ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੁਆਰਾ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਡਰੱਗ ਇੰਸਪੈਕਟਰਾਂ ਨਾਲ ਸਾਂਝੇ ਤੌਰ 'ਤੇ ਕਾਰਵਾਈ ਕਰਦੇ ਹੋਏ ਸਬ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਤੇ ਮਲੋਟ ਵਿਚ 39 ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਮੌਕੇ ਨਵੀਨ ਕੁਮਾਰ ਡੀ.ਐੱਸ.ਪੀ. (ਸ੍ਰੀ ਮੁਕਤਸਰ ਸਾਹਿਬ), ਅਰੁਣ ਮੁੰਡਨ ਡੀ.ਐੱਸ.ਪੀ. (ਗਿੱਦੜਬਾਹਾ) ਮੁੱਖ ਅਫ਼ਸਰਾਂ ਥਾਣਾ ਤੋਂ ਇਲਾਵਾ 120 ਦੇ ਕਰੀਬ ਪੁਲਿਸ ਅਧਿਕਾਰੀ/ਕਰਮਚਾਰੀ ਤੇ ਰਮਨਦੀਪ ਗੁਪਤਾ ਡਰੱਗ ਇੰਸਪੈਕਟਰ ਦੀਆਂ ਟੀਮਾਂ ਨੇ ਭਾਗ ਲਿਆ | ਟੀਮਾਂ ਵਲੋਂ ਮੈਡੀਕਲ ਸਟੋਰਾਂ 'ਤੇ ਪਹੁੰਚ ਕੇ ਦਵਾਈਆਂ ਦੇ ਸਟਾਕ ਰਜਿਸਟਰ, ਪਰਚੀ ਲਿਖ਼ਤ, ਮਾਨਤਾ ਪ੍ਰਾਪਤ ਲਾਇਸੰਸ, ਵਿਸ਼ੇਸ਼ ਤੌਰ 'ਤੇ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਸੰਬੰਧੀ ਰਿਕਾਰਡ ਜਾਂਚਿਆ ਗਿਆ | ਚੈਕਿੰਗ ਟੀਮਾਂ ਨੇ ਕੁਝ ਥਾਵਾਂ 'ਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਦਵਾਈਆਂ ਦੇ ਨਮੂਨੇ ਵੀ ਉਠਾਏ ਤੇ ਨਾਲ ਹੀ ਦਵਾਈਆਂ ਦੀ ਮਿਆਦ ਤੇ ਪੈਕਿੰਗ 'ਤੇ ਲਿਖੀ ਜਾਣਕਾਰੀ ਦੀ ਵੀ ਜਾਂਚ ਕੀਤੀ ਗਈ | ਇਹ ਚੈਕਿੰਗ ਸਿਰਫ਼ ਨਿਯਮਾਂ ਦੀ ਉਲੰਘਣਾ ਦੀ ਜਾਂਚ ਤੱਕ ਸੀਮਿਤ ਨਹੀਂ ਸੀ, ਸਗੋਂ ਇਸ ਦਾ ਮਕਸਦ ਜ਼ਿਲ੍ਹੇ ਵਿਚ ਨਸ਼ਿਆਂ ਦੀ ਉਪਲਬਧਤਾ 'ਤੇ ਨਿਗਰਾਨੀ ਰੱਖਣ ਦੇ ਨਾਲ-ਨਾਲ ਮੈਡੀਕਲ ਸਟੋਰਾਂ ਨੂੰ ਵੀ ਸੂਚਿਤ ਕਰਨਾ ਸੀ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਇਸ ਤਰ੍ਹਾਂ ਦੀਆਂ ਜਾਂਚਾਂ ਹੋਣਗੀਆਂ ਅਤੇ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਚੈਕਿੰਗ ਦੌਰਾਨ ਸਾਰੇ ਮੈਡੀਕਲ ਸਟੋਰਾਂ ਨੂੰ ਨਸ਼ਾ ਵਿਰੋਧੀ ਕਾਨੂੰਨ ਤੇ ਮੈਡੀਕਲ ਨਿਯਮਾਂ ਦੀ ਪੂਰੀ ਪਾਲਣਾ ਕਰਨ ਸੰਬੰਧੀ ਹਦਾਇਤਾਂ ਦਿੱਤੀਆਂ ਗਈਆਂ | ਕਿਸੇ ਵੀ ਗ਼ੈਰਕਾਨੂੰਨੀ ਕਾਰਵਾਈ ਦੀ ਜਾਣਕਾਰੀ ਮਿਲਣ 'ਤੇ ਤੁਰੰਤ ਅਤੇ ਸਖ਼ਤ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਗਈ | ਇਹ ਕਾਰਵਾਈ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦਾ ਹਿੱਸਾ ਹੈ | ਪੁਲਿਸ ਵਲੋਂ ਸਮਾਜ ਨੂੰ ਨਸ਼ੇ ਤੋਂ ਮੁਕਤ ਕਰਨ ਦੀ ਦਿਸ਼ਾ ਵਿਚ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ ਤੇ ਅਜਿਹੀਆਂ ਜਾਂਚਾਂ ਅੱਗੇ ਵੀ ਜਾਰੀ ਰਹਿਣਗੀਆਂ |