਫਾਫਾ ਦੇ ਬਰਾਮਦ ਹੋਈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸੇ ਤਰ੍ਹਾਂ ਹੀ ਸੁਖਪਾਲ ਸਿੰਘ ਸੀ.ਆਈ.ਏ.ਸਟਾਫ਼ ਫ਼ਰੀਦਕੋਟ ਨੇ ਦੱਸਿਆ ਕਿ ਚਹਿਲ ਰੋਡ, ਸਟੇਡੀਅਮ ਨਜ਼ਦੀਕ ਸੰਨੀ ਕੁਮਾਰ ਪੁੱਤਰ ਸੰਨੀ ਤੇ ਵਿਜੇ ਕੁਮਾਰ ਪੁੱਤਰ ਕਿਸ਼ੋਰ ਕੁਮਾਰ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਨ੍ਹਾਂ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 20 ਗ੍ਰਾਮ ਹੈਰੋਇਨ ਸਮੇਤ ਲਿਫਾਫ਼ਾ, 250 ਰੁਪਏ ਡਰੱਗ ਮਨੀ ਅਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ ਅਤੇ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਤੋਂ ਕੀਤੀ ਗਈ ਪੁੱਛਗਿੱਛ ਤੋਂ ਇਲਾਵਾ ਇਨ੍ਹਾਂ ਦੇ ਦੋ ਹੋਰ ਸਾਥੀ ਗੁਰਮੀਤ ਸਿੰਘ ਉਰਫ਼ ਬੋਬੀ ਪੁੱਤਰ ਬਲਵਿੰਦਰ ਸਿੰਘ ਅਤੇ ਰੋਹਿਤ ਕੁਮਾਰ ਪੁੱਤਰ ਰਾਜੇਸ਼ ਸਿੰਘ ਵਾਸੀ ਫ਼ਰੀਦਕੋਟ ਨੂੰ ਇਸ ਮਾਮਲੇ 'ਚ ਨਾਮਜ਼ਦ ਕੀਤਾ ਗਿਆ ਅਤੇ ਦੋਵਾਂ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |